ਮੁੱਢਲੀ ਜਾਣਕਾਰੀ ਮੁਤਾਬਕ, ਗੋਲੀਬਾਰੀ ਵਿੱਚ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸ ਕਤਲ ਦਾ ਸਬੰਧ ਕਿਸੇ ਸੋਚੀ-ਸਮਝੀ ਸਾਜ਼ਿਸ਼ ਜਾਂ ਸੰਗਠਿਤ ਅਪਰਾਧ ਨਾਲ ਹੋ ਸਕਦਾ ਹੈ।
ਵਾਲਮਾਰਟ ਦੇ ਬਾਹਰ ਕਿਵੇਂ ਵਾਪਰੀ ਵਾਰਦਾਤ?
ਜਾਣਕਾਰੀ ਅਨੁਸਾਰ ਇਹ ਘਟਨਾ 15 ਨਵੰਬਰ ਦੀ ਰਾਤ ਕਰੀਬ 10:38 ਵਜੇ ਵਾਪਰੀ। ਸਰੇ ਸ਼ਹਿਰ ਦੇ 88 ਐਵੇਨਿਊ ਅਤੇ 124 ਸਟ੍ਰੀਟ ਨੇੜੇ ਸਥਿਤ ਵਾਲਮਾਰਟ ਦੀ ਪਾਰਕਿੰਗ ਵਿੱਚ ਇੱਕ ਨੌਜਵਾਨ ਅਤੇ ਲੜਕੀ ਨੂੰ ਗੋਲੀਆਂ ਮਾਰੀਆਂ ਗਈਆਂ।ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਸਰੇ ਪੁਲਸ ਅਤੇ ਬ੍ਰਿਟਿਸ਼ ਕੋਲੰਬੀਆ ਦੀ ਐਮਰਜੈਂਸੀ ਹੈਲਥ ਸਰਵਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਜ਼ਖ਼ਮੀਆਂ ਦੀ ਜਾਨ ਬਚਾਉਣ ਲਈ ਪੁਲਸ ਮੁਲਾਜ਼ਮਾਂ ਅਤੇ ਮੈਡੀਕਲ ਟੀਮ ਨੇ CPR ਸਮੇਤ ਕਈ ਕੋਸ਼ਿਸ਼ਾਂ ਕੀਤੀਆਂ। ਇਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰ ਉਨ੍ਹਾਂ ਦੀ ਜਾਨ ਨਹੀਂ ਬਚਾ ਸਕੇ।
ਮਾਮਲੇ ਦੀ ਜਾਂਚ ਕਰ ਰਹੀ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਮੁਤਾਬਕ, ਗੋਲੀਬਾਰੀ ਦੀ ਘਟਨਾ ਤੋਂ ਕੁਝ ਸਮੇਂ ਬਾਅਦ ਪ੍ਰਿੰਸੈਸ ਡਰਾਈਵ ਦੇ 9700 ਬਲਾਕ ਵਿੱਚ ਇੱਕ ਵਾਹਨ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ।ਹਾਲਾਂਕਿ ਜਾਂਚ ਏਜੰਸੀ ਨੇ ਅਜੇ ਤੱਕ ਦੋਵਾਂ ਘਟਨਾਵਾਂ ਵਿਚਕਾਰ ਕਿਸੇ ਸਬੰਧ ਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਤਲ ਕਿਸੇ ਨਿੱਜੀ ਰੰਜਿਸ਼ ਦਾ ਨਤੀਜਾ ਹੈ ਜਾਂ ਇਸ ਪਿੱਛੇ ਸੰਗਠਿਤ ਅਪਰਾਧ ਨਾਲ ਜੁੜੇ ਲੋਕਾਂ ਦਾ ਹੱਥ ਹੈ।
ਪੁਲਸ ਨੇ ਕੀ ਕਿਹਾ?
IHIT ਦੀ ਅਫਸਰ ਸਾਰਜੈਂਟ ਫ੍ਰੇਡਾ ਫੋਂਗ ਨੇ ਕਿਹਾ ਕਿ ਇਸ ਘਟਨਾ ਨੇ ਦੋ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸਾਰੇ ਸੰਭਾਵਿਤ ਪਹਿਲੂਆਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ।
CBC ਨਿਊਜ਼ ਦੀ ਰਿਪੋਰਟ ਮੁਤਾਬਕ, ਮ੍ਰਿਤਕ ਗਗਨਪ੍ਰੀਤ ਰੇਹਲ ਦਾ ਨਾਮ ਪਹਿਲਾਂ ਹਥਿਆਰਾਂ ਨਾਲ ਸਬੰਧਤ ਮਾਮਲਿਆਂ ਵਿੱਚ ਪੁਲਸ ਰਿਕਾਰਡ ਵਿੱਚ ਆ ਚੁੱਕਾ ਸੀ। ਜਦਕਿ ਸੁਖਜੀਤ ਕੌਰ ਦੇ ਅਪਰਾਧਿਕ ਮਾਮਲਿਆਂ ਜਾਂ ਅਜਿਹੇ ਕਿਸੇ ਸੰਪਰਕ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
