ਦੱਸ ਦੇਈਏ ਕਿ ਕਰਤਾਰਪੁਰ ਲਾਂਘਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਦੇ ਨਾਰੋਵਾਲ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਾਲ ਜੋੜਦਾ ਹੈ। ਇਸ ਲਾਂਘੇ ਰਾਹੀਂ ਸਿੱਖ ਸ਼ਰਧਾਲੂ ਬਿਨਾਂ ਵੀਜ਼ੇ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਂਦੇ ਸਨ।
ਹਾਈਕੋਰਟ ਨੇ ਸੁਣਵਾਈ ਤੋਂ ਕਿਉਂ ਕੀਤਾ ਇਨਕਾਰ?
ਬੁੱਧਵਾਰ ਨੂੰ ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੂਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਪਿਛਲੇ ਸਾਲ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਲਾਂਘਾ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਸੀ।ਅਦਾਲਤ ਨੇ ਕਿਹਾ ਕਿ ਲਾਂਘਾ ਬੰਦ ਕਰਨਾ ਕੇਂਦਰ ਸਰਕਾਰ ਦਾ ਨੀਤੀਗਤ ਫ਼ੈਸਲਾ ਹੈ, ਜੋ ਦੇਸ਼ ਦੇ ਨਾਗਰਿਕਾਂ ਦੇ ਹਿੱਤ ਵਿੱਚ ਲਿਆ ਗਿਆ ਹੈ। ਇਸ ਲਈ ਸੰਵਿਧਾਨ ਦੇ ਆਰਟੀਕਲ 226 ਤਹਿਤ ਇਸ ਫ਼ੈਸਲੇ ਵਿੱਚ ਦਖ਼ਲ ਦੇਣ ਦਾ ਕੋਈ ਆਧਾਰ ਨਹੀਂ ਬਣਦਾ।ਹਾਲਾਂਕਿ, ਅਦਾਲਤ ਨੇ ਇਹ ਵੀ ਕਿਹਾ ਕਿ ਪਟੀਸ਼ਨ ਦਾਇਰ ਕਰਨ ਵਾਲੀ ਸੰਸਥਾ ਵੱਲੋਂ ਇਸ ਮੁੱਦੇ ਸਬੰਧੀ ਸਰਕਾਰ ਕੋਲ ਪਹਿਲਾਂ ਹੀ ਦਿੱਤੀ ਗਈ ਅਰਜ਼ੀ ‘ਤੇ ਸਬੰਧਤ ਅਧਿਕਾਰੀਆਂ ਨੂੰ ਵਿਚਾਰ ਕਰਨਾ ਚਾਹੀਦਾ ਹੈ।
ਅਮਿਤ ਸ਼ਾਹ ਨੇ ਵੀ ਲਾਂਘਾ ਖੋਲ੍ਹਣ ਨੂੰ ਲੈ ਕੇ ਦਿੱਤਾ ਸੀ ਬਿਆਨ
ਦੂਜੇ ਪਾਸੇ, ਕਰਤਾਰਪੁਰ ਲਾਂਘੇ ਨੂੰ ਲੈ ਕੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਸੀ।ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੇ ਐਲਾਨ ਮੌਕੇ ਅਮਿਤ ਸ਼ਾਹ ਨੇ ਕਿਹਾ ਸੀ ਕਿ ਕਰਤਾਰਪੁਰ ਸਾਹਿਬ ਲਾਂਘੇ ਦੀ ਮੰਗ ਆਜ਼ਾਦੀ ਦੇ ਸਮੇਂ ਤੋਂ ਹੀ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਇਸ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਜੇ ਉਸ ਸਮੇਂ ਸਹੀ ਫ਼ੈਸਲੇ ਲਏ ਜਾਂਦੇ ਤਾਂ ਕਰਤਾਰਪੁਰ ਸਾਹਿਬ ਭਾਰਤ ਦਾ ਹਿੱਸਾ ਹੁੰਦਾ।
ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘਾ ਬਣਾਇਆ ਸੀ, ਪਰ ਆਪ੍ਰੇਸ਼ਨ ਸਿੰਦੂਰ ਦੌਰਾਨ ਰਾਸ਼ਟਰੀ ਸੁਰੱਖਿਆ ਦੇ ਕਾਰਨਾਂ ਕਰਕੇ ਇਸ ਨੂੰ ਬੰਦ ਕਰਨਾ ਪਿਆ। ਉਨ੍ਹਾਂ ਭਰੋਸਾ ਦਿੱਤਾ ਕਿ ਹਾਲਾਤ ਆਮ ਹੋਣ ‘ਤੇ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇਗਾ।
ਸਿੱਖ ਸ਼ਰਧਾਲੂਆਂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ
ਦਿੱਲੀ ਹਾਈਕੋਰਟ ਵੱਲੋਂ PIL ‘ਤੇ ਸੁਣਵਾਈ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਹੁਣ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਉਮੀਦ ਕੇਂਦਰ ਸਰਕਾਰ ਦੇ ਫ਼ੈਸਲੇ ‘ਤੇ ਟਿਕੀ ਹੋਈ ਹੈ। ਲੱਖਾਂ ਸਿੱਖ ਸ਼ਰਧਾਲੂ ਲੰਬੇ ਸਮੇਂ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਉਡੀਕ ਕਰ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਇਸ ਸਬੰਧੀ ਅੱਗੇ ਕੀ ਫ਼ੈਸਲਾ ਲੈਂਦੀ ਹੈ।
