ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਮੌਜੂਦਾ ਸੁਰੱਖਿਆ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਖੋਲ੍ਹਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ।
ਕੇਂਦਰੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਸਿੱਖ ਧਾਰਮਿਕ ਸੰਗਠਨਾਂ ਵੱਲੋਂ ਲਾਂਘਾ ਮੁੜ ਚਾਲੂ ਕਰਨ ਲਈ ਕਈ ਪੱਤਰ ਪ੍ਰਾਪਤ ਹੋਏ ਹਨ, ਪਰ ਸੁਰੱਖਿਆ ਨੂੰ ਪਹਿਲ ਦੇਣ ਕਾਰਨ ਇਸ ਨੂੰ ਬੰਦ ਰੱਖਣ ਦਾ ਫੈਸਲਾ ਜਾਰੀ ਰਹੇਗਾ। ਇਹ ਮਾਮਲਾ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵੀ ਉਠਾਇਆ ਗਿਆ ਸੀ, ਜਿਸ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਨੇ ਆਪਣਾ ਰੁਖ ਸਪੱਸ਼ਟ ਕੀਤਾ।
ਵਿਦੇਸ਼ ਮੰਤਰਾਲੇ ਅਨੁਸਾਰ 7 ਮਈ 2025 ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਲਾਂਘੇ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ ਅਤੇ ਉਦੋਂ ਤੋਂ ਇਹ ਲਾਂਘਾ ਬੰਦ ਹੈ। ਇਸ ਦੌਰਾਨ ਸਿੱਖ ਭਾਈਚਾਰੇ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲਾਂਘਾ ਜਲਦੀ ਤੋਂ ਜਲਦੀ ਮੁੜ ਖੋਲ੍ਹਿਆ ਜਾਵੇ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਮੌਜੂਦਾ ਸੁਰੱਖਿਆ ਸਥਿਤੀ ਵਿੱਚ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ।
ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ 24 ਅਕਤੂਬਰ 2019 ਨੂੰ ਹੋਏ ਸਮਝੌਤੇ ਤਹਿਤ ਕਰਤਾਰਪੁਰ ਲਾਂਘਾ ਸ਼ੁਰੂ ਕੀਤਾ ਗਿਆ ਸੀ, ਜਿਸ ਨਾਲ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਵੀਜ਼ਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਸਹੂਲਤ ਮਿਲੀ ਸੀ। ਹੁਣ ਲਾਂਘਾ ਬੰਦ ਰਹਿਣ ਕਾਰਨ ਹਜ਼ਾਰਾਂ ਸ਼ਰਧਾਲੂ ਇਸ ਇਤਿਹਾਸਕ ਧਾਰਮਿਕ ਅਸਥਾਨ ਦੇ ਦਰਸ਼ਨਾਂ ਤੋਂ ਵਾਂਝੇ ਹਨ ਅਤੇ ਉਹ ਸਰਕਾਰ ਤੋਂ ਜਲਦ ਲਾਂਘਾ ਮੁੜ ਖੋਲ੍ਹਣ ਦੀ ਉਮੀਦ ਕਰ ਰਹੇ ਹਨ।