ਚੰਡੀਗੜ੍ਹ: ਮਨਪ੍ਰੀਤ ਸਿੰਘ ਇਆਲੀ ਨੇ ਵਿਦਿਆਰਥੀਆਂ, ਨੌਜਵਾਨਾਂ, ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਦੇ ਮੁੱਦਿਆਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ ‘ਤੇ ਨੀਟ ਲੀਕ ਪੇਪਰ ਅਤੇ ਆਪਣਾ ਭਵਿੱਖ ਬਚਾਉਣ ਲਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਕੁੱਟਮਾਰ ਕਰਨਾ ਬੇਹੱਦ ਸ਼ਰਮਨਾਕ ਹੈ। ਕੇਂਦਰ ਸਰਕਾਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਤੁਰੰਤ ਅਸਤੀਫ਼ਾ ਲਵੇ ਤਾ ਜੋ ਵਿਦਿਆਰਥੀਆਂ ਅਤੇ ਨੌਜਵਾਨਾਂ ਅੰਦਰ ਦਿਨੋ ਦਿਨ ਵੱਧ ਰਹੇ ਰੋਸ ਨੂੰ ਦੂਰ ਕੀਤਾ ਜਾਵੇ।
ਇਆਲੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਆਰ.ਐਸ.ਐਸ. (RSS) ਦੀ ਕਥਿਤ ਦਖ਼ਲਅੰਦਾਜ਼ੀ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਵਿਦਿਆਰਥੀਆਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਾਰਤ-ਅਮਰੀਕਾ ਟਰੇਡ ਡੀਲ ਵਿੱਚ ਖੇਤੀਬਾੜੀ ਅਤੇ ਡੇਅਰੀ ਉਤਪਾਦਾਂ ਨੂੰ ਬਾਹਰ ਰੱਖਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮਨਰੇਗਾ ਮਜ਼ਦੂਰਾਂ ਨੂੰ ਨੌਕਰੀਆਂ ਤੋਂ ਕੱਢਣ ਅਤੇ ਉਨ੍ਹਾਂ ‘ਤੇ ਕੀਤੀ ਗਈ ਕਥਿਤ ਕਾਰਵਾਈ ਦੀ ਨਿੰਦਾ ਕਰਦਿਆਂ ਪੰਜਾਬ ਸਰਕਾਰ ਨੂੰ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ।