ਪੁਲਿਸ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ਹਿਰ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਰੋਕ ਲਗਾਈ ਗਈ ਹੈ। ਇਸ ਦੇ ਨਾਲ ਹੀ ਲਾਊਡਸਪੀਕਰਾਂ ਅਤੇ ਡੀਜੇ ਦੀ ਵਰਤੋਂ ‘ਤੇ ਵੀ ਪਾਬੰਦੀ ਰਹੇਗੀ। ਇਨ੍ਹਾਂ ਹੁਕਮਾਂ ਦਾ ਮਕਸਦ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਹੈ।
ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਦੀ ਵੈਰੀਫਿਕੇਸ਼ਨ ਲਾਜ਼ਮੀ
ਪੁਲਿਸ ਪ੍ਰਸ਼ਾਸਨ ਨੇ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਲਾਜ਼ਮੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪੀਜੀ (PG) ਸੰਚਾਲਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਅਤੇ ਉੱਥੇ ਰਹਿਣ ਵਾਲੇ ਸਾਰੇ ਵਿਅਕਤੀਆਂ ਦਾ ਪੂਰਾ ਰਿਕਾਰਡ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਹੋਟਲਾਂ, ਸਰਾਵਾਂ ਅਤੇ ਗੈਸਟ ਹਾਊਸਾਂ ਦੇ ਮਾਲਕਾਂ ਨੂੰ ਵੀ ਆਪਣੇ ਇੱਥੇ ਠਹਿਰਨ ਵਾਲੇ ਲੋਕਾਂ ਦੀ ਜਾਣਕਾਰੀ ਅਤੇ ਰਿਕਾਰਡ ਸੁਰੱਖਿਅਤ ਰੱਖਣਾ ਹੋਵੇਗਾ।
ਹਥਿਆਰਾਂ ਦੇ ਪ੍ਰਦਰਸ਼ਨ ਅਤੇ ਨਫ਼ਰਤੀ ਭਾਸ਼ਣ ‘ਤੇ ਰੋਕ
ਜਨਤਕ ਸਮਾਗਮਾਂ ਦੌਰਾਨ ਹਥਿਆਰਾਂ ਦਾ ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਹਥਿਆਰਾਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਵਜਾਉਣ ਦੀ ਵੀ ਮਨਾਹੀ ਹੋਵੇਗੀ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤੀ ਭਾਸ਼ਣ ਦੇਣ ‘ਤੇ ਵੀ ਸਖ਼ਤ ਰੋਕ ਰਹੇਗੀ।
ਮੋਡੀਫਾਈਡ ਸਾਈਲੈਂਸਰ ਅਤੇ ਡਰੋਨ ਉਡਾਉਣ ‘ਤੇ ਪਾਬੰਦੀ
ਸ਼ਹਿਰ ਵਿੱਚ ਤੇਜ਼ ਆਵਾਜ਼ ਪੈਦਾ ਕਰਨ ਵਾਲੇ ਮੋਡੀਫਾਈਡ ਬਾਈਕ ਸਾਈਲੈਂਸਰਾਂ ਦੀ ਵਰਤੋਂ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਸੈਂਟਰਲ ਜੇਲ੍ਹ ਦੇ 500 ਮੀਟਰ ਦੇ ਘੇਰੇ ਅੰਦਰ ਡਰੋਨ ਉਡਾਉਣ ਦੀ ਮਨਾਹੀ ਹੋਵੇਗੀ।
ਪੁਲਿਸ ਪ੍ਰਸ਼ਾਸਨ ਵੱਲੋਂ ਆਰਮਜ਼ ਡਿਪੂ ਦੇ ਆਲੇ-ਦੁਆਲੇ ਜਲਣਸ਼ੀਲ ਸਮੱਗਰੀ ਰੱਖਣ ਅਤੇ ਗੈਰ-ਕਾਨੂੰਨੀ ਉਸਾਰੀ ਕਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ।
11 ਫਰਵਰੀ 2027 ਤੱਕ ਲਾਗੂ ਰਹਿਣਗੇ ਹੁਕਮ
ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 14 ਨਵੰਬਰ 2026 ਤੋਂ 11 ਫਰਵਰੀ 2027 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
