2 ਕਰੋੜ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼
ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਯਾਤਰਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਨਤਾ, ਭਗਤੀ, ਸਮਾਜਿਕ ਏਕਤਾ ਤੇ ਮਨੁੱਖਤਾ ਦੇ ਸੰਦੇਸ਼ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚਾਉਣਾ ਹੈ।
ਪਾਰਟੀ ਵੱਲੋਂ ਇਸ ਯਾਤਰਾ ਰਾਹੀਂ 2 ਕਰੋੜ ਤੋਂ ਵੱਧ ਲੋਕਾਂ ਤੱਕ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਾਂ ਨੂੰ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚੋਂ ਲੰਘੇਗੀ ਯਾਤਰਾ
ਕੇਵਲ ਸਿੰਘ ਢਿੱਲੋਂ ਅਨੁਸਾਰ, ਇਹ ਯਾਤਰਾ ਜਲੰਧਰ ਤੋਂ ਸ਼ੁਰੂ ਹੋ ਕੇ ਹੁਸ਼ਿਆਰਪੁਰ, ਮੁਕੇਰੀਆਂ, ਪਠਾਨਕੋਟ, ਬਟਾਲਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਲੁਧਿਆਣਾ, ਰੋਪੜ ਅਤੇ ਮੋਹਾਲੀ ਸਮੇਤ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਚੰਡੀਗੜ੍ਹ ਪਹੁੰਚੇਗੀ।
ਪੰਜਾਬ ਵਿੱਚ ਪੰਜ ਦਿਨਾਂ ਦੌਰਾਨ ਇਹ ਯਾਤਰਾ ਲਗਭਗ 700 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ ਅਤੇ 17 ਜ਼ਿਲ੍ਹਿਆਂ ਨੂੰ ਕਵਰ ਕਰੇਗੀ।
7 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹੋਣਗੇ ਪ੍ਰੋਗਰਾਮ
ਭਾਜਪਾ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਯਾਤਰਾ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚੋਂ ਲੰਘੇਗੀ। ਇਸ ਦੌਰਾਨ ਕੁੱਲ 46 ਸ਼ਹਿਰਾਂ ਨੂੰ ਕਵਰ ਕੀਤਾ ਜਾਵੇਗਾ।ਯਾਤਰਾ ਦੌਰਾਨ 29 ਵੱਡੇ ਸਮਾਗਮ ਅਤੇ 27 ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵੀ ਕਰਵਾਏ ਜਾਣਗੇ। ਪੰਜਾਬ ਤੋਂ ਬਾਅਦ ਇਹ ਯਾਤਰਾ ਹੋਰ ਰਾਜਾਂ ਵਿੱਚੋਂ ਹੁੰਦੀ ਹੋਈ ਉੱਤਰ ਪ੍ਰਦੇਸ਼ ਪਹੁੰਚੇਗੀ।
3 ਦਸੰਬਰ ਨੂੰ ਵਾਰਾਣਸੀ ਵਿਖੇ ਹੋਵੇਗਾ ਸਮਾਪਨ
‘ਸਮਰਸਤਾ ਸੰਕਲਪ ਯਾਤਰਾ’ ਦਾ ਅੰਤਿਮ ਪੜਾਅ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਹੋਵੇਗਾ। 3 ਦਸੰਬਰ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਯਾਤਰਾ ਦਾ ਸਮਾਪਨ ਕੀਤਾ ਜਾਵੇਗਾ।
ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਗੇਜਾ ਰਾਮ ਵਾਲਮੀਕਿ, ਸੁਸ਼ੀਲ ਰਿੰਕੂ, ਜਨਰਲ ਸਕੱਤਰ ਰਜਨੀਸ਼ ਧੀਮਾਨ, ਪੰਜਾਬ ਸਟੇਟ ਮੀਡੀਆ ਹੈੱਡ ਵਿਨੀਤ ਜੋਸ਼ੀ, ਐੱਸ.ਐੱਸ. ਚੰਨੀ ਅਤੇ ਐੱਸ.ਆਰ. ਲੱਧੜ ਵੀ ਮੌਜੂਦ ਰਹੇ।
