ਨਿਤਿਨ ਨਬੀਨ ਆਪਣੇ ਇਸ ਦੌਰੇ ਦੌਰਾਨ ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਮੌਕੇ ਉਨ੍ਹਾਂ ਵੱਲੋਂ ਇੱਕ ਵਿਸ਼ਾਲ ਇਕੱਠ ਨੂੰ ਵੀ ਸੰਬੋਧਨ ਕੀਤਾ ਜਾਵੇਗਾ। ਹਾਲਾਂਕਿ, ਉਨ੍ਹਾਂ ਵੱਲੋਂ ਕਿਸੇ ਵੱਖਰੇ ਸਿਆਸੀ ਐਲਾਨ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਜਲੰਧਰ ਤੋਂ ਸ਼ੁਰੂ ਹੋਵੇਗੀ ਸਮਰਸਤਾ ਯਾਤਰਾ
ਜਾਣਕਾਰੀ ਅਨੁਸਾਰ ਇਹ ਯਾਤਰਾ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਦੇ ਨੇੜਿਓਂ ਸ਼ੁਰੂ ਹੋਵੇਗੀ ਅਤੇ 5 ਦਸੰਬਰ ਨੂੰ ਵਾਰਾਣਸੀ ਵਿਖੇ ਸਮਾਪਤ ਹੋਵੇਗੀ। ਇਸ ਯਾਤਰਾ ਰਾਹੀਂ ਸੰਤ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ ਅਤੇ ਭਾਈਚਾਰੇ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਇਸ ਯਾਤਰਾ ਦੌਰਾਨ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 46 ਸ਼ਹਿਰਾਂ ਨੂੰ ਕਵਰ ਕੀਤਾ ਜਾਵੇਗਾ।
ਡੇਰਾ ਸੱਚਖੰਡ ਬੱਲਾਂ ਤੋਂ ਹੋਵੇਗੀ ਸ਼ੁਰੂਆਤ
ਜ਼ਿਕਰਯੋਗ ਹੈ ਕਿ ਡੇਰਾ ਸੱਚਖੰਡ ਬੱਲਾਂ ਪੰਜਾਬ ਦੇ ਰਵਿਦਾਸੀਆ ਭਾਈਚਾਰੇ ਦਾ ਪ੍ਰਮੁੱਖ ਧਾਰਮਿਕ ਅਤੇ ਅਧਿਆਤਮਿਕ ਕੇਂਦਰ ਹੈ। ਜਲੰਧਰ ਦੇ ਨੇੜਲੇ ਪਿੰਡ ਬੱਲਾਂ ਵਿੱਚ ਸਥਿਤ ਇਸ ਡੇਰੇ ਦਾ ਭਾਈਚਾਰੇ ਦੇ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਲ ਹੀ ਵਿੱਚ ਇਸ ਡੇਰੇ ਦਾ ਦੌਰਾ ਕਰ ਚੁੱਕੇ ਹਨ। ਪੰਜਾਬ ਦੀ ਸਿਆਸਤ ਵਿੱਚ ਰਵਿਦਾਸੀਆ ਭਾਈਚਾਰੇ ਦੀ ਅਹਿਮ ਭੂਮਿਕਾ ਨੂੰ ਦੇਖਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਸ ਭਾਈਚਾਰੇ ਨਾਲ ਸੰਪਰਕ ਬਣਾਉਣ ਲਈ ਕਈ ਉਪਰਾਲੇ ਕੀਤੇ ਜਾਂਦੇ ਰਹੇ ਹਨ।
ਵਾਰਾਣਸੀ ਵਿੱਚ ਹੋਵੇਗਾ ਯਾਤਰਾ ਦਾ ਸਮਾਪਨ
ਇਸ ਯਾਤਰਾ ਦਾ ਸਮਾਪਨ ਵਾਰਾਣਸੀ ਵਿਖੇ ਹੋਵੇਗਾ, ਜੋ ਸੰਤ ਗੁਰੂ ਰਵਿਦਾਸ ਜੀ ਦਾ ਜਨਮ ਸਥਾਨ ਹੈ। ਇਸ ਦੇ ਨਾਲ ਹੀ ਵਾਰਾਣਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋਕ ਸਭਾ ਹਲਕਾ ਵੀ ਹੈ।
ਅਜਿਹੇ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਸ਼ੁਰੂ ਕੀਤੀ ਜਾ ਰਹੀ ਇਸ ਯਾਤਰਾ ਨੂੰ ਧਾਰਮਿਕ ਅਤੇ ਸਮਾਜਿਕ ਮਹੱਤਵ ਦੇ ਨਾਲ-ਨਾਲ ਸਿਆਸੀ ਪਹੁੰਚ ਵਧਾਉਣ ਦੇ ਉਪਰਾਲੇ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਹੁਣ ਦੇਖਣਾ ਹੋਵੇਗਾ ਕਿ 18 ਨਵੰਬਰ ਨੂੰ ਜਲੰਧਰ ਪਹੁੰਚਣ ‘ਤੇ ਨਿਤਿਨ ਨਬੀਨ ਆਪਣੇ ਸੰਬੋਧਨ ਦੌਰਾਨ ਪੰਜਾਬ ਦੀ ਸਿਆਸਤ ਅਤੇ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਕੀ ਕਹਿੰਦੇ ਹਨ।
