ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀਰਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਸ਼ਹਿਰ ਲਈ ਇੱਕ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟ ਦੀ ਮੰਗ ਰੱਖੀ। ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਵੱਧ ਰਹੇ ਟ੍ਰੈਫਿਕ ਦੇ ਦਬਾਅ ਨੂੰ ਘਟਾਉਣ ਲਈ ਗੁਮਟਾਲਾ ਬਾਈਪਾਸ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਹੁੰਦੇ ਹੋਏ ਮੋਰਚਾ ਸਾਹਿਬ ਗੁਰਦੁਆਰਾ ਨੇੜੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਤੱਕ ਐਲੀਵੇਟਿਡ ਕੋਰੀਡੋਰ ਬਣਾਉਣ ਦੀ ਮੰਗ ਕੀਤੀ।
ਸੰਸਦ ਮੈਂਬਰ ਔਜਲਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਅੰਮ੍ਰਿਤਸਰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਅੰਤਰਰਾਸ਼ਟਰੀ ਸ਼ਹਿਰਾਂ ਵਿੱਚੋਂ ਇੱਕ ਹੈ। ਹਰ ਰੋਜ਼ ਹਜ਼ਾਰਾਂ ਸ਼ਰਧਾਲੂ, ਸੈਲਾਨੀ ਅਤੇ ਕਾਰੋਬਾਰੀ ਇੱਥੇ ਪਹੁੰਚਦੇ ਹਨ, ਜਿਸ ਕਾਰਨ ਖਾਸ ਕਰਕੇ ਏਅਰਪੋਰਟ ਰੋਡ ‘ਤੇ ਟ੍ਰੈਫਿਕ ਦਾ ਦਬਾਅ ਲਗਾਤਾਰ ਵਧ ਰਿਹਾ ਹੈ।ਔਜਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦੇ ਪੂਰੀ ਤਰ੍ਹਾਂ ਚਾਲੂ ਹੋਣ ਅਤੇ ਪ੍ਰਸਤਾਵਿਤ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਬਣਨ ਨਾਲ ਇਸ ਰੂਟ ‘ਤੇ ਵਾਹਨਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਵੇਗਾ। ਜੇਕਰ ਪਹਿਲਾਂ ਤੋਂ ਹੀ ਸੜਕੀ ਢਾਂਚੇ ਦਾ ਵਿਸਥਾਰ ਨਾ ਕੀਤਾ ਗਿਆ ਤਾਂ ਟ੍ਰੈਫਿਕ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ।
ਸਿਗਨਲ-ਫ੍ਰੀ ਕਨੈਕਟੀਵਿਟੀ ਦੀ ਰੱਖੀ ਮੰਗ
ਸੰਸਦ ਮੈਂਬਰ ਨੇ ਗਡਕਰੀ ਕੋਲ ਐਲੀਵੇਟਿਡ ਕੋਰੀਡੋਰ ਬਣਾਉਣ ਦਾ ਪ੍ਰਸਤਾਵ ਰੱਖਦਿਆਂ ਕਿਹਾ ਕਿ ਇਸ ਨਾਲ ਏਅਰਪੋਰਟ, ਐਕਸਪ੍ਰੈੱਸਵੇ ਅਤੇ ਸ਼ਹਿਰ ਦੇ ਮੁੱਖ ਮਾਰਗਾਂ ਵਿਚਕਾਰ ਸਿਗਨਲ-ਫ੍ਰੀ ਕਨੈਕਟੀਵਿਟੀ ਮਿਲੇਗੀ। ਇਸ ਨਾਲ ਯਾਤਰੀਆਂ ਦਾ ਸਮਾਂ ਬਚੇਗਾ, ਟ੍ਰੈਫਿਕ ਜਾਮ ਤੋਂ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਸੁਗਮ ਬਣੇਗੀ।
ਫ਼ੀਜ਼ੀਬਿਲਟੀ ਸਟਡੀ ਅਤੇ DPR ਦੀ ਕੀਤੀ ਮੰਗ
ਔਜਲਾ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਪ੍ਰੋਜੈਕਟ ਨੂੰ ਜਲਦ ਮਨਜ਼ੂਰੀ ਦਿੱਤੀ ਜਾਵੇ ਅਤੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਨੂੰ ਤੁਰੰਤ ਫ਼ੀਜ਼ੀਬਿਲਟੀ ਸਟਡੀ ਅਤੇ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਪ੍ਰੋਜੈਕਟ ਨੂੰ ਰਾਸ਼ਟਰੀ ਮਹੱਤਤਾ ਵਾਲੇ ਉੱਚ ਤਰਜੀਹੀ ਬੁਨਿਆਦੀ ਢਾਂਚਾ ਪ੍ਰੋਜੈਕਟ ਦਾ ਦਰਜਾ ਦਿੱਤਾ ਜਾਵੇ।
ਸੈਰ-ਸਪਾਟੇ ਅਤੇ ਵਪਾਰ ਨੂੰ ਮਿਲੇਗਾ ਹੁਲਾਰਾ
ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਐਲੀਵੇਟਿਡ ਕੋਰੀਡੋਰ ਬਣਨ ਨਾਲ ਨਾ ਸਿਰਫ਼ ਸ਼ਹਿਰ ਦੇ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਰਾਹਤ ਮਿਲੇਗੀ, ਸਗੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਅਤੇ ਪ੍ਰਸਤਾਵਿਤ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਤੱਕ ਤੇਜ਼ ਅਤੇ ਸੁਵਿਧਾਜਨਕ ਆਵਾਜਾਈ ਵੀ ਯਕੀਨੀ ਹੋਵੇਗੀ। ਇਸ ਨਾਲ ਸੈਰ-ਸਪਾਟਾ, ਵਪਾਰ ਅਤੇ ਧਾਰਮਿਕ ਗਤੀਵਿਧੀਆਂ ਨੂੰ ਵੀ ਵੱਡਾ ਫ਼ਾਇਦਾ ਹੋਣ ਦੀ ਉਮੀਦ ਹੈ।