ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਰਤੀ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ ਅਤੇ ਸਰਕਾਰੀ ਭਰਤੀਆਂ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾ ਰਹੀਆਂ ਹਨ।ਮੁੱਖ ਮੰਤਰੀ ਨੇ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹੁਣ ਸਿਰਫ਼ ਮਿਹਨਤ, ਯੋਗਤਾ ਅਤੇ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ।
ਫਾਰਮੇਸੀ ਅਧਿਕਾਰੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਨਾਕਾਮ
ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਹਾਲ ਹੀ ਵਿੱਚ ਹੋਈ ਫਾਰਮੇਸੀ ਅਧਿਕਾਰੀ ਭਰਤੀ ਪ੍ਰੀਖਿਆ ਦੌਰਾਨ ਕੁਝ ਲੋਕਾਂ ਵੱਲੋਂ ਨਕਲ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਪੂਰੇ ਗਿਰੋਹ ਦਾ ਪਰਦਾਫਾਸ਼ ਕਰ ਦਿੱਤਾ।ਉਨ੍ਹਾਂ ਮੁਤਾਬਕ, ਕੁਝ ਲੋਕਾਂ ਨੇ ਹਾਈਟੈਕ ਪੈਨ ਕੈਮਰਾ, ਵਾਇਰਲੈੱਸ ਈਅਰਪੀਸ ਅਤੇ ਮੋਡੀਫਾਈਡ ਮੋਬਾਈਲ ਰਾਹੀਂ ਪ੍ਰੀਖਿਆ ਵਿੱਚ ਧੋਖਾਧੜੀ ਕਰਨ ਦੀ ਸਾਜ਼ਿਸ਼ ਰਚੀ ਸੀ।ਪੁਲਿਸ ਦੀ ਕਾਰਵਾਈ ਦੌਰਾਨ ਇਸ ਮਾਮਲੇ ਵਿੱਚ 31 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ 21 ਉਮੀਦਵਾਰ ਅਤੇ 10 ਹੈਂਡਲਰ ਸ਼ਾਮਲ ਹਨ।ਮਾਨ ਸਰਕਾਰ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਕਿਸੇ ਵੀ ਸਰਕਾਰੀ ਅਧਿਕਾਰੀ ਦੀ ਭੂਮਿਕਾ ਸਾਹਮਣੇ ਨਹੀਂ ਆਈ ਹੈ ਅਤੇ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਸੁਰੱਖਿਅਤ ਰਹੀ।
70 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: CM ਮਾਨ
ਸਰਕਾਰ ਨੇ ਇਸ ਕਾਰਵਾਈ ਨੂੰ ਆਪਣੀ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਅਤੇ ਤੁਰੰਤ ਫੈਸਲੇ ਦਾ ਨਤੀਜਾ ਦੱਸਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ।ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਨਕਲ ਮਾਫੀਆ ਅਤੇ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਅਤੇ ਸਰਕਾਰ ਭਵਿੱਖ ਵਿੱਚ ਵੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਰੱਖਣ ਲਈ ਵਚਨਬੱਧ ਹੈ।