ਜਾਣਕਾਰੀ ਮੁਤਾਬਕ, ਮੰਗਲਵਾਰ ਸ਼ਾਮ ਕਰੀਬ 4 ਵਜੇ ਫ਼ੌਜ ਦੇ ਦਫ਼ਤਰ ਤੋਂ ਹਰਮਨ ਨੂਰੀ ਦੇ ਪਰਿਵਾਰ ਨੂੰ ਫ਼ੋਨ ਆਇਆ। ਇਸ ਦੌਰਾਨ ਪਰਿਵਾਰ ਨੂੰ ਉਸ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਚਨਾ ਦਿੱਤੀ ਗਈ। ਇਹ ਖ਼ਬਰ ਸੁਣਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਤਿੰਨ ਸਾਲ ਪਹਿਲਾਂ ਅਗਨੀਵੀਰ ਯੋਜਨਾ ਤਹਿਤ ਹੋਇਆ ਸੀ ਭਰਤੀ
ਦੱਸਿਆ ਜਾ ਰਿਹਾ ਹੈ ਕਿ ਹਰਮਨ ਨੂਰੀ ਪੁੱਤਰ ਜਸਵੀਰ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਅਗਨੀਵੀਰ ਯੋਜਨਾ ਤਹਿਤ ਭਾਰਤੀ ਫ਼ੌਜ ਵਿੱਚ ਭਰਤੀ ਹੋਇਆ ਸੀ। ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਉਸ ਦੀ ਤਾਇਨਾਤੀ ਯੂਨਿਟ 20 ਪੰਜਾਬ ਦੇ ਤਹਿਤ ਜੰਮੂ ਵਿੱਚ ਹੋਈ ਸੀ। ਉਹ ਉੱਥੇ ਆਪਣੀ ਡਿਊਟੀ ਨਿਭਾ ਰਿਹਾ ਸੀ।
ਫ਼ੌਜੀ ਸਨਮਾਨ ਨਾਲ ਹੋਵੇਗਾ ਅੰਤਿਮ ਸੰਸਕਾਰ
ਪਿੰਡ ਦੇ ਸਰਪੰਚ ਨੇ ਦੱਸਿਆ ਕਿ ਫ਼ੌਜ ਦੇ ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਹਰਮਨ ਦੀ ਮੌਤ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜਵਾਨ ਦੀ ਮ੍ਰਿਤਕ ਦੇਹ ਨੂੰ ਫ਼ੌਜੀ ਅਧਿਕਾਰੀ ਪਿੰਡ ਲੈ ਕੇ ਆ ਰਹੇ ਹਨ। ਇੱਥੇ ਪੂਰੇ ਫ਼ੌਜੀ ਸਨਮਾਨ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।ਫ਼ਿਲਹਾਲ ਹਰਮਨ ਨੂਰੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। 24 ਸਾਲ ਦੀ ਉਮਰ ਵਿੱਚ ਦੇਸ਼ ਦੀ ਸੇਵਾ ਕਰ ਰਹੇ ਨੌਜਵਾਨ ਦੀ ਮੌਤ ਨਾਲ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
