ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਚੌਥੇ ਦਿਨ ਸਿਹਤ, ਰਾਸ਼ਨ ਪ੍ਰਣਾਲੀ, ਡਿਪੂਆਂ ਦੀ ਵਿਵਸਥਾ, ਸੀਵਰੇਜ ਬਿੱਲਾਂ ਅਤੇ ਪੀਣ ਵਾਲੇ ਪਾਣੀ ਵਰਗੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਨੂੰ ਜਲਦ ਹੀ 700 ਨਵੀਆਂ ਨਰਸਾਂ ਮਿਲਣ ਜਾ ਰਹੀਆਂ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 700 ਨਵੀਆਂ ਨਰਸਾਂ ਦੀ ਭਰਤੀ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਭਰਤੀ ਨਾਲ ਸਰਕਾਰੀ ਹਸਪਤਾਲਾਂ ਵਿੱਚ ਨਰਸਿੰਗ ਸਟਾਫ ਦੀ ਘਾਟ ਕਾਫ਼ੀ ਹੱਦ ਤੱਕ ਦੂਰ ਹੋਵੇਗੀ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ।
ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਪਰਵਾਸੀ ਮਜ਼ਦੂਰ ਆਧਾਰ ਕਾਰਡ ਦੇ ਆਧਾਰ ‘ਤੇ ਪੰਜਾਬ ਦੇ ਡਿਪੂਆਂ ਤੋਂ ਕਣਕ ਲੈ ਰਹੇ ਹਨ, ਜਿਸ ਕਾਰਨ ਸਥਾਨਕ ਯੋਗ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਲਈ ਵੱਖਰਾ ਕੋਟਾ ਤੈਅ ਕਰਨ ਦੀ ਮੰਗ ਕੀਤੀ।
‘ਇੱਕ ਰਾਸ਼ਟਰ-ਇੱਕ ਰਾਸ਼ਨ ਕਾਰਡ’ ਤਹਿਤ ਮਿਲਦਾ ਹੈ ਹੱਕ
ਇਸ ਦੇ ਜਵਾਬ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ‘ਇੱਕ ਰਾਸ਼ਟਰ-ਇੱਕ ਰਾਸ਼ਨ ਕਾਰਡ’ ਯੋਜਨਾ ਤਹਿਤ ਦੇਸ਼ ਦਾ ਕੋਈ ਵੀ ਯੋਗ ਨਾਗਰਿਕ ਕਿਸੇ ਵੀ ਰਾਜ ਵਿੱਚ ਆਪਣਾ ਰਾਸ਼ਨ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਵਾਸੀ ਮਜ਼ਦੂਰਾਂ ਵੱਲੋਂ ਰਾਸ਼ਨ ਲੈਣ ਨਾਲ ਪੰਜਾਬ ਦੇ ਯੋਗ ਲਾਭਪਾਤਰੀਆਂ ਦੇ ਹੱਕ ਪ੍ਰਭਾਵਿਤ ਨਹੀਂ ਹੁੰਦੇ।ਮੰਤਰੀ ਨੇ ਦੱਸਿਆ ਕਿ ਸਾਲ 2023 ਵਿੱਚ ਰਾਸ਼ਨ ਕਾਰਡਾਂ ਦੀ ਪੜਤਾਲ ਕੀਤੀ ਗਈ ਸੀ ਅਤੇ 2024 ਵਿੱਚ ਯੋਗ ਕਾਰਡ ਬਹਾਲ ਕੀਤੇ ਗਏ। ਇਸ ਵੇਲੇ KYC ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਕਰੀਬ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।
ਡਿਪੂਆਂ ਦੀ ਗਿਣਤੀ ਵੀ ਵਧਾਈ ਜਾਵੇਗੀ
ਵਿਧਾਨ ਸਭਾ ਵਿੱਚ ਡਿਪੂਆਂ ‘ਤੇ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਮੁੱਦਾ ਵੀ ਉੱਠਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਈ ਡਿਪੂਆਂ ‘ਤੇ ਲੋਕਾਂ ਲਈ ਬੈਠਣ ਦਾ ਪ੍ਰਬੰਧ ਨਹੀਂ ਹੈ ਅਤੇ ਉਨ੍ਹਾਂ ਨੂੰ ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ।ਇਸ ‘ਤੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ 4,400 ਨਵੇਂ ਡਿਪੂ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਸੀਵਰੇਜ ਬਿੱਲਾਂ ‘ਤੇ ਸਰਕਾਰ ਦਾ ਜਵਾਬ
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ 125 ਵਰਗ ਗਜ਼ ਤੱਕ ਦੇ ਫਲੈਟਾਂ ਦੇ ਸੀਵਰੇਜ ਬਿੱਲ ਮੁਆਫ਼ ਕਰਨ ਸਬੰਧੀ ਸਵਾਲ ਉਠਾਇਆ। ਇਸ ਦੇ ਜਵਾਬ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਕੋਲ ਇਸ ਤਰ੍ਹਾਂ ਦੀ ਕੋਈ ਯੋਜਨਾ ਨਹੀਂ ਹੈ ਜਿਸ ਤਹਿਤ 125 ਵਰਗ ਗਜ਼ ਤੱਕ ਦੇ ਘਰਾਂ ਦੇ ਸੀਵਰੇਜ ਬਿੱਲ ਮੁਆਫ਼ ਕੀਤੇ ਜਾਂਦੇ ਹੋਣ।
ਪੀਣ ਵਾਲੇ ਪਾਣੀ ਦੀ ਸਮੱਸਿਆ ਵੀ ਗੂੰਜੀ
ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣੇ ਹਲਕੇ ਦੀਆਂ ਕਲੋਨੀਆਂ ਵਿੱਚ ਦੂਸ਼ਿਤ ਪਾਣੀ ਅਤੇ ਪੁਰਾਣੀਆਂ ਪਾਈਪਲਾਈਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਕਾਰਨ ਇਲਾਕੇ ਵਿੱਚ ਡਾਇਰੀਆ ਦੇ ਮਾਮਲੇ ਵੱਧ ਰਹੇ ਹਨ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣਾ ਚਾਹੀਦਾ ਹੈ।ਇਸ ‘ਤੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਨਿਆ ਕਿ ਕਈ ਵਾਰ ਸਰਕਾਰੀ ਰਿਪੋਰਟਾਂ ਅਤੇ ਜ਼ਮੀਨੀ ਹਕੀਕਤ ਵਿੱਚ ਫ਼ਰਕ ਹੁੰਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਾਫ਼ ਪੀਣ ਵਾਲਾ ਪਾਣੀ ਹਰ ਨਾਗਰਿਕ ਦਾ ਹੱਕ ਹੈ ਅਤੇ ਇਸ ਮਸਲੇ ਦਾ ਹੱਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਮਾਨਸੂਨ ਸੈਸ਼ਨ ਦੇ ਚੌਥੇ ਦਿਨ ਸਿਹਤ ਸੇਵਾਵਾਂ, ਰਾਸ਼ਨ ਪ੍ਰਣਾਲੀ, ਡਿਪੂਆਂ ਦੀ ਗਿਣਤੀ ਵਧਾਉਣ, ਸੀਵਰੇਜ ਬਿੱਲਾਂ ਅਤੇ ਪੀਣ ਵਾਲੇ ਪਾਣੀ ਵਰਗੇ ਕਈ ਜਨਹਿੱਤ ਦੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਸਰਕਾਰ ਨੇ ਕਈ ਮਾਮਲਿਆਂ ਵਿੱਚ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।