ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਯਾਤਰਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੁੱਲ 1828 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਪਾਕਿਸਤਾਨ ਦੂਤਾਵਾਸ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 1822 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋ ਗਏ ਹਨ, ਜਦਕਿ 6 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ। ਐਡਵੋਕੇਟ ਧਾਮੀ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਲਈ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ।
21 ਅਤੇ 22 ਨਵੰਬਰ ਨੂੰ ਮਿਲਣਗੇ ਪਾਸਪੋਰਟ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗ ਚੁੱਕੇ ਹਨ, ਉਹ ਆਪਣੇ ਪਾਸਪੋਰਟ 21 ਨਵੰਬਰ ਅਤੇ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਆਪਣੇ ਪਾਸਪੋਰਟ ਪ੍ਰਾਪਤ ਕਰਨ ਦੀ ਅਪੀਲ ਕੀਤੀ।
1 ਦਸੰਬਰ ਨੂੰ ਭਾਰਤ ਪਰਤੇਗਾ ਜਥਾ
ਮਿਥੇ ਪ੍ਰੋਗਰਾਮ ਅਨੁਸਾਰ ਸਿੱਖ ਸ਼ਰਧਾਲੂਆਂ ਦਾ ਇਹ ਜਥਾ 22 ਨਵੰਬਰ ਨੂੰ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਦੌਰਾਨ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।
ਇਸ ਤੋਂ ਇਲਾਵਾ ਜਥੇ ਵੱਲੋਂ ਪਾਕਿਸਤਾਨ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਵੀ ਦਰਸ਼ਨ ਕੀਤੇ ਜਾਣਗੇ। ਧਾਰਮਿਕ ਯਾਤਰਾ ਪੂਰੀ ਕਰਨ ਤੋਂ ਬਾਅਦ ਇਹ ਜਥਾ 1 ਦਸੰਬਰ 2026 ਨੂੰ ਵਾਪਸ ਭਾਰਤ ਪਰਤੇਗਾ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੀ ਇਹ ਯਾਤਰਾ ਸਿੱਖ ਸੰਗਤ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ।
