ਪ੍ਰਾਪਤ ਜਾਣਕਾਰੀ ਅਨੁਸਾਰ, ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਵਿੱਚ 15 ਤੋਂ 30 ਸਾਲ ਤੱਕ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਸ ਮੁਕਾਬਲੇ ਦਾ ਮੁੱਖ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਹੋਵੇਗਾ। ਮੁਕਾਬਲੇ ਵਿੱਚ ਪੰਜਾਬ ਦੇ ਇਤਿਹਾਸ, ਸੱਭਿਆਚਾਰ, ਭਾਸ਼ਾ ਅਤੇ ਵਿਰਸੇ ਨਾਲ ਜੁੜੇ ਸਵਾਲ ਪੁੱਛੇ ਜਾਣਗੇ।
ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ
ਇਸ ਮੁਕਾਬਲੇ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਜਿੱਤਣ ਵਾਲੇ ਮੁਕਾਬਲੇਬਾਜ਼ ਨੂੰ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਤੱਕ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਪਹਿਲ ਦਾ ਮਕਸਦ ਨੌਜਵਾਨਾਂ ਨੂੰ ਪੰਜਾਬ ਦੀ ਭਾਸ਼ਾ, ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨਾ ਹੈ।
ਨੌਜਵਾਨਾਂ ਨੂੰ ਪੰਜਾਬੀ ਵਿਰਸੇ ਨਾਲ ਜੋੜਨ ਦੀ ਕੋਸ਼ਿਸ਼
ਸਰਕਾਰ ਵੱਲੋਂ ਇਹ ਪਹਿਲ ਨੌਜਵਾਨਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਉਤਸ਼ਾਹਿਤ ਕਰਨ ਲਈ ਕੀਤੀ ਜਾ ਰਹੀ ਹੈ। ਇਸ ਮੁਕਾਬਲੇ ਰਾਹੀਂ ਨੌਜਵਾਨ ਆਪਣੀ ਜਾਣਕਾਰੀ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣਗੇ।
ਰਜਿਸਟ੍ਰੇਸ਼ਨ ਅਤੇ ਨਿਯਮਾਂ ਬਾਰੇ ਹੋਰ ਜਾਣਕਾਰੀ ਦੀ ਉਡੀਕ
ਫਿਲਹਾਲ ਮੁਕਾਬਲੇ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ, ਚੋਣ ਦੇ ਪੜਾਅ ਅਤੇ ਹੋਰ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਇਸ ਸਬੰਧੀ ਹੋਰ ਵੇਰਵੇ ਸਾਂਝੇ ਕੀਤੇ ਜਾਣ ਦੀ ਸੰਭਾਵਨਾ ਹੈ।
ਹੁਣ ਦੇਖਣਾ ਹੋਵੇਗਾ ਕਿ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸੂਬੇ ਦੇ ਨੌਜਵਾਨਾਂ ਲਈ ਕਿਹੋ ਜਿਹਾ ਮੌਕਾ ਲੈ ਕੇ ਆਉਂਦਾ ਹੈ ਅਤੇ ਕੌਣ ਇਸ ਮੁਕਾਬਲੇ ਰਾਹੀਂ ਇੱਕ ਕਰੋੜ ਰੁਪਏ ਦਾ ਇਨਾਮ ਜਿੱਤਣ ਵਿੱਚ ਕਾਮਯਾਬ ਹੁੰਦਾ ਹੈ।
