ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਤਾਜ਼ਾ ਰਿਪੋਰਟ ਮੁਤਾਬਕ, ਦਰਜ ਕੀਤੀਆਂ ਗਈਆਂ 7,159 ਘਟਨਾਵਾਂ ਵਿੱਚੋਂ 6,924 ਥਾਵਾਂ ਦਾ ਨਿਰੀਖਣ ਕੀਤਾ ਗਿਆ, ਜਦਕਿ 2,780 ਥਾਵਾਂ ‘ਤੇ ਪਰਾਲੀ ਸਾੜਨ ਦੀ ਪੁਸ਼ਟੀ ਹੋਈ ਹੈ। ਕਿਸਾਨਾਂ ਖ਼ਿਲਾਫ਼ ਜੁਰਮਾਨੇ ਤੋਂ ਇਲਾਵਾ ਐੱਫਆਈਆਰ ਅਤੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਵਰਗੀ ਕਾਰਵਾਈ ਵੀ ਕੀਤੀ ਗਈ ਹੈ।
2,484 ਕਿਸਾਨਾਂ ਨੂੰ ਲੱਗਿਆ 12.49 ਕਰੋੜ ਦਾ ਜੁਰਮਾਨਾ
ਰਿਪੋਰਟ ਅਨੁਸਾਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 2,484 ਕਿਸਾਨਾਂ ਨੂੰ ਵਾਤਾਵਰਨ ਮੁਆਵਜ਼ੇ ਵਜੋਂ ਕੁੱਲ 12 ਕਰੋੜ 49 ਲੱਖ 95 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਰਕਮ ਵਿੱਚੋਂ ਹੁਣ ਤੱਕ ਸਿਰਫ਼ 4 ਲੱਖ 52 ਹਜ਼ਾਰ ਰੁਪਏ ਹੀ ਵਸੂਲੇ ਜਾ ਸਕੇ ਹਨ।ਇਸ ਤੋਂ ਇਲਾਵਾ ਭਾਰਤੀ ਨਿਆਂ ਸੰਹਿਤਾ (BNS) 2023 ਦੀ ਧਾਰਾ 223 ਤਹਿਤ 2,188 ਮਾਮਲਿਆਂ ਵਿੱਚ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਉੱਥੇ ਹੀ 2,295 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਵੀ ਕੀਤੀ ਗਈ ਹੈ।
ਫਿਰੋਜ਼ਪੁਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਭ ਤੋਂ ਅੱਗੇ
ਜੇਕਰ ਜ਼ਿਲ੍ਹਾ ਵਾਰ ਅੰਕੜਿਆਂ ਦੀ ਗੱਲ ਕਰੀਏ ਤਾਂ ਫਿਰੋਜ਼ਪੁਰ ਵਿੱਚ ਸਭ ਤੋਂ ਵੱਧ 918 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਸੰਗਰੂਰ ਅਤੇ ਤਰਨਤਾਰਨ ਦਾ ਨੰਬਰ ਆਉਂਦਾ ਹੈ।
ਪ੍ਰਮੁੱਖ ਜ਼ਿਲ੍ਹਿਆਂ ਦੇ ਅੰਕੜੇ ਇਸ ਤਰ੍ਹਾਂ ਹਨ:
- ਫਿਰੋਜ਼ਪੁਰ – 918 ਮਾਮਲੇ
- ਸੰਗਰੂਰ – 810 ਮਾਮਲੇ
- ਤਰਨਤਾਰਨ – 711 ਮਾਮਲੇ
- ਬਠਿੰਡਾ – 650 ਮਾਮਲੇ
- ਪਟਿਆਲਾ – 445 ਮਾਮਲੇ
- ਮੋਗਾ – 417 ਮਾਮਲੇ
ਪਟਿਆਲਾ ਵਿੱਚ ਵੀ 267 ਥਾਵਾਂ ‘ਤੇ ਪਰਾਲੀ ਸਾੜਨ ਦੀ ਪੁਸ਼ਟੀ
ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ 445 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 441 ਥਾਵਾਂ ਦੀ ਜਾਂਚ ਕੀਤੀ ਗਈ ਅਤੇ 267 ਥਾਵਾਂ ‘ਤੇ ਪਰਾਲੀ ਸਾੜਨ ਦੀ ਪੁਸ਼ਟੀ ਹੋਈ ਹੈ।ਪ੍ਰਸ਼ਾਸਨ ਵੱਲੋਂ 234 ਮਾਮਲਿਆਂ ਵਿੱਚ 11.65 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ, ਜਿਸ ਵਿੱਚੋਂ 5.10 ਲੱਖ ਰੁਪਏ ਵਸੂਲੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 265 ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ ਅਤੇ 214 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 689 ਚੇਤਾਵਨੀ ਨੋਟਿਸ ਵੀ ਜਾਰੀ ਕੀਤੇ ਗਏ ਹਨ।
ਰਿਪੋਰਟ ਮੁਤਾਬਕ ਪੰਜਾਬ ਵਿੱਚ ਕੁੱਲ 32.87 ਲੱਖ ਹੈਕਟੇਅਰ ਝੋਨੇ ਦੇ ਰਕਬੇ ਵਿੱਚੋਂ 99.84 ਫੀਸਦੀ ਹਿੱਸੇ ਦੀ ਵਾਢੀ ਮੁਕੰਮਲ ਹੋ ਚੁੱਕੀ ਹੈ। ਇਸ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਜਾਰੀ ਰਹਿਣ ਕਾਰਨ ਵਾਤਾਵਰਨ ਅਤੇ ਹਵਾ ਦੀ ਗੁਣਵੱਤਾ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ।
ਲਾਪਰਵਾਹ ਅਧਿਕਾਰੀ ਵੀ ਸਰਕਾਰ ਦੇ ਨਿਸ਼ਾਨੇ ‘ਤੇ
ਸਰਕਾਰ ਵੱਲੋਂ ਸਿਰਫ਼ ਕਿਸਾਨਾਂ ਹੀ ਨਹੀਂ, ਸਗੋਂ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪੰਜਾਬ ਪੱਧਰ ‘ਤੇ ਅਜਿਹੇ 41 ਮਾਮਲਿਆਂ ਵਿੱਚ ਕਾਰਵਾਈ ਆਰੰਭੀ ਗਈ ਹੈ।ਹਾਲਾਂਕਿ ਰਿਪੋਰਟ ਵਿੱਚ ਕਿਸੇ ਅਧਿਕਾਰੀ ਦੇ ਮੁਅੱਤਲ ਹੋਣ ਜਾਂ ਚਲਾਨ ਕੱਟੇ ਜਾਣ ਸਬੰਧੀ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਇਹ ਸਾਰੇ ਅੰਕੜੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ 25 ਨਵੰਬਰ ਤੱਕ ਦੀ ਰਿਪੋਰਟ ‘ਤੇ ਆਧਾਰਿਤ ਹਨ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕਿੰਨੀ ਰੋਕ ਲੱਗਦੀ ਹੈ।
