ਇਸ ਮੀਟਿੰਗ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਖ਼ਾਸ ਤੌਰ ‘ਤੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ, ਗੈਂਗਸਟਰਾਂ ਦੀਆਂ ਵਧਦੀਆਂ ਸਰਗਰਮੀਆਂ ਅਤੇ ਸਰਹੱਦ ਪਾਰੋਂ ਅੱਤਵਾਦ ਦੇ ਖ਼ਤਰੇ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ।
ਨਸ਼ਿਆਂ ਅਤੇ ਗੈਂਗਸਟਰਾਂ ਦੇ ਮੁੱਦੇ ‘ਤੇ PM ਮੋਦੀ ਨਾਲ ਕੀਤੀ ਚਰਚਾ
‘ਦਿ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਇਸ ਮੁਲਾਕਾਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋਈ।
ਕੈਪਟਨ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਪ੍ਰਭਾਵ, ਗੈਂਗਸਟਰਾਂ ਦੀਆਂ ਸਰਗਰਮੀਆਂ ਅਤੇ ਪਾਕਿਸਤਾਨ ਦੀ ਸ਼ਹਿ ‘ਤੇ ਚੱਲ ਰਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੀਟਿੰਗ ਵਿੱਚ ਕੋਈ ਸਿਆਸੀ ਚਰਚਾ ਨਹੀਂ ਹੋਈ, ਸਗੋਂ ਪੰਜਾਬ ਨਾਲ ਸਬੰਧਤ ਗੰਭੀਰ ਮੁੱਦਿਆਂ ‘ਤੇ ਗੱਲਬਾਤ ਕੀਤੀ ਗਈ।
ਅਕਾਲੀ ਦਲ-BJP ਦੇ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਮੁਲਾਕਾਤ
ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ਦੀਆਂ ਚਰਚਾਵਾਂ ਤੇਜ਼ ਹਨ।
ਸਿਆਸੀ ਹਲਕਿਆਂ ਵਿੱਚ ਦੋਵਾਂ ਪਾਰਟੀਆਂ ਦੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੱਠਜੋੜ ਕਰਨ ਦੀਆਂ ਸੰਭਾਵਨਾਵਾਂ ਬਾਰੇ ਕਿਆਸ ਲਗਾਏ ਜਾ ਰਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਵਿਚਾਲੇ ਸੰਭਾਵਿਤ ਮੀਟਿੰਗਾਂ ਦੀ ਵੀ ਚਰਚਾ ਹੈ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਵੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੇ ਹੱਕ ਵਿੱਚ ਆਪਣੀ ਰਾਏ ਰੱਖਦੇ ਰਹੇ ਹਨ। ਇਸ ਕਾਰਨ ਮੌਜੂਦਾ ਸਿਆਸੀ ਹਾਲਾਤ ਵਿੱਚ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਹੋਈ ਮੁਲਾਕਾਤ ਨੂੰ ਖ਼ਾਸ ਨਜ਼ਰ ਨਾਲ ਦੇਖਿਆ ਜਾ ਰਿਹਾ ਹੈ।
ਸੋਨੀਆ ਗਾਂਧੀ ਦੀ ਕਿਤਾਬ ਦੇ ਰਿਲੀਜ਼ ਸਮਾਗਮ ਵਿੱਚ ਵੀ ਸ਼ਾਮਲ ਹੋਣਗੇ ਕੈਪਟਨ
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਆਗੂ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਦੇ ਰਿਲੀਜ਼ ਸਮਾਗਮ ਵਿੱਚ ਵੀ ਸ਼ਿਰਕਤ ਕਰਨਗੇ। ‘ਦਿ ਟ੍ਰਿਬਿਊਨ’ ਮੁਤਾਬਕ ਉਨ੍ਹਾਂ ਨੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ।ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਾਂ ਅਤੇ ਪਾਕਿਸਤਾਨ ਦੀ ਸ਼ਹਿ ’ਤੇ ਚੱਲ ਰਹੇ ਅਤਿਵਾਦ ਦੇ ਖ਼ਤਰੇ ਨਾਲ ਨਜਿੱਠਣ ਸਬੰਧੀ ਆਪਣਾ ਤਜਰਬਾ ਪ੍ਰਧਾਨ ਮੰਤਰੀ ਨਾਲ ਸਾਂਝਾ ਕੀਤਾ ਹੈ।
