ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਦੀ SIT ਅੱਗੇ ਪੇਸ਼ੀ।
Behbal Kalan firing case :ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੁੱਛਗਿੱਛ ਲਈ ਪੇਸ਼ ਹੋਏ। ਕਰੀਬ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਹੁਣ ਤੱਕ ਚਾਰ ਵਾਰ SIT ਅੱਗੇ ਪੇਸ਼ ਹੋ ਚੁੱਕੇ ਹਨ, ਪਰ ਜਾਂਚ ਵਿੱਚ ਕੁਝ ਵੀ ਸਾਹਮਣੇ ਨਹੀਂ ਆਇਆ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਾਰਾ ਮਾਮਲਾ ਸਿਆਸੀ ਮਕਸਦ ਨਾਲ ਚਲਾਇਆ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਆਪਣੇ ਮੁੱਖ ਮੰਤਰੀ ਨਾਲ ਜੁੜੀਆਂ ਬੇਅਦਬੀ ਦੀਆਂ ਵੀਡੀਓਜ਼ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਇਸ ਮਾਮਲੇ ਨੂੰ ਵਾਰ-ਵਾਰ ਉਠਾ ਰਹੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਕਿਸੇ ਕਤਲ ਦਾ ਮਾਮਲਾ ਹੋਵੇ ਤਾਂ ਪੁਲਿਸ ਕੁਝ ਹੀ ਸਮੇਂ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲੈਂਦੀ ਹੈ, ਪਰ ਬੇਅਦਬੀ ਦੀਆਂ ਘਟਨਾਵਾਂ ਨੂੰ ਦਸ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੁਰੂ ਸਾਹਿਬਾਨਾਂ ਅਤੇ ਸਿੱਖ ਭਾਵਨਾਵਾਂ ਦਾ ਅਪਮਾਨ ਕਰਨ ਦੇ ਗੰਭੀਰ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਜਦੋਂ ਇਹ ਮਾਮਲੇ ਸਾਹਮਣੇ ਆਏ ਤਾਂ ਸਰਕਾਰ ਲੋਕਾਂ ਦਾ ਧਿਆਨ ਭਟਕਾਉਣ ਲਈ ਉਨ੍ਹਾਂ ਨੂੰ ਵਾਰ-ਵਾਰ ਜਾਂਚ ਲਈ ਸੱਦ ਰਹੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਦੇ ‘ਤੇ CM ਮਾਨ ਨੂੰ ਘੇਰਿਆ
ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਨੇ ਗੁਰੂ ਘਰਾਂ ਵਿੱਚ ਪੁਲਿਸ ਭੇਜ ਕੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਵੀ ਟਕਰਾਅ ਵਾਲਾ ਰਵੱਈਆ ਅਪਣਾਇਆ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਹਨ। ਬਾਦਲ ਨੇ ਕਿਹਾ ਕਿ ਪੰਜਾਬ ਦੀ ਸੰਗਤ ਸਭ ਕੁਝ ਦੇਖ ਰਹੀ ਹੈ ਅਤੇ ਸਮਾਂ ਆਉਣ ‘ਤੇ ਲੋਕ ਅਜਿਹੀਆਂ ਕਾਰਵਾਈਆਂ ਦਾ ਢੁੱਕਵਾਂ ਜਵਾਬ ਦੇਣਗੇ।
ਕਿਸੇ ਦੇ ਦਬਾਅ ਅੱਗੇ ਨਹੀਂ ਝੁਕੇਗਾ ਅਕਾਲੀ ਦਲ: ਸੁਖਬੀਰ ਬਾਦਲ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨਾ ਡਰਿਆ ਹੈ ਅਤੇ ਨਾ ਹੀ ਝੁੱਕੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਭਗਵੰਤ ਮਾਨ ਸਰਕਾਰ ਸਿਆਸੀ ਮਕਸਦ ਨਾਲ ਸੰਮਨ ਜਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਤੱਕ ਚਾਰ ਵਾਰ ਐੱਸਆਈਟੀ ਅੱਗੇ ਪੇਸ਼ ਹੋ ਚੁੱਕੇ ਹਨ ਅਤੇ ਇਸ ਵਾਰ ਵੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਮੁੜ ਸੱਦਾ ਆਇਆ ਤਾਂ ਉਹ ਫਿਰ ਵੀ ਐੱਸਆਈਟੀ ਅੱਗੇ ਪੇਸ਼ ਹੋਣਗੇ, ਕਿਉਂਕਿ ਉਹ ਕਾਨੂੰਨੀ ਪ੍ਰਕਿਰਿਆ ਦਾ ਸਤਿਕਾਰ ਕਰਦੇ ਹਨ