ਫਰੀਦਕੋਟ: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਸਾਦਿਕ ਰੋਡ ‘ਤੇ ਸ਼ੁੱਕਰਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਭਰਜਾਈਆਂ ਦੀ ਮੌਤ ਹੋ ਗਈ। ਦੋਵੇਂ ਔਰਤਾਂ ਹਰ ਰੋਜ਼ ਦੀ ਤਰ੍ਹਾਂ ਘਰ ਲਈ ਪੀਣ ਵਾਲਾ ਪਾਣੀ ਲੈਣ ਵਾਸਤੇ ਐਕਟਿਵਾ ‘ਤੇ ਸਵਾਰ ਹੋ ਕੇ ਨਹਿਰ ਵੱਲ ਜਾ ਰਹੀਆਂ ਸਨ। ਇਸ ਦੌਰਾਨ ਜਿਵੇਂ ਹੀ ਉਹ ਜਹਾਜ਼ ਗਰਾਊਂਡ, ਸਾਦਿਕ ਰੋਡ ਨੇੜੇ ਪਹੁੰਚੀਆਂ ਤਾਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਔਰਤਾਂ ਕਈ ਮੀਟਰ ਤੱਕ ਸੜਕ ‘ਤੇ ਘਸੀਟੀਆਂ ਗਈਆਂ ਅਤੇ ਉਨ੍ਹਾਂ ਦੇ ਸਿਰ ਸਮੇਤ ਸਰੀਰ ਦੇ ਕਈ ਹਿੱਸਿਆਂ ‘ਤੇ ਗੰਭੀਰ ਸੱਟਾਂ ਲੱਗੀਆਂ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਫਰੀਦਕੋਟ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵੇਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਸੰਜਨਾ (43),ਪਤਨੀ ਮਨਦੀਪ ਕੁਮਾਰਅਤੇ ਪੂਜਾ (49),ਪਤਨੀ ਮਨੋਜ ਕੁਮਾਰ ਵਜੋਂ ਹੋਈ ਹੈ।
ਹਾਦਸੇ ਤੋਂ ਤੁਰੰਤ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ, ਪੁਲਿਸ ਨੇ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੀ ਮਦਦ ਨਾਲ ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ, ਵਾਸੀ ਪਿੰਡ ਪਿੰਡੀ ਬਲੋਚਾਂ, ਕਸਬਾ ਸਾਦਿਕ, ਜ਼ਿਲ੍ਹਾ ਫਰੀਦਕੋਟ ਵਜੋਂ ਕਰ ਲਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 106 (ਲਾਪਰਵਾਹੀ ਨਾਲ ਮੌਤ) ਸਮੇਤ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾਂ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।