20 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ, ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ ਜਨਰਲ ਇਜਲਾਸ ਬੁਲਾਇਆ ਗਿਆ ਸੀ। ਇਸ ਦੌਰਾਨ ਮੈਂਬਰਾਂ ਦੀ ਹਾਜ਼ਰੀ ਵਿੱਚ ਪ੍ਰਧਾਨਗੀ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ‘ਤੇ ਸਹਿਮਤੀ ਬਣੀ ਅਤੇ ਉਨ੍ਹਾਂ ਨੂੰ ਛੇਵੀਂ ਵਾਰ ਇਹ ਜ਼ਿੰਮੇਵਾਰੀ ਸੌਂਪੀ ਗਈ।
ਸੁਖਬੀਰ ਬਾਦਲ ਨੂੰ ਸੌਂਪਿਆ ਗਿਆ ਸੀ ਉਮੀਦਵਾਰ ਚੁਣਨ ਦਾ ਅਧਿਕਾਰ
ਦੱਸ ਦੇਈਏ ਕਿ ਜਨਰਲ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਸੀ। ਇਸ ਮੀਟਿੰਗ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਸੀ।
ਮੀਟਿੰਗ ਦੌਰਾਨ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੇ ਉਮੀਦਵਾਰਾਂ ਦੀ ਚੋਣ ਕਰਨ ਦਾ ਅਧਿਕਾਰ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤਾ ਸੀ। ਸੁਖਬੀਰ ਬਾਦਲ ਨੇ ਮੈਂਬਰਾਂ ਨਾਲ ਸਮੂਹਿਕ ਅਤੇ ਨਿੱਜੀ ਤੌਰ ‘ਤੇ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਅ ਵੀ ਲਏ ਸਨ।
ਮੌਜੂਦਾ ਪ੍ਰਧਾਨ ਨੇ ਮੈਂਬਰਾਂ ਦਾ ਕੀਤਾ ਸੀ ਧੰਨਵਾਦ
ਇਸ ਮੀਟਿੰਗ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਬੋਧਨ ਕੀਤਾ ਸੀ। ਉਨ੍ਹਾਂ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਹਿਯੋਗ ਦੇਣ ਲਈ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਸੀ।
138 ਮੈਂਬਰਾਂ ਨੂੰ ਵੋਟ ਪਾਉਣ ਦਾ ਸੀ ਅਧਿਕਾਰ
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ 185 ਮੈਂਬਰੀ ਸਦਨ ਵਿੱਚੋਂ 39 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ, ਜਦਕਿ 5 ਮੈਂਬਰਾਂ ਨੇ ਅਸਤੀਫ਼ੇ ਦੇ ਦਿੱਤੇ ਸਨ ਅਤੇ 3 ਮੈਂਬਰਾਂ ‘ਤੇ ਰੋਕ ਲੱਗੀ ਹੋਈ ਸੀ। ਇਸ ਕਾਰਨ ਇਸ ਵਾਰ ਜਨਰਲ ਇਜਲਾਸ ਵਿੱਚ ਲਗਭਗ 138 ਮੈਂਬਰ ਵੋਟ ਪਾਉਣ ਦੇ ਯੋਗ ਸਨ।
