ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਕੁੰਦਰਾ ਬੀਤੇ ਸਮੇਂ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਆਏ ਸਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਆਪਣੀ ਬਣਾਈ ਜਾ ਰਹੀ ਫ਼ਿਲਮ ਸਬੰਧੀ ਵਿਚਾਰ ਸਾਂਝੇ ਕੀਤੇ ਸਨ, ਪਰ ਜਥੇਦਾਰ ਵੱਲੋਂ ਫ਼ਿਲਮ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।
ਰਾਜ ਕੁੰਦਰਾ ਨੂੰ ਦਿੱਤੀ ਗਈ ਸੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਕਾਪੀ
ਬਗੀਚਾ ਸਿੰਘ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਦੀ ਗੱਲ ਧਿਆਨ ਨਾਲ ਸੁਣੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫ਼ਿਲਮਾਂ ਸਬੰਧੀ 28 ਦਸੰਬਰ 2025 ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਨੰਬਰ ਅ:ਤ/242 ਦੀ ਕਾਪੀ ਵੀ ਦਿੱਤੀ ਗਈ ਸੀ।
ਇਸ ਆਦੇਸ਼ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ ਅਤੇ ਸ਼ਹੀਦਾਂ ਦੇ ਕਿਰਦਾਰਾਂ ਜਾਂ ਸਿੱਖ ਸੰਸਕਾਰਾਂ ਦੀ ਨਕਲ ਕਰਕੇ ਫ਼ਿਲਮਾਂ ਨਹੀਂ ਬਣਾਈਆਂ ਜਾ ਸਕਦੀਆਂ। ਇਸੇ ਤਰ੍ਹਾਂ ਸਿੱਖ ਇਤਿਹਾਸ ਦੇ ਵੱਖ-ਵੱਖ ਪਹਿਲੂਆਂ ‘ਤੇ ਆਧਾਰਿਤ ਫ਼ਿਲਮਾਂ, ਐਨੀਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਵੀਡੀਓ ਬਣਾਉਣ ‘ਤੇ ਵੀ ਰੋਕ ਸਬੰਧੀ ਆਦੇਸ਼ ਦਰਜ ਹੈ।
ਸਿੱਖ ਪਛਾਣ ਅਤੇ ਸਿਧਾਂਤਾਂ ਨੂੰ ਵੱਡੀਆਂ ਚੁਣੌਤੀਆਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਕਿਹਾ ਗਿਆ ਕਿ ਮੌਜੂਦਾ ਤਕਨਾਲੋਜੀ ਦੇ ਦੌਰ ਵਿੱਚ ਸਿੱਖ ਪਛਾਣ, ਰਵਾਇਤਾਂ, ਸਿਧਾਂਤਾਂ ਅਤੇ ਫ਼ਲਸਫ਼ੇ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਲਈ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ, ਗੁਰਦੁਆਰਾ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ ਤੇ ਪ੍ਰਸਾਰ ਨੂੰ ਕਾਇਮ ਰੱਖਣਾ ਅਤੇ ਪ੍ਰਫੁੱਲਿਤ ਕਰਨਾ ਬੇਹੱਦ ਜ਼ਰੂਰੀ ਹੈ।ਇਸ ਤੋਂ ਇਲਾਵਾ ਰਾਜ ਕੁੰਦਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਧਰਮ ਪ੍ਰਚਾਰ ਕਮੇਟੀ ਦੇ ਫ਼ਿਲਮਾਂ ਸਬੰਧੀ ਪਿਛਲੇ ਮਤੇ ਵੀ ਦਿੱਤੇ ਗਏ ਸਨ, ਤਾਂ ਜੋ ਉਹ ਇਨ੍ਹਾਂ ਨੂੰ ਧਿਆਨ ਵਿੱਚ ਰੱਖ ਸਕਣ।
ਗੁੰਮਰਾਹਕੁਨ ਪੋਸਟਾਂ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
ਬਗੀਚਾ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਕੁਝ ਅਣਅਧਿਕਾਰਤ ਖਾਤਿਆਂ ਰਾਹੀਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਦੀ ਫ਼ਿਲਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਗਲਤ ਅਤੇ ਗੁੰਮਰਾਹਕੁਨ ਦੱਸਿਆ ਹੈ।ਉਨ੍ਹਾਂ ਮੁਤਾਬਕ ਅਜਿਹੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨੂੰ ਫੈਲਾਉਣ ਵਾਲੇ ਖਾਤਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।
