Ind vs Zim T20I Series: ਟੀਮ ਇੰਡੀਆ ਨੇ ਜ਼ਿੰਬਾਬਵੇ ਨੂੰ ਤੀਜੇ ਅਤੇ ਆਖਰੀ ਟੀ-20 ਮੁਕਾਬਲੇ ਵਿੱਚ 35 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 3-0 ਨਾਲ ਆਪਣੇ ਨਾਂ ਕਰ ਲਈ। ਹਰਾਰੇ ਸਪੋਰਟਸ ਕਲੱਬ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 192 ਦੌੜਾਂ ਬਣਾਈਆਂ। ਜਵਾਬ ਵਿੱਚ ਜ਼ਿੰਬਾਬਵੇ ਦੀ ਟੀਮ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 157 ਦੌੜਾਂ ਹੀ ਬਣਾ ਸਕੀ।
ਭਾਰਤ ਦੀ ਜਿੱਤ ਦੇ ਸਭ ਤੋਂ ਵੱਡੇ ਹੀਰੋ ਨੌਜਵਾਨ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਰਹੇ, ਜਿਨ੍ਹਾਂ ਨੇ 49 ਗੇਂਦਾਂ ਵਿੱਚ 81 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਨ੍ਹਾਂ ਦੀ ਇਸ ਪਾਰੀ ਵਿੱਚ ਕਈ ਆਕਰਸ਼ਕ ਚੌਕੇ ਅਤੇ ਛੱਕੇ ਸ਼ਾਮਲ ਰਹੇ। ਉਨ੍ਹਾਂ ਨੂੰ ਈਸ਼ਾਨ ਕਿਸ਼ਨ (29) ਅਤੇ ਕਪਤਾਨ ਸ਼੍ਰੇਅਸ ਅਈਅਰ (27) ਦਾ ਵੀ ਚੰਗਾ ਸਾਥ ਮਿਲਿਆ।
ਹਾਲਾਂਕਿ,ਭਾਰਤ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਅਭਿਸ਼ੇਕ ਸ਼ਰਮਾ ਸਿਰਫ਼ 2 ਦੌੜਾਂ ਬਣਾ ਕੇ ਪੈਵਿਲੀਅਨ ਪਰਤ ਗਏ। ਇਸ ਤੋਂ ਬਾਅਦ ਵੈਭਵ ਸੂਰਿਆਵੰਸ਼ੀ ਅਤੇ ਈਸ਼ਾਨ ਕਿਸ਼ਨ ਨੇ ਦੂਜੇ ਵਿਕਟ ਲਈ 75 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਮਜ਼ਬੂਤ ਸਥਿਤੀ ਵਿੱਚ ਪਹੁੰਚਾਇਆ। ਈਸ਼ਾਨ ਦੇ ਆਊਟ ਹੋਣ ਤੋਂ ਬਾਅਦ ਵੈਭਵ ਨੇ ਕਪਤਾਨ ਸ਼੍ਰੇਅਸ ਅਈਅਰ ਨਾਲ 50 ਦੌੜਾਂ ਦੀ ਅਹਿਮ ਭਾਈਵਾਲੀ ਨਿਭਾਈ।192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਜ਼ਿੰਬਾਬਵੇ ਦੀ ਟੀਮ ਨਿਰਧਾਰਿਤ 20 ਓਵਰਾਂ ਵਿੱਚ 157 ਦੌੜਾਂ ਹੀ ਬਣਾ ਸਕੀ। ਭਾਰਤ ਵੱਲੋਂ ਤੇਜ਼ ਗੇਂਦਬਾਜ਼ ਮਯੰਕ ਯਾਦਵ ਨੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ 3 ਵਿਕਟਾਂ ਹਾਸਲ ਕੀਤੀਆਂ, ਜਦਕਿ ਯਸ਼ ਠਾਕੁਰ ਨੇ 2 ਵਿਕਟਾਂ ਆਪਣੇ ਨਾਂ ਕੀਤੀਆਂ।
ਇਸ ਜਿੱਤ ਨਾਲ ਭਾਰਤ ਨੇ ਨਾ ਸਿਰਫ਼ ਟੀ-20 ਸੀਰੀਜ਼ 3-0 ਨਾਲ ਕਲੀਨ ਸਵੀਪ ਕੀਤੀ, ਸਗੋਂ ਨੌਜਵਾਨ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਆਉਣ ਵਾਲੇ ਵੱਡੇ ਟੂਰਨਾਮੈਂਟਾਂ ਲਈ ਵੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ।