Jagtar Singh Hawara Video : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਵਿੱਚੋਂ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿੱਚ ਹਵਾਰਾ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੱਢੇ ਜਾਣ ਵਾਲੇ ਰੋਸ ਮਾਰਚ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਸੰਗਤ ਅਤੇ ਸਿੱਖ ਨੌਜਵਾਨਾਂ ਨੂੰ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕਰਨ ਦੀ ਅਪੀਲ ਕੀਤੀ ਹੈ।
ਜਗਤਾਰ ਸਿੰਘ ਹਵਾਰਾ ਨੇ ਕਿਹਾ ਕਿ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿੱਚ ਰੋਸ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਮਾਰਚ ਦੌਰਾਨ ਕੋਈ ਗਲਤ ਅਨਸਰ ਸ਼ਾਮਲ ਹੋ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੀ ਕਿਸੇ ਵੀ ਸਥਿਤੀ ਨੂੰ ਲੈ ਕੇ ਪੂਰੀ ਚੌਕਸੀ ਵਰਤੀ ਜਾਵੇ। ਨਾਲ ਹੀ, ਕਿਸੇ ਵੀ ਤਰ੍ਹਾਂ ਦੇ ਹੋ-ਹੱਲੇ ਜਾਂ ਹਿੰਸਕ ਕਾਰਵਾਈ ਤੋਂ ਬਚਿਆ ਜਾਵੇ।
ਸਿੱਖ ਨੌਜਵਾਨਾਂ ਨੂੰ ਵਲੰਟੀਅਰ ਬਣਨ ਦੀ ਅਪੀਲ
ਹਵਾਰਾ ਨੇ ਸਿੱਖ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਉਹ ਮੋਰਚੇ ਦੇ ਵਲੰਟੀਅਰ ਬਣ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਅਕਤੀ ਹਿੰਸਕ ਕਾਰਵਾਈ ਨਾ ਕਰੇ ਅਤੇ ਮਾਹੌਲ ਸ਼ਾਂਤਮਈ ਬਣਿਆ ਰਹੇ।ਉਨ੍ਹਾਂ ਮੋਰਚੇ ਦੇ ਆਗੂਆਂ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ। ਹਵਾਰਾ ਨੇ ਕਿਹਾ ਕਿ ਮੋਰਚਾ ਸਹੀ ਦਿਸ਼ਾ ਵਿੱਚ ਅੱਗੇ ਵੱਧ ਰਿਹਾ ਹੈ ਅਤੇ ਵਾਹਿਗੁਰੂ ਦੀ ਕਿਰਪਾ ਨਾਲ ਇਸ ਨੂੰ ਫਤਿਹ ਮਿਲੇਗੀ।
ਹਾਈਕੋਰਟ ’ਚ ਵੀ ਕਾਨੂੰਨ-ਵਿਵਸਥਾ ਨੂੰ ਲੈ ਕੇ ਹੋਈ ਸੁਣਵਾਈ
15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਅਤੇ ਰਾਜ ਭਵਨ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਸੁਣਵਾਈ ਹੋਈ ਸੀ। ਅਦਾਲਤ ਨੇ ਕਿਹਾ ਸੀ ਕਿ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਾ ਹਰ ਵਿਅਕਤੀ ਦਾ ਅਧਿਕਾਰ ਹੈ। ਹਾਲਾਂਕਿ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ।
15 ਅਗਸਤ ਦੇ ਮਾਰਚ ਨੂੰ ਲੈ ਕੇ ਸੁਰੱਖਿਆ ਵਧਾਉਣ ਦੀ ਤਿਆਰੀ
ਕੌਮੀ ਇਨਸਾਫ਼ ਮੋਰਚਾ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਮੋਰਚੇ ਵੱਲੋਂ 15 ਅਗਸਤ ਨੂੰ ਰੋਸ ਮਾਰਚ ਤੋਂ ਬਾਅਦ ਰਾਜ ਭਵਨ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ।ਇਸ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾਣ ਦੀ ਸੰਭਾਵਨਾ ਹੈ। ਹਵਾਰਾ ਵੱਲੋਂ ਵੀ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
