Balbir Singh Seechewal :ਪੰਜਾਬ ਵਿੱਚ ਕਾਨੂੰਨ-ਵਿਵਸਥਾ ਅਤੇ ਪੁਲਿਸ ਬਲ ਦੀ ਘਾਟ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਨੇ ਆਪਣੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਥਾਣਿਆਂ ਵਿੱਚ ਭੇਜਣ ਦੀ ਬੇਨਤੀ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਆਮ ਲੋਕਾਂ ਦੀ ਸੁਰੱਖਿਆ ਹੋਰ ਮਜ਼ਬੂਤ ਹੋ ਸਕਦੀ ਹੈ।ਪੱਤਰ ਵਿੱਚ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਲਈ ਕੁੱਲ 6 ਪੁਲਿਸ ਮੁਲਾਜ਼ਮ ਤਾਇਨਾਤ ਹਨ। ਇਨ੍ਹਾਂ ਵਿੱਚੋਂ ਤਿੰਨ ਉਨ੍ਹਾਂ ਦੇ ਜੱਦੀ ਪਿੰਡ ਸੀਚੇਵਾਲ ਵਿੱਚ ਹਨ। ਜਦਕਿ ਬਾਕੀ ਤਿੰਨ ਉਨ੍ਹਾਂ ਦੇ ਦੌਰਿਆਂ ਦੌਰਾਨ ਨਾਲ ਰਹਿੰਦੇ ਹਨ। ਉਨ੍ਹਾਂ ਅਨੁਸਾਰ, ਜੇ ਇਹ ਪੁਲਿਸ ਕਰਮਚਾਰੀ ਲੋਹੀਆਂ ਖਾਸ ਅਤੇ ਸੁਲਤਾਨਪੁਰ ਲੋਧੀ ਥਾਣਿਆਂ ਵਿੱਚ ਤਾਇਨਾਤ ਕੀਤੇ ਜਾਣ ਤਾਂ ਲੋਕਾਂ ਨੂੰ ਵੱਧ ਫ਼ਾਇਦਾ ਮਿਲੇਗਾ।
‘ਮੇਰੇ ਨਾਲੋਂ ਲੋਕਾਂ ਨੂੰ ਸੁਰੱਖਿਆ ਦੀ ਵੱਧ ਲੋੜ’ : ਸੀਚੇਵਾਲ
ਰਾਜ ਸਭਾ ਮੈਂਬਰ, ਪਦਮ ਸ਼੍ਰੀ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਨਾਲੋਂ ਆਮ ਲੋਕਾਂ ਨੂੰ ਸੁਰੱਖਿਆ ਦੀ ਵੱਧ ਲੋੜ ਹੈ। ਇਸ ਲਈ ਉਨ੍ਹਾਂ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਇਲਾਕੇ ਵਿੱਚ ਵੱਧ ਰਹੀਆਂ ਚੋਰੀਆਂ, ਲੁੱਟ-ਖੋਹ, ਨਸ਼ਿਆਂ ਅਤੇ ਪਵਿੱਤਰ ਵੇਈਂ ਦੇ ਆਲੇ-ਦੁਆਲੇ ਬਣ ਰਹੇ ਅਸੁਰੱਖਿਆ ਦੇ ਮਾਹੌਲ ‘ਤੇ ਵੀ ਚਿੰਤਾ ਜਤਾਈ।ਇਸ ਦੌਰਾਨ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਇੱਕ ਹੀ ਰਾਤ ਦੌਰਾਨ ਬਿਜਲੀ ਦੀਆਂ ਤਾਰਾਂ ਚੋਰੀ ਹੋਣ ਦੀਆਂ ਅੱਠ ਘਟਨਾਵਾਂ ਸਾਹਮਣੇ ਆਈਆਂ। ਇਸ ਸਬੰਧੀ ਉਹ ਪਹਿਲਾਂ ਵੀ ਪੁਲਿਸ ਨੂੰ ਜਾਣੂ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸੁਲਤਾਨਪੁਰ ਲੋਧੀ ਦੇ ਧਾਰਮਿਕ ਸਥਾਨਾਂ ਨੇੜੇ ਵੱਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਵੀ ਚਿੰਤਾ ਪ੍ਰਗਟਾਈ।
ਹੁਣ ਸਰਕਾਰ ਦੇ ਫੈਸਲੇ ‘ਤੇ ਨਜ਼ਰਾਂ
ਸੀਚੇਵਾਲ ਨੇ ਆਪਣੇ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ, ਜਲੰਧਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਭੇਜੀਆਂ ਹਨ।ਹੁਣ ਸਭ ਦੀਆਂ ਨਜ਼ਰਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਫੈਸਲੇ ‘ਤੇ ਟਿਕੀਆਂ ਹਨ। ਦੇਖਣਾ ਇਹ ਹੋਵੇਗਾ ਕਿ ਕੀ ਸੀਚੇਵਾਲ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਨਾਲ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਥਾਣਿਆਂ ਵਿੱਚ ਭੇਜਿਆ ਜਾਂਦਾ ਹੈ ਜਾਂ ਨਹੀਂ। ਇਸ ਦੇ ਨਾਲ ਹੀ, ਇਹ ਮਾਮਲਾ ਪੰਜਾਬ ਵਿੱਚ ਕਾਨੂੰਨ-ਵਿਵਸਥਾ, ਪੁਲਿਸ ਬਲ ਦੀ ਘਾਟ ਅਤੇ ਸਰਕਾਰੀ ਸਰੋਤਾਂ ਦੀ ਵਰਤੋਂ ਨੂੰ ਲੈ ਕੇ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ।