ਨਵੀਂ ਦਿੱਲੀ : ਸਾਬਕਾ ਕੇਂਦਰੀ ਸਿੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਧਰਮਿੰਦਰ ਪ੍ਰਧਾਨ ਨੇ ਆਪਣੇ ਅਸਤੀਫ਼ੇ ਅਤੇ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਏ Gen-Z ਵਿਰੋਧ ਪ੍ਰਦਰਸ਼ਨਾਂ ਬਾਰੇ ਪਹਿਲੀ ਵਾਰ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਾਂ ਦੌਰਾਨ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ।
ਧਰਮਿੰਦਰ ਪ੍ਰਧਾਨ ਨੇ ਕਿਹਾ ਕਿ “Gen-Z ਸਾਡੇ ਬੱਚੇ ਹਨ” ਅਤੇ ਉਨ੍ਹਾਂ ਦੀਆਂ ਆਪਣੀਆਂ ਇੱਛਾਵਾਂ ਤੇ ਸੁਪਨੇ ਹਨ। ਉਨ੍ਹਾਂ ਦੇ ਮੁਤਾਬਕ ਕੁਝ ਲੋਕਾਂ ਵੱਲੋਂ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਪ੍ਰਧਾਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਲਈ ਮੰਤਰੀ ਦਾ ਅਹੁਦਾ ਸਭ ਤੋਂ ਮਹੱਤਵਪੂਰਨ ਨਹੀਂ ਸੀ ਅਤੇ ਉਹ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਵਧੇਰੇ ਅਹਿਮੀਅਤ ਦਿੰਦੇ ਹਨ।ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਪਰਕ ਕਰਕੇ ਕੇਂਦਰੀ ਮੰਤਰੀ ਪ੍ਰੀਸ਼ਦ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਨੇ 25 ਜੁਲਾਈ ਨੂੰ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।
‘ਮੈਂ ਕਿਸਾਨ ਦਾ ਪੁੱਤਰ ਹਾਂ, ਵਾਪਸ ਆਵਾਂਗਾ’
ਓਡੀਸ਼ਾ ਦੇ ਰਾਏਰਾਖੋਲ ਵਿੱਚ ਇੱਕ ਹੋਰ ਮੌਕੇ ’ਤੇ ਧਰਮਿੰਦਰ ਪ੍ਰਧਾਨ ਨੇ ਬੀਜੇਡੀ ਅਤੇ ਸਾਬਕਾ ਮੁੱਖ ਮੰਤਰੀ ਨਵੀਨ ਪਟਨਾਇਕ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਬੀਜੇਡੀ ਵਰਕਰਾਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਅਤੇ ‘ਵਾਪਸ ਜਾਓ’ ਦੇ ਨਾਅਰੇ ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕਰਦੇ।ਉਨ੍ਹਾਂ ਕਿਹਾ,“ਮੈਂ ਇੱਕ ਕਿਸਾਨ ਦਾ ਪੁੱਤਰ ਹਾਂ। ਭਾਵੇਂ ਤੁਸੀਂ ਮੈਨੂੰ ਵਾਪਸ ਜਾਣ ਲਈ ਕਹੋ, ਮੈਂ ਵਾਪਸ ਆਵਾਂਗਾ।”ਪ੍ਰਧਾਨ ਨੇ ਦੋਸ਼ ਲਗਾਇਆ ਕਿ ਨਵੀਨ ਪਟਨਾਇਕ ਵੱਲੋਂ ਉਨ੍ਹਾਂ ਨੂੰ ਓਡੀਸ਼ਾ ਦੇ ਲੋਕਾਂ ਲਈ ਅਪਮਾਨਜਨਕ ਅਤੇ ਬੁਰਾ ਵਿਅਕਤੀ ਦੱਸਿਆ ਗਿਆ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਦੇ ਵਿਰੋਧ ਲਈ ਨੌਜਵਾਨਾਂ ਨੂੰ ਅੱਗੇ ਕੀਤਾ ਗਿਆ।
ਬੀਜੇਡੀ ਨੇ ਦਿੱਤਾ ਜਵਾਬ
ਧਰਮਿੰਦਰ ਪ੍ਰਧਾਨ ਦੇ ਬਿਆਨਾਂ ’ਤੇ ਬੀਜੇਡੀ ਦੇ ਸੰਬਲਪੁਰ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੰਤਰੀ ਰੋਹਿਤ ਪੁਜਾਰੀ ਨੇ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਨੇ ਵੀ ਪ੍ਰਧਾਨ ਨੂੰ ਬਦਨਾਮ ਨਹੀਂ ਕੀਤਾ, ਸਗੋਂ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਨੂੰ ਸੰਭਾਲਣ ਦੇ ਤਰੀਕੇ ਕਾਰਨ ਉਨ੍ਹਾਂ ਦੀ ਆਲੋਚਨਾ ਹੋਈ।ਰੋਹਿਤ ਪੁਜਾਰੀ ਨੇ ਦੋਸ਼ ਲਗਾਇਆ ਕਿ ਜੰਤਰ-ਮੰਤਰ ’ਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਪੁਲਿਸ ਲਾਠੀਚਾਰਜ, ਅੱਥਰੂ ਗੈਸ ਅਤੇ ਕਥਿਤ ਜ਼ਿਆਦਤੀਆਂ ਕਾਰਨ ਸਰਕਾਰ ਅਤੇ ਧਰਮਿੰਦਰ ਪ੍ਰਧਾਨ ਦੀ ਆਲੋਚਨਾ ਹੋਈ। ਉਨ੍ਹਾਂ ਸਵਾਲ ਕੀਤਾ ਕਿ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਖ਼ਿਲਾਫ਼ ਹੋਈ ਕਾਰਵਾਈ ਲਈ ਨਵੀਨ ਪਟਨਾਇਕ ਨੂੰ ਜ਼ਿੰਮੇਵਾਰ ਕਿਉਂ ਠਹਿਰਾਇਆ ਜਾ ਰਿਹਾ ਹੈ।