ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਭੱਠਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਕਹਿ ਰਹੇ ਹਨ ਕਿ ਉਹ ਕਾਂਗਰਸ ਵਿੱਚ ਵਾਪਸ ਜਾਣ ਲਈ ਤਿਆਰ ਹਨ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਭਾਜਪਾ ਵਿੱਚ ਹੁਣ ਕੈਪਟਨ ਨੂੰ ਕੋਈ ਪੁੱਛ ਨਹੀਂ ਰਿਹਾ।
ਬੀਬੀ ਭੱਠਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੇ ਕਾਫ਼ੀ ਸਮਾਂ ਸੱਤਾ ਦਾ ਆਨੰਦ ਮਾਣਿਆ ਹੈ। ਹੁਣ ਉਨ੍ਹਾਂ ਨੂੰ ਮੁੜ ਸਿਆਸਤ ਵਿੱਚ ਸਰਗਰਮ ਹੋਣ ਦੀ ਇੱਛਾ ਨਹੀਂ ਰੱਖਣੀ ਚਾਹੀਦੀ।ਉਨ੍ਹਾਂ ਕਿਹਾ ਕਿ ਭਾਵੇਂ ਉਹ ਖ਼ੁਦ ਹੋਣ, ਕੈਪਟਨ ਅਮਰਿੰਦਰ ਸਿੰਘ ਹੋਣ ਜਾਂ ਕੋਈ ਹੋਰ ਆਗੂ, ਹੁਣ ਭਗਵਾਨ ਦਾ ਨਾਮ ਲੈਣ ਦਾ ਸਮਾਂ ਹੈ। ਬਹੁਤ ਰਾਜ ਕਰ ਲਿਆ, ਹੁਣ ਸੱਤਾ ਦੀ ਭੁੱਖ ਨਹੀਂ ਰੱਖਣੀ ਚਾਹੀਦੀ।
ਅਕਾਲੀ-ਭਾਜਪਾ ਗਠਜੋੜ ‘ਤੇ ਵੀ ਦਿੱਤਾ ਵੱਡਾ ਬਿਆਨ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗਠਜੋੜ ਬਾਰੇ ਬੋਲਦਿਆਂ ਬੀਬੀ ਭੱਠਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਪਹਿਲਾਂ ਵੀ ਗਠਜੋੜ ਹੁੰਦਾ ਰਿਹਾ ਹੈ। ਕਾਂਗਰਸ ਪਹਿਲਾਂ ਵੀ ਇਨ੍ਹਾਂ ਪਾਰਟੀਆਂ ਨੂੰ ਹਰਾ ਕੇ ਪੰਜਾਬ ਵਿੱਚ ਸਰਕਾਰ ਬਣਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਕਦੇ ਅਸਲ ਵਿੱਚ ਟੁੱਟਿਆ ਹੀ ਨਹੀਂ ਸੀ, ਸਗੋਂ ਪਿਛਲੇ ਸਮੇਂ ਦੌਰਾਨ ਸਿਰਫ਼ ਡਰਾਮਾ ਕੀਤਾ ਗਿਆ ਸੀ। ਉਨ੍ਹਾਂ ਮੁਤਾਬਕ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਨਾਲ ਕਾਂਗਰਸ ‘ਤੇ ਕੋਈ ਅਸਰ ਨਹੀਂ ਪਵੇਗਾ।
ਮੋਦੀ, ਭਗਵੰਤ ਮਾਨ ਅਤੇ ਕੇਜਰੀਵਾਲ ਦੇ ਵਾਅਦਿਆਂ ‘ਤੇ ਚੁੱਕੇ ਸਵਾਲ
ਬੀਬੀ ਭੱਠਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕਾਂ ਦੇ ਬੈਂਕ ਖਾਤਿਆਂ ਵਿੱਚ 15-15 ਲੱਖ ਰੁਪਏ ਪਾਉਣ ਦੇ ਵਾਅਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦੇ ਖਾਤਿਆਂ ਵਿੱਚ ਪੈਸੇ ਨਹੀਂ ਆਏ।ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਵਾਅਦਿਆਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕਈ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹਨ ਜਾਂ ਫਿਰ ਸਰਕਾਰੀ ਪੈਸਾ ਖ਼ਰਚ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ਮੀਨੀ ਪੱਧਰ ‘ਤੇ ਕੰਮ ਹੁੰਦਾ ਨਜ਼ਰ ਨਹੀਂ ਆ ਰਿਹਾ।
ਬੀਬੀ ਭੱਠਲ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਖ਼ਾਸ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸਤ ਛੱਡਣ ਅਤੇ ਭਗਵਾਨ ਦਾ ਨਾਮ ਲੈਣ ਦੀ ਦਿੱਤੀ ਸਲਾਹ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
