ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਨੂੰ ਅਗਲੇ ਪੰਜ ਸਾਲਾਂ ਲਈ ਜਾਰੀ ਰੱਖਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਫ਼ੈਸਲਾ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸੇ ਦੌਰਾਨ ਕੇਂਦਰੀ ਕੈਬਨਿਟ ਨੇ ਵਿੱਤੀ ਸਾਲ 2026-27 ਤੋਂ 2030-31 ਤੱਕ ਯੋਜਨਾ ਜਾਰੀ ਰੱਖਣ ਲਈ 3.15 ਲੱਖ ਕਰੋੜ ਰੁਪਏ ਦੇ ਵਿੱਤੀ ਪ੍ਰਬੰਧ ਨੂੰ ਮਨਜ਼ੂਰੀ ਦਿੱਤੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਕਰੋੜਾਂ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਮਿਲਦੀ ਰਹੇਗੀ। ਇਹ ਰਕਮ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਖੇਤੀ ਵਿੱਚ ਨਿਵੇਸ਼ ਕਰਨ ਦੀ ਸਮਰੱਥਾ ਵਧੇਗੀ ਅਤੇ ਖੇਤੀ ਨਾਲ ਜੁੜੇ ਆਰਥਿਕ ਜੋਖਮ ਘਟਣਗੇ।ਉਨ੍ਹਾਂ ਦੱਸਿਆ ਕਿ ਫਰਵਰੀ 2019 ਵਿੱਚ ਸ਼ੁਰੂ ਕੀਤੀ ਗਈ ਇਹ ਯੋਜਨਾ ਦੇਸ਼ ਦੀਆਂ ਸਭ ਤੋਂ ਵੱਡੀਆਂ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਯੋਜਨਾਵਾਂ ਵਿੱਚੋਂ ਇੱਕ ਹੈ। ਹੁਣ ਤੱਕ 23 ਕਿਸ਼ਤਾਂ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ 4.7 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੇਂਡੂ ਅਰਥਚਾਰੇ ਨੂੰ ਵੀ ਮਜ਼ਬੂਤੀ ਦੇ ਰਹੀ ਹੈ।
ਇਸ ਤੋਂ ਇਲਾਵਾ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੀਆਂ ਫ਼ਸਲਾਂ ‘ਤੇ ਰਿਕਾਰਡ ਘੱਟੋ-ਘੱਟ ਸਮਰਥਨ ਮੁੱਲ (MSP) ਦੇ ਰਹੀ ਹੈ। ਇਸ ਦੇ ਨਾਲ ਹੀ ਸਰਕਾਰੀ ਖ਼ਰੀਦ ਅਤੇ ਭੁਗਤਾਨ ਦੀ ਪ੍ਰਕਿਰਿਆ ਵੀ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਰੀਆ ਅਤੇ ਡੀਏਪੀ ਖਾਦ ‘ਤੇ ਦਿੱਤੀ ਜਾ ਰਹੀ ਸਬਸਿਡੀ ਨਾਲ ਵੀ ਕਿਸਾਨਾਂ ਦੀ ਖੇਤੀ ਲਾਗਤ ਘਟਾਉਣ ਵਿੱਚ ਮਦਦ ਮਿਲ ਰਹੀ ਹੈ।ਕੇਵਲ ਸਿੰਘ ਢਿੱਲੋਂ ਨੇ ਮੋਦੀ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ।