Balwant Singh Rajoana : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਹਮਲੇ ਦੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਨਿੰਦਾ ਕੀਤੀ ਗਈ ਹੈ। ਪਟਿਆਲਾ ਜੇਲ੍ਹ ਤੋਂ ਲਿਖੀ ਗਈ ਦੱਸੀ ਜਾ ਰਹੀ ਇੱਕ ਚਿੱਠੀ ਵਿੱਚ ਰਾਜੋਆਣਾ ਨੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ’ਤੇ ਗੁਰੂਘਰ ਅੰਦਰ ਹਮਲਾ ਕਰਨਾ ਸਿੱਖ ਸਿਧਾਂਤਾਂ ਅਤੇ ਗੁਰੂ ਮਰਿਆਦਾ ਦੇ ਬਿਲਕੁਲ ਉਲਟ ਹੈ।ਭਾਈ ਰਾਜੋਆਣਾ ਨੇ ਕਿਹਾ ਕਿ ਗੁਰੂ ਘਰ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਵਿਅਕਤੀ ’ਤੇ ਉੱਥੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਘਰ ਆਏ ਸਿੱਖ ’ਤੇ ਹਮਲਾ ਨਹੀਂ ਕਰਦਾ, ਭਾਵੇਂ ਸਾਹਮਣੇ ਵਾਲਾ ਉਸ ਦਾ ਕਿੰਨਾ ਵੀ ਵੱਡਾ ਵਿਰੋਧੀ ਜਾਂ ਦੁਸ਼ਮਣ ਕਿਉਂ ਨਾ ਹੋਵੇ।
ਉਨ੍ਹਾਂ ਦੇ ਅਨੁਸਾਰ ਗੁਰੂ ਘਰ ਵਿੱਚ ਇਸ ਤਰ੍ਹਾਂ ਦਾ ਹਮਲਾ ਸਿੱਖ ਮਰਿਆਦਾ, ਸਿੱਖੀ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਖ਼ਿਲਾਫ਼ ਹੈ। ਰਾਜੋਆਣਾ ਨੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀਕਲਾ ਤੇ ਚੰਗੀ ਸਿਹਤ ਲਈ ਅਰਦਾਸ ਕਰਨ ਦੀ ਗੱਲ ਵੀ ਕਹੀ।
ਅਕਾਲੀ ਆਗੂਆਂ ’ਤੇ ਪਹਿਲਾਂ ਹੋਏ ਹਮਲਿਆਂ ਦਾ ਕੀਤਾ ਜ਼ਿਕਰ
ਭਾਈ ਰਾਜੋਆਣਾ ਨੇ ਆਪਣੀ ਚਿੱਠੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਪਿਛਲੇ ਸਮੇਂ ਵਿੱਚ ਅਕਾਲੀ ਆਗੂਆਂ ’ਤੇ ਹੋਏ ਹਮਲਿਆਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਹਰਚੰਦ ਸਿੰਘ ਲੌਂਗੋਵਾਲ ਦੇ ਕਤਲ, ਜਥੇਦਾਰ ਜਗਦੇਵ ਸਿੰਘ ਤਲਵੰਡੀ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ’ਤੇ ਹੋਏ ਜਾਨਲੇਵਾ ਹਮਲਿਆਂ ਦਾ ਜ਼ਿਕਰ ਕੀਤਾ।ਇਸ ਤੋਂ ਇਲਾਵਾ ਉਨ੍ਹਾਂ 1991 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 28 ਅਕਾਲੀ ਉਮੀਦਵਾਰਾਂ ਦੇ ਕਤਲ ਦਾ ਵੀ ਹਵਾਲਾ ਦਿੰਦਿਆਂ ਕਿਹਾ ਕਿ ਅਤੀਤ ਵਿੱਚ ਵੀ ਅਕਾਲੀ ਦਲ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ।
ਬੇਅਦਬੀ ਦੇ ਮਾਮਲਿਆਂ ’ਤੇ ਰਾਜੋਆਣਾ ਨੇ ਚੁੱਕੇ ਸਵਾਲ
ਰਾਜੋਆਣਾ ਨੇ ਦੋਸ਼ ਲਗਾਇਆ ਕਿ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਅਕਾਲੀ ਦਲ ਦੀ ਸਰਕਾਰ ਸਮੇਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅਕਾਲੀ ਦਲ ਨਾਲ ਜੋੜ ਕੇ ਖ਼ਾਲਸਾ ਪੰਥ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ ਤਾਂ ਬਾਅਦ ਦੀ ਕਾਂਗਰਸ ਸਰਕਾਰ ਅਤੇ ਮੌਜੂਦਾ ਸਰਕਾਰ ਦੇ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਉਸ ਸਮੇਂ ਦੇ ਮੁੱਖ ਮੰਤਰੀਆਂ ਨੂੰ ਜ਼ਿੰਮੇਵਾਰ ਕਿਉਂ ਨਹੀਂ ਮੰਨਿਆ ਜਾਂਦਾ?
