ਨਵੀਂ ਦਿੱਲੀ: ਸੰਸਦ ਦੇ ਮੌਜੂਦਾ ਇਜਲਾਸ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਦੀਆਂ ਨਦੀਆਂ ਅਤੇ ਜਲ ਸਰੋਤਾਂ ਦੀ ਸੰਭਾਲ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਨੇ ਰਾਜ ਸਭਾ ਵਿੱਚ ‘ਵਿਸ਼ੇਸ਼ ਉਲੇਖ’ ਰਾਹੀਂ ਨਦੀਆਂ ‘ਤੇ ਹੋ ਰਹੇ ਨਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਉਣ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਮੰਗ ਕੀਤੀ।ਸੰਤ ਸੀਚੇਵਾਲ ਨੇ ਕਿਹਾ ਕਿ ਦੇਸ਼ ਦੀਆਂ ਨਦੀਆਂ ਲਗਾਤਾਰ ਨਜਾਇਜ਼ ਕਬਜ਼ਿਆਂ ਅਤੇ ਪ੍ਰਦੂਸ਼ਣ ਦਾ ਸ਼ਿਕਾਰ ਹੋ ਰਹੀਆਂ ਹਨ। ਇਸ ਕਾਰਨ ਉਨ੍ਹਾਂ ਦਾ ਕੁਦਰਤੀ ਵਹਾਅ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੰਭੀਰ ਜਲ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਰਾਜ ਸਭਾ ਨੂੰ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ “ਕੋਈ ਵੀ ਨਦੀ ਇਕੱਲੀ ਨਹੀਂ ਮਰਦੀ, ਉਸ ਦੇ ਨਾਲ ਹੀ ਕੁਦਰਤ ਦਾ ਪੂਰਾ ਤਾਣਾ-ਬਾਣਾ ਵੀ ਬਿਖਰ ਜਾਂਦਾ ਹੈ।” ਉਨ੍ਹਾਂ ਕਿਹਾ ਕਿ ਨਦੀਆਂ ਸਿਰਫ਼ ਪਾਣੀ ਦਾ ਸਰੋਤ ਨਹੀਂ, ਸਗੋਂ ਪੂਰੇ ਵਾਤਾਵਰਣ ਅਤੇ ਜੀਵਨ ਚੱਕਰ ਦੀ ਬੁਨਿਆਦ ਹਨ। ਇਸ ਲਈ ਉਨ੍ਹਾਂ ਦੀ ਸੰਭਾਲ ਕਰਨਾ ਹਰ ਕਿਸੇ ਦੀ ਸਾਂਝੀ ਜ਼ਿੰਮੇਵਾਰੀ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ NGT ਦੇ ਹੁਕਮ ਸਖ਼ਤੀ ਨਾਲ ਲਾਗੂ ਕਰਨ ਅਤੇ ਨਦੀਆਂ ਤੇ ਜਲ ਸਰੋਤਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਦੀਆਂ ਨੂੰ ਬਚਾਉਣ ਲਈ ਸਰਕਾਰ ਅਤੇ ਲੋਕਾਂ ਨੂੰ ਮਿਲ ਕੇ ਵਿਆਪਕ ਜਨ ਅੰਦੋਲਨ ਚਲਾਉਣਾ ਹੋਵੇਗਾ, ਤਾਂ ਜੋ ਨਦੀਆਂ ਦਾ ਕੁਦਰਤੀ ਸਰੂਪ ਮੁੜ ਬਹਾਲ ਕੀਤਾ ਜਾ ਸਕੇ।