ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਸ਼ੁਰੂ ਕੀਤੀ ਜਾਂਚ
ਜਾਣਕਾਰੀ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਦੇ ਨਵਦੀਪ ਸਿੰਘ ਪੱਟੀ ਵੱਲੋਂ ਇਸ ਸਬੰਧੀ ਪੰਜਾਬ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਮੁਹਾਲੀ ਨੇ ਸ਼ਿਕਾਇਤ ਨੰਬਰ 415/2026 ਦਰਜ ਕਰਕੇ ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗ ਤੋਂ ਸਬੰਧਤ ਰਿਕਾਰਡ ਮੰਗਵਾਇਆ ਹੈ।
ਵਿਜੀਲੈਂਸ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਤੋਂ ਸਾਲ 2023 ਤੋਂ 2025 ਤੱਕ ਆਈਆਂ ਅਰਜ਼ੀਆਂ ਅਤੇ ਸਕੀਮ ਤਹਿਤ ਰਾਸ਼ੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦਾ ਪੂਰਾ ਵੇਰਵਾ ਵੀ ਤਲਬ ਕੀਤਾ ਹੈ।
10 ਲਾਭਪਾਤਰੀਆਂ ਦੇ ਖਾਤਿਆਂ ਵਿੱਚ 57 ਵਾਰ ਹੋਈ ਅਦਾਇਗੀ
ਇਸ ਮਾਮਲੇ ਵਿੱਚ ਸਭ ਤੋਂ ਅਹਿਮ ਗੱਲ ਇਹ ਸਾਹਮਣੇ ਆਈ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 10 ਅਜਿਹੇ ਲਾਭਪਾਤਰੀਆਂ ਦੀ ਪਛਾਣ ਹੋਣ ਦਾ ਦਾਅਵਾ ਕੀਤਾ ਗਿਆ ਹੈ, ਜਿਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆਸ਼ੀਰਵਾਦ ਸਕੀਮ ਤਹਿਤ ਵਾਰ-ਵਾਰ ਪੈਸੇ ਟਰਾਂਸਫਰ ਕੀਤੇ ਗਏ।
ਸ਼ਿਕਾਇਤ ਅਨੁਸਾਰ ਇਨ੍ਹਾਂ 10 ਲਾਭਪਾਤਰੀਆਂ ਦੇ ਖਾਤਿਆਂ ਵਿੱਚ ਕੁੱਲ 57 ਐਂਟਰੀਆਂ ਦਰਜ ਹਨ। ਇਨ੍ਹਾਂ ਵਿੱਚ ਜੋਬਨਦੀਪ ਸਿੰਘ ਦੇ ਖਾਤੇ ਵਿੱਚ 13 ਵਾਰ ਰਾਸ਼ੀ ਟਰਾਂਸਫਰ ਹੋਈ। ਖ਼ਾਸ ਗੱਲ ਇਹ ਹੈ ਕਿ 16 ਮਈ 2023 ਨੂੰ ਇੱਕੋ ਦਿਨ ਤਿੰਨ ਅਤੇ 21 ਅਗਸਤ 2023 ਨੂੰ ਛੇ ਵਾਰ ਰਾਸ਼ੀ ਟਰਾਂਸਫਰ ਕੀਤੀ ਗਈ।
ਇਸੇ ਤਰ੍ਹਾਂ ਬਲਜਿੰਦਰ ਕੌਰ ਅਤੇ ਮਨਜਿੰਦਰ ਕੌਰ ਦੇ ਖਾਤਿਆਂ ਵਿੱਚ ਅੱਠ-ਅੱਠ ਐਂਟਰੀਆਂ, ਜਦਕਿ ਵਿਕਰਮਜੀਤ ਸਿੰਘ ਅਤੇ ਗੁਰਮੀਤ ਕੌਰ ਦੇ ਖਾਤਿਆਂ ਵਿੱਚ ਛੇ-ਛੇ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ।
ਨਿਯਮਾਂ ਮੁਤਾਬਕ ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਹੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਇਸ ਲਈ ਇੱਕੋ ਲਾਭਪਾਤਰੀ ਦੇ ਖਾਤੇ ਵਿੱਚ ਵਾਰ-ਵਾਰ ਰਾਸ਼ੀ ਪਹੁੰਚਣ ਦੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜ ਜ਼ਿਲ੍ਹਿਆਂ ਤੱਕ ਵਧਾਇਆ ਜਾਂਚ ਦਾ ਘੇਰਾ
ਅੰਮ੍ਰਿਤਸਰ ਵਿੱਚ ਬੇਨਿਯਮੀਆਂ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਨੇ ਜਾਂਚ ਦਾ ਦਾਇਰਾ ਪੰਜ ਜ਼ਿਲ੍ਹਿਆਂ ਤੱਕ ਵਧਾ ਦਿੱਤਾ ਹੈ। ਮਾਨਸਾ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਫਾਜ਼ਿਲਕਾ ਵਿੱਚ ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਦੀ ਜਾਂਚ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ।
ਇਸ ਤੋਂ ਪਹਿਲਾਂ 6 ਅਕਤੂਬਰ ਨੂੰ ਵਿੱਤ ਵਿਭਾਗ ਦੇ ਵਧੀਕ ਡਾਇਰੈਕਟਰ (ਖ਼ਜ਼ਾਨਾ ਤੇ ਲੇਖਾ) ਵੱਲੋਂ ਇਸ ਮਾਮਲੇ ਸਬੰਧੀ ਮੀਟਿੰਗ ਵੀ ਕੀਤੀ ਗਈ ਸੀ, ਜਿਸ ਵਿੱਚ ਸਬੰਧਤ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਏ ਸਨ।
ਸ਼ਿਕਾਇਤਕਰਤਾ ਨਵਦੀਪ ਸਿੰਘ ਪੱਟੀ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਚਿਤਾਵਨੀ ਵੀ ਦਿੱਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਬੇਨਿਯਮੀਆਂ ਸਿਰਫ਼ ਅੰਮ੍ਰਿਤਸਰ ਤੱਕ ਸੀਮਤ ਨਹੀਂ ਹੋ ਸਕਦੀਆਂ, ਇਸ ਲਈ ਪੂਰੇ ਪੰਜਾਬ ਵਿੱਚ ਜਾਂਚ ਹੋਣੀ ਚਾਹੀਦੀ ਹੈ।
62 ਮਾਮਲਿਆਂ ਵਿੱਚ ਗਲਤ ਅਦਾਇਗੀ ਦੀ ਪੁਸ਼ਟੀ
ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗ ਦੀ ਡਾਇਰੈਕਟਰ ਵਿੰਮੀ ਭੁੱਲਰ ਮੁਤਾਬਕ ਵਿਭਾਗ ਵੱਲੋਂ ਆਪਣੇ ਪੱਧਰ ‘ਤੇ ਕਰਵਾਈ ਗਈ ਜਾਂਚ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ 62 ਮਾਮਲਿਆਂ ਵਿੱਚ ਗਲਤ ਅਦਾਇਗੀ ਹੋਣ ਦਾ ਪਤਾ ਲੱਗਾ ਹੈ।
ਉਨ੍ਹਾਂ ਦੱਸਿਆ ਕਿ ਹੋਰ ਚਾਰ ਜ਼ਿਲ੍ਹਿਆਂ ਵਿੱਚ ਵੀ ਜਾਂਚ ਕੀਤੀ ਗਈ, ਪਰ ਉੱਥੇ ਕੋਈ ਵੱਡੀ ਬੇਨਿਯਮੀ ਸਾਹਮਣੇ ਨਹੀਂ ਆਈ। ਵਿਭਾਗ ਵੱਲੋਂ ਹੁਣ ਪੂਰੇ ਪੰਜਾਬ ਵਿੱਚ ਆਸ਼ੀਰਵਾਦ ਸਕੀਮ ਦਾ ਆਡਿਟ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਇਸ ਗੜਬੜੀ ਵਿੱਚ ਹੇਠਲੇ ਪੱਧਰ ਦੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਬੰਧਤ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਕੀਮ ਦਾ ਗਲਤ ਲਾਭ ਲੈਣ ਵਾਲਿਆਂ ਤੋਂ ਰਾਸ਼ੀ ਵਾਪਸ ਵਸੂਲਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ।
ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੇ ਜਾਂਚ ਦੇ ਨਿਰਦੇਸ਼
ਇਸ ਮਾਮਲੇ ਸਬੰਧੀ ਸਮਾਜਿਕ ਨਿਆਂ ਅਤੇ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਵਿੱਚ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਜਾਂਚ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ ਸਨ। ਵਿਭਾਗ ਦੇ ਵਧੀਕ ਮੁੱਖ ਸਕੱਤਰ ਵੀ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਜਾਂਚ ਵਿੱਚ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਫਿਲਹਾਲ ਆਸ਼ੀਰਵਾਦ ਸਕੀਮ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਜਾਰੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਕਿੰਨੀ ਰਾਸ਼ੀ ਦੀ ਗਲਤ ਅਦਾਇਗੀ ਹੋਈ ਅਤੇ ਇਸ ਮਾਮਲੇ ਵਿੱਚ ਕੌਣ-ਕੌਣ ਜ਼ਿੰਮੇਵਾਰ ਹੈ।
