ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸੇਵਾ ਤੀਰਥ ਵਿਖੇ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਅਹਿਮ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ ਸਰਕਾਰ 30 ਨਵੰਬਰ ਨੂੰ ਲੋਕ ਸਭਾ ਵਿੱਚ ਇਹ ਬਿੱਲ ਪੇਸ਼ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰ ਨੂੰ ਵੀ ਬਿੱਲ ‘ਤੇ ਹੋਣ ਵਾਲੀ ਬਹਿਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
ਔਰਤਾਂ ਨੂੰ ਮਿਲੇਗਾ 33 ਫ਼ੀਸਦੀ ਰਾਖਵਾਂਕਰਨ
ਸਰਕਾਰ ਦੇ ਇਸ ਫੈਸਲੇ ਦਾ ਮੁੱਖ ਮਕਸਦ ਲੋਕ ਸਭਾ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫ਼ੀਸਦੀ ਰਾਖਵੇਂਕਰਨ ਨੂੰ ਲਾਗੂ ਕਰਨ ਦਾ ਰਸਤਾ ਸਾਫ਼ ਕਰਨਾ ਹੈ। ਸਰਕਾਰ ਇਸ ਵਿਵਸਥਾ ਨੂੰ 2029 ਦੀਆਂ ਆਮ ਚੋਣਾਂ ਤੋਂ ਲਾਗੂ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਹੱਦਬੰਦੀ ਦੀ ਪ੍ਰਕਿਰਿਆ ਰਾਹੀਂ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਸੀਟਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਸਕਦਾ ਹੈ।
ਪ੍ਰਸਤਾਵਿਤ ਵਿਵਸਥਾ ਮੁਤਾਬਕ ਸੀਟਾਂ ਦੀ ਗਿਣਤੀ ਵਿੱਚ ਬਦਲਾਅ ਤੋਂ ਬਾਅਦ ਅਗਲੇ 25 ਸਾਲਾਂ ਤੱਕ ਕੋਈ ਹੋਰ ਬਦਲਾਅ ਨਾ ਕਰਨ ਦੀ ਗੱਲ ਵੀ ਸਾਹਮਣੇ ਆਈ ਹੈ। ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਦੇਸ਼ ਦੀ ਸੰਸਦੀ ਪ੍ਰਣਾਲੀ ਅਤੇ ਚੋਣਾਂ ਦਾ ਸਿਆਸੀ ਗਣਿਤ ਕਾਫ਼ੀ ਹੱਦ ਤੱਕ ਬਦਲ ਸਕਦਾ ਹੈ।
ਕਾਂਗਰਸ ਨੇ ਸਰਕਾਰ ਨੂੰ ਘੇਰਿਆ
ਦੂਜੇ ਪਾਸੇ, ਇਸ ਬਿੱਲ ਨੂੰ ਲੈ ਕੇ ਸਿਆਸੀ ਵਿਵਾਦ ਵੀ ਸ਼ੁਰੂ ਹੋ ਗਿਆ ਹੈ। ਕਾਂਗਰਸ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਹ ਹੱਦਬੰਦੀ ਅਤੇ ਮਹਿਲਾ ਰਾਖਵੇਂਕਰਨ ਨਾਲ ਜੁੜੇ ਬਿੱਲਾਂ ਨੂੰ ਅੱਗੇ ਵਧਾਉਣ ਲਈ ਗੁਪਤ ਤਰੀਕਿਆਂ ਨਾਲ ਬਹੁਮਤ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਾਰਟੀ ਨੇ ਆਪਣੇ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕਰ ਦਿੱਤਾ ਹੈ।ਕਾਂਗਰਸ ਦਾ ਸੰਸਦੀ ਰਣਨੀਤੀ ਸਮੂਹ ਵੀ ਦਿੱਲੀ ਵਿੱਚ ਮੀਟਿੰਗ ਕਰੇਗਾ, ਜਦਕਿ ਇੰਡੀਆ ਗਠਜੋੜ ਦੇ ਆਗੂ ਇਸ ਮੁੱਦੇ ‘ਤੇ ਆਪਣੀ ਰਣਨੀਤੀ ਤੈਅ ਕਰਨ ਲਈ ਸ਼ਨੀਵਾਰ ਨੂੰ ਬੈਠਕ ਕਰਨਗੇ।
ਬਿੱਲ ਪਾਸ ਕਰਵਾਉਣਾ ਸਰਕਾਰ ਲਈ ਹੋਵੇਗਾ ਚੁਣੌਤੀਪੂਰਨ
ਇਸ ਸੰਵਿਧਾਨਕ ਸੋਧ ਬਿੱਲ ਨੂੰ ਪਾਸ ਕਰਵਾਉਣ ਲਈ ਸਰਕਾਰ ਨੂੰ ਸੰਸਦ ਵਿੱਚ ਲੋੜੀਂਦਾ ਸਮਰਥਨ ਜੁਟਾਉਣਾ ਪਵੇਗਾ। ਜੇਕਰ ਸਾਰੇ 540 ਸੰਸਦ ਮੈਂਬਰ ਵੋਟਿੰਗ ਵਿੱਚ ਹਿੱਸਾ ਲੈਂਦੇ ਹਨ ਤਾਂ ਸਰਕਾਰ ਨੂੰ ਕੁਝ ਹੋਰ ਸਿਆਸੀ ਪਾਰਟੀਆਂ ਦੇ ਸਮਰਥਨ ਦੀ ਵੀ ਲੋੜ ਪੈ ਸਕਦੀ ਹੈ। ਇਸ ਮਾਮਲੇ ਵਿੱਚ ਡੀਐਮਕੇ, ਐਨਸੀਪੀ (ਸ਼ਰਦ ਪਵਾਰ ਧੜਾ) ਅਤੇ ਵਾਈਐਸਆਰਸੀਪੀ ਵਰਗੀਆਂ ਪਾਰਟੀਆਂ ਦਾ ਰੁਖ ਅਹਿਮ ਰਹੇਗਾ।
ਹੁਣ ਸਭ ਦੀਆਂ ਨਜ਼ਰਾਂ 30 ਨਵੰਬਰ ਨੂੰ ਲੋਕ ਸਭਾ ਵਿੱਚ ਪੇਸ਼ ਹੋਣ ਵਾਲੇ ਇਸ ਬਿੱਲ ‘ਤੇ ਟਿਕੀਆਂ ਹੋਈਆਂ ਹਨ। ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ 2029 ਦੀਆਂ ਆਮ ਚੋਣਾਂ ਤੋਂ ਪਹਿਲਾਂ ਦੇਸ਼ ਦੀ ਸਿਆਸਤ ਵਿੱਚ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੋ ਸਕਦੀ ਹੈ।
