ਜਾਣਕਾਰੀ ਮੁਤਾਬਕ ਇਹ ਵਾਰਦਾਤ ਮੰਗਲਵਾਰ ਰਾਤ ਕਰੀਬ 8:30 ਵਜੇ ਵਾਪਰੀ ਸੀ। ਲੱਕੀ ਠਾਕੁਰ ਖਾਣਾ ਖਾਣ ਤੋਂ ਬਾਅਦ ਗਲੀ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ।ਪੁਲਿਸ ਨੇ ਕਾਰਵਾਈ ਕਰਦਿਆਂ ਨਰਿੰਦਰ ਥਾਪਰ, ਦੀਪਕ ਰਾਣਾ ਅਤੇ ਗੁੜੀਆ ਨੂੰ ਫਤਿਹਗੜ੍ਹ ਸਾਹਿਬ ਨੇੜੇ ਇੱਕ ਢਾਬੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਤਿੰਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਕਤਲ ਦੇ ਪਿੱਛੇ ਦੀ ਪੂਰੀ ਸਾਜ਼ਿਸ਼ ਦਾ ਪਤਾ ਲਗਾਇਆ ਜਾ ਸਕੇ।
ਸ਼ਿਵ ਸੈਨਾ ਆਗੂ ਦੇ ਪੁੱਤਰ ‘ਤੇ 20-25 ਸਾਥੀਆਂ ਨਾਲ ਹਮਲਾ ਕਰਨ ਦਾ ਦੋਸ਼
ਮ੍ਰਿਤਕ ਲੱਕੀ ਠਾਕੁਰ ਦੇ ਭਰਾ ਮਨਮੋਹਨ ਨੇ ਦੋਸ਼ ਲਗਾਇਆ ਕਿ ਉਸ ਦਾ ਭਰਾ ਰਾਤ ਨੂੰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਇਸੇ ਦੌਰਾਨ ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਦੇ ਪੁੱਤਰ ਰਾਮ ਕ੍ਰਿਸ਼ਨ ਨੇ ਆਪਣੇ 20 ਤੋਂ 25 ਸਾਥੀਆਂ ਨਾਲ ਮਿਲ ਕੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਮਨਮੋਹਨ ਮੁਤਾਬਕ ਉਸ ਨੂੰ ਫੋਨ ਰਾਹੀਂ ਹਮਲੇ ਦੀ ਜਾਣਕਾਰੀ ਮਿਲੀ ਸੀ। ਜਦੋਂ ਉਹ ਮੌਕੇ ‘ਤੇ ਪਹੁੰਚਿਆ ਤਾਂ ਲੋਕਾਂ ਨੇ ਦੱਸਿਆ ਕਿ ਉਸ ਦੇ ਭਰਾ ‘ਤੇ ਹਮਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਉਹ ਲੱਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਪਹੁੰਚਿਆ।
ਨਸ਼ੇ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ, ਪਹਿਲਾਂ ਵੀ ਦਿੱਤੀ ਸੀ ਪੁਲਿਸ ਨੂੰ ਸ਼ਿਕਾਇਤ
ਮ੍ਰਿਤਕ ਦੇ ਭਰਾ ਨੇ ਕਤਲ ਪਿੱਛੇ ਪੁਰਾਣੀ ਰੰਜਿਸ਼ ਨੂੰ ਕਾਰਨ ਦੱਸਿਆ ਹੈ। ਉਸ ਦਾ ਦੋਸ਼ ਹੈ ਕਿ ਨਰਿੰਦਰ ਥਾਪਰ ਦੇ ਪਰਿਵਾਰ ਨਾਲ ਲੱਕੀ ਦਾ ਵਿਵਾਦ ਚੱਲ ਰਿਹਾ ਸੀ। ਲੱਕੀ ਨੇ ਦੋਸ਼ ਲਗਾਇਆ ਸੀ ਕਿ ਉਸ ਦੇ ਛੋਟੇ ਪੁੱਤਰ ਨੂੰ ਚਿੱਟੇ ਦੇ ਨਸ਼ੇ ਵੱਲ ਲਗਾਇਆ ਜਾ ਰਿਹਾ ਹੈ।ਇਸੇ ਗੱਲ ਨੂੰ ਲੈ ਕੇ ਦੋਵਾਂ ਪਰਿਵਾਰਾਂ ਵਿਚਾਲੇ ਕਰੀਬ 6 ਤੋਂ 7 ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਸੀ। ਮਨਮੋਹਨ ਅਨੁਸਾਰ ਲੱਕੀ ਵੱਲੋਂ ਇਸ ਮਾਮਲੇ ਵਿੱਚ ਥਾਣਾ ਨੰਬਰ 4 ਵਿਖੇ ਨਰਿੰਦਰ ਥਾਪਰ ਅਤੇ ਉਸ ਦੇ ਪੁੱਤਰ ਖ਼ਿਲਾਫ਼ ਸ਼ਿਕਾਇਤ ਵੀ ਦਿੱਤੀ ਗਈ ਸੀ। ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਇਸ ਸਬੰਧੀ ਮਾਮਲਾ ਅਦਾਲਤ ਵਿੱਚ ਵੀ ਚੱਲ ਰਿਹਾ ਹੈ।
ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਏਸੀਪੀ ਸੈਂਟਰਲ ਓਂਕਾਰ ਸਿੰਘ ਬਰਾੜ ਪੁਲਿਸ ਟੀਮ ਸਮੇਤ ਦੇਰ ਰਾਤ ਘਟਨਾ ਸਥਾਨ ‘ਤੇ ਪਹੁੰਚੇ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਅਤੇ ਹਮਲਾਵਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ।
ਮ੍ਰਿਤਕ ਦਾ ਵੀ ਰਿਹਾ ਸਿਆਸੀ ਪਿਛੋਕੜ
ਜਾਣਕਾਰੀ ਮੁਤਾਬਕ ਲੱਕੀ ਠਾਕੁਰ ਦੇ ਵੀ ਸਿਆਸੀ ਸਬੰਧ ਰਹੇ ਹਨ। ਉਹ ਪਹਿਲਾਂ ਨਰਿੰਦਰ ਥਾਪਰ ਨਾਲ ਸ਼ਿਵ ਸੈਨਾ ਵਿੱਚ ਆਗੂ ਵਜੋਂ ਕੰਮ ਕਰ ਚੁੱਕਾ ਸੀ। ਉਸ ਦੇ ਮੌਜੂਦਾ ਵਿਧਾਇਕ ਅਤੇ ਹੋਰ ਕਈ ਵੱਡੇ ਸਿਆਸੀ ਆਗੂਆਂ ਨਾਲ ਵੀ ਚੰਗੇ ਸਬੰਧ ਦੱਸੇ ਜਾ ਰਹੇ ਹਨ।
ਇਸ ਤੋਂ ਇਲਾਵਾ ਲੱਕੀ ਖ਼ਿਲਾਫ਼ ਵੀ ਕਈ ਅਪਰਾਧਿਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਹ ਇੱਕ ਮਾਮਲੇ ਵਿੱਚ 10 ਸਾਲ ਦੀ ਸਜ਼ਾ ਵੀ ਕੱਟ ਚੁੱਕਾ ਸੀ।ਫਿਲਹਾਲ ਪੁਲਿਸ ਵੱਲੋਂ ਤਿੰਨਾਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਜਾਂਚ ਤੋਂ ਬਾਅਦ ਹੀ ਕਤਲ ਦੀ ਪੂਰੀ ਵਜ੍ਹਾ, ਹਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਅਤੇ ਵੱਢੀਆਂ ਗਈਆਂ ਉਂਗਲਾਂ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਆ ਸਕੇਗੀ।
