ਦੋ ਮਿੰਟ ਤੱਕ ਵੱਜਣਗੇ ਖ਼ਤਰੇ ਦੇ ਸਾਇਰਨ
ਮੌਕ ਡ੍ਰਿਲ ਦੀ ਸ਼ੁਰੂਆਤ 27 ਨਵੰਬਰ ਨੂੰ ਰਾਤ 8 ਵਜੇ ਹੋਵੇਗੀ। ਇਸ ਦੌਰਾਨ ਦੋ ਮਿੰਟ ਤੱਕ ਉੱਚੀ ਅਤੇ ਹੌਲੀ ਆਵਾਜ਼ ਵਾਲੇ ਸਾਇਰਨ ਵਜਾਏ ਜਾਣਗੇ। ਇਸ ਰਾਹੀਂ ਲੋਕਾਂ ਨੂੰ ਹਵਾਈ ਹਮਲੇ ਦੀ ਚਿਤਾਵਨੀ ਦੇਣ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ ਜਾਵੇਗਾ।ਇਸ ਤੋਂ ਬਾਅਦ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਸਿਵਲ ਡਿਫੈਂਸ ਕੰਟਰੋਲਰ ਵੱਲੋਂ ਚੁਣੇ ਗਏ ਇਲਾਕਿਆਂ ਵਿੱਚ ਸੰਕੇਤਕ ਬਲੈਕਆਊਟ ਕੀਤਾ ਜਾਵੇਗਾ। ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਲਈ ਕਿਹਾ ਗਿਆ ਹੈ। ਹਾਲਾਂਕਿ, ਹਸਪਤਾਲਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।
ਅੱਗ ਬੁਝਾਉਣ ਅਤੇ ਬਚਾਅ ਕਾਰਜਾਂ ਦਾ ਵੀ ਹੋਵੇਗਾ ਅਭਿਆਸ
ਇਸ ਮੌਕ ਡ੍ਰਿਲ ਦੌਰਾਨ ਸਿਰਫ਼ ਸਾਇਰਨ ਵਜਾਉਣ ਅਤੇ ਬਲੈਕਆਊਟ ਕਰਨ ਤੱਕ ਹੀ ਅਭਿਆਸ ਸੀਮਤ ਨਹੀਂ ਰਹੇਗਾ, ਸਗੋਂ ਵੱਖ-ਵੱਖ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀਆਂ ਤਿਆਰੀਆਂ ਵੀ ਪਰਖੀਆਂ ਜਾਣਗੀਆਂ।ਇਸ ਵਿੱਚ ਅੱਗ ਬੁਝਾਉਣ, ਤਲਾਸ਼ੀ ਅਤੇ ਬਚਾਅ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਵੀ ਜਾਂਚੀ ਜਾਵੇਗੀ।
ਇਸ ਦੇ ਨਾਲ ਹੀ ਆਵਾਜਾਈ ਅਤੇ ਭੀੜ ਨੂੰ ਕੰਟਰੋਲ ਕਰਨ ਸਬੰਧੀ ਪ੍ਰਬੰਧਾਂ ਦੀ ਵੀ ਪਰਖ ਹੋਵੇਗੀ। ਅਭਿਆਸ ਦੇ ਅੰਤ ਵਿੱਚ ਲਗਾਤਾਰ ਦੋ ਮਿੰਟ ਤੱਕ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ‘ਆਲ ਕਲੀਅਰ’ ਯਾਨੀ ਅਭਿਆਸ ਖ਼ਤਮ ਹੋਣ ਦਾ ਸੰਕੇਤ ਹੋਵੇਗਾ।
ਸਾਇਰਨ ਸੁਣ ਕੇ ਘਬਰਾਉਣ ਦੀ ਲੋੜ ਨਹੀਂ, ਪ੍ਰਸ਼ਾਸਨ ਦੀ ਅਪੀਲ
ਪ੍ਰਸ਼ਾਸਨ ਨੇ ਪੰਜਾਬ ਦੇ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ ਕਿ 27 ਨਵੰਬਰ ਨੂੰ ਰਾਤ 8 ਵਜੇ ਸਾਇਰਨ ਦੀ ਆਵਾਜ਼ ਸੁਣ ਕੇ ਘਬਰਾਉਣ ਦੀ ਲੋੜ ਨਹੀਂ ਹੈ। ਇਹ ਕਿਸੇ ਅਸਲ ਹਵਾਈ ਹਮਲੇ ਦੀ ਚਿਤਾਵਨੀ ਨਹੀਂ, ਸਗੋਂ ਨਾਗਰਿਕ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਲਈ ਕਰਵਾਈ ਜਾ ਰਹੀ ਮੌਕ ਡ੍ਰਿਲ ਹੈ।
ਇਸ ਅਭਿਆਸ ਦਾ ਮੁੱਖ ਉਦੇਸ਼ ਪੁਲਿਸ, ਪ੍ਰਸ਼ਾਸਨ, ਸਿਹਤ ਵਿਭਾਗ, ਫਾਇਰ ਬ੍ਰਿਗੇਡ ਅਤੇ ਹੋਰ ਸਬੰਧਤ ਵਿਭਾਗਾਂ ਵਿਚਾਲੇ ਤਾਲਮੇਲ ਮਜ਼ਬੂਤ ਕਰਨਾ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਸਮੇਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।ਇਸ ਲਈ 27 ਨਵੰਬਰ ਦੀ ਰਾਤ ਜੇਕਰ ਤੁਹਾਡੇ ਇਲਾਕੇ ਵਿੱਚ ਸਾਇਰਨ ਵੱਜਦੇ ਹਨ ਤਾਂ ਘਬਰਾਓ ਨਾ। ਇਹ ਸਿਰਫ਼ ਐਮਰਜੈਂਸੀ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਲਈ ਕੀਤਾ ਜਾ ਰਿਹਾ ਅਭਿਆਸ ਹੈ।
