Punjab Assembly Monsoon Session Updates : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਬੇਅਦਬੀ ਕਾਨੂੰਨ ਵਿੱਚ ਸੋਧ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉੱਠਿਆ। ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਸਿਫ਼ਰ ਕਾਲ ਦੌਰਾਨ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਸ ਕਾਨੂੰਨ ਵਿੱਚ ਸੋਧ ਕਰਨ ਤੋਂ ਲਗਾਤਾਰ ਪਿੱਛੇ ਹਟ ਰਹੀ ਹੈ।
ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਸਦਨ ਵਿੱਚ ਮੌਜੂਦ ਸਾਰੇ ਸਿੱਖ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋਏ ਸਨ ਅਤੇ ਉਨ੍ਹਾਂ ਨੇ ਐਕਟ ਵਿੱਚ ਸੋਧ ਕਰਨ ਦਾ ਭਰੋਸਾ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਦਾ ਦਾਅਵਾ ਹੈ ਕਿ ਸਰਕਾਰ ਨੇ ਅੱਜ ਤੱਕ ਇਸ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਕੋਈ ਤਾਲਮੇਲ ਨਹੀਂ ਕੀਤਾ।
Shiromani Akali Dal MLA Ganieve Kaur Majithia slams @AAPPunjab in Vidhan Sabha over the Jaagat Jot Sri Guru Granth Sahib Satkar (Amendment) Act, 2026 ~ ask why #AkalTakhtSahib, @SGPCAmritsar and key Panthic leaders WERE NOT consulted before drafting the Bill?
She also raised… pic.twitter.com/XFoOR5TkF5
— Shiromani Akali Dal (@Akali_Dal_) August 5, 2026
ਇਸ ਦੌਰਾਨ ਗਨੀਵ ਕੌਰ ਮਜੀਠੀਆ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕਾਂ ਨੂੰ “ਸੰਗਤ” ਕਹਿਣ ‘ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾ ਅਨੁਸਾਰ ਸੰਗਤ ਉਹ ਹੁੰਦੀ ਹੈ ਜੋ ਗੁਰਦੁਆਰੇ ਜਾਂ ਧਾਰਮਿਕ ਅਸਥਾਨ ‘ਤੇ ਬੈਠ ਕੇ ਗੁਰਬਾਣੀ ਦਾ ਵਿਚਾਰ ਕਰਦੀ ਹੈ, ਜਦਕਿ ਵਿਧਾਨ ਸਭਾ ਵਿੱਚ ਲੋਕਾਂ ਦੇ ਚੁਣੇ ਹੋਏ ਵਿਧਾਇਕ ਅਤੇ ਮੰਤਰੀ ਬੈਠਦੇ ਹਨ।
ਸਦਨ ਵਿੱਚ ਹੋਈ ਤਿੱਖੀ ਬਹਿਸ
ਗਨੀਵ ਕੌਰ ਮਜੀਠੀਆ ਦੇ ਬਿਆਨ ਤੋਂ ਬਾਅਦ ਸਦਨ ਦਾ ਮਾਹੌਲ ਗਰਮਾ ਗਿਆ। ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਜਦਕਿ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੀ ਮਜੀਠੀਆ ਦੇ ਸਮਰਥਨ ਵਿੱਚ ਖੜ੍ਹੇ ਹੋ ਗਏ। ਉਨ੍ਹਾਂ ਨੇ ਸਰਕਾਰ ਤੋਂ ਸਵਾਲ ਕੀਤਾ ਕਿ ਆਖ਼ਿਰ ਬੇਅਦਬੀ ਕਾਨੂੰਨ ਵਿੱਚ ਸੋਧ ਕਦੋਂ ਕੀਤੀ ਜਾਵੇਗੀ।
AAP ਨੇ ਬਾਦਲ ਪਰਿਵਾਰ ‘ਤੇ ਲਗਾਏ ਦੋਸ਼
ਉੱਥੇ ਹੀ, ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲਾ ਬਾਦਲ ਪਰਿਵਾਰ ਰਿਹਾ ਹੈ। ਇਸ ਤੋਂ ਬਾਅਦ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਸਿੱਖ ਰਹਿਤ-ਰੀਤਾਂ ਅਤੇ ਇਸ ਨਾਲ ਜੁੜੇ ਮੁੱਦਿਆਂ ਬਾਰੇ ਹੋਰ ਜਾਣਕਾਰੀ ਇਕੱਠੀ ਕਰਨਗੇ।
ਸਿਆਸੀ ਮਾਹੌਲ ਹੋਇਆ ਗਰਮ
ਬੇਅਦਬੀ ਕਾਨੂੰਨ ਵਿੱਚ ਸੋਧ ਦੇ ਮੁੱਦੇ ‘ਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਨੋਕਝੋਕ ਦੇਖਣ ਨੂੰ ਮਿਲੀ। ਫਿਲਹਾਲ, ਇਹ ਮਾਮਲਾ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ‘ਤੇ ਹੋਰ ਸਿਆਸੀ ਬਿਆਨਬਾਜ਼ੀ ਹੋਣ ਦੀ ਸੰਭਾਵਨਾ ਹੈ।