Farmer Delhi Chalo March: ਦਿੱਲੀ ਵੱਲ ਮਾਰਚ ਕਰਨ ਤੋਂ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ’ਤੇ ਪੱਕਾ ਮੋਰਚਾ ਲਾ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਸਰਕਾਰ ਨੂੰ ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਵੱਲ ਅੱਗੇ ਵਧਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ।
ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ ਸਰਕਾਰ ਵੱਲੋਂ ਅੱਗੇ ਜਾਣ ਤੋਂ ਰੋਕੇ ਜਾਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਪੰਜਾਬ (ਗੈਰ-ਸਿਆਸੀ) ਵੱਲੋਂ 23 ਅਗਸਤ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ।ਮੀਟਿੰਗ ਵਿੱਚ ਆਉਣ ਵਾਲੇ ਸਮੇਂ ਦੌਰਾਨ ਕਿਸਾਨ ਅੰਦੋਲਨ ਦੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਿਸਾਨ ਆਗੂਆਂ ਮੁਤਾਬਕ ਸਤੰਬਰ ਮਹੀਨੇ ਵਿੱਚ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਮੋਰਚੇ ਨੂੰ ਲੈ ਕੇ ਵੀ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਸਤੰਬਰ ਤੋਂ ਚੰਡੀਗੜ੍ਹ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਮੋਰਚਾ ਲਗਾਉਣ ਦੀ ਤਿਆਰੀ ਹੈ।
ਖਨੌਰੀ ਬਾਰਡਰ ’ਤੇ ਡਟੇ ਕਿਸਾਨ
ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਨੂੰ ਜਦੋਂ ਅੱਗੇ ਜਾਣ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਨੇ ਖਨੌਰੀ ਬਾਰਡਰ ’ਤੇ ਹੀ ਡੇਰਾ ਲਾ ਲਿਆ। ਕਿਸਾਨਾਂ ਵੱਲੋਂ ਮੌਕੇ ’ਤੇ ਟੈਂਟ ਲਗਾ ਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ।ਇਸ ਦੌਰਾਨ ਪੁਲਿਸ ਦੇ ਡੀਐਸਪੀ ਰੈਂਕ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ। ਦੋਵਾਂ ਧਿਰਾਂ ਵਿਚਾਲੇ ਮੀਟਿੰਗ ਰਾਹੀਂ ਸਥਿਤੀ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਹੈ।
ਡੱਲੇਵਾਲ ਨੇ PM ਮੋਦੀ ਨੂੰ ਕੀਤੀ ਅਪੀਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਸ਼ਾਂਤੀਪੂਰਨ ਢੰਗ ਨਾਲ ਪੈਦਲ ਦਿੱਲੀ ਵੱਲ ਜਾਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਹਰਿਆਣਾ ਸਰਕਾਰ ਨਾਲ ਕੋਈ ਟਕਰਾਅ ਨਹੀਂ ਹੈ ਅਤੇ ਸਰਕਾਰ ਨੂੰ ਉਨ੍ਹਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਅੱਗੇ ਵਧਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਕਿਸਾਨ ਅੰਤਰਿਮ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵੀ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਅਜਿਹੇ ਸਮਝੌਤਿਆਂ ਦਾ ਖੇਤੀਬਾੜੀ ਅਤੇ ਕਿਸਾਨਾਂ ਦੀ ਆਮਦਨ ’ਤੇ ਅਸਰ ਪੈ ਸਕਦਾ ਹੈ।
MSP ਸਮੇਤ ਇਹ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ
ਕਿਸਾਨ ਆਗੂਆਂ ਮੁਤਾਬਕ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਫ਼ਸਲਾਂ ਲਈ MSP ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਦੇ ਕਰਜ਼ਿਆਂ ਦੀ ਮੁਆਫ਼ੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ।ਕਿਸਾਨਾਂ ਦਾ ਕਹਿਣਾ ਹੈ ਕਿ MSP ਦੀ ਕਾਨੂੰਨੀ ਗਾਰੰਟੀ ਲਈ ਕਾਨੂੰਨ ਬਣਾਉਣਾ ਬੇਹੱਦ ਜ਼ਰੂਰੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਵੀ ਲਗਾਤਾਰ ਉਠਾਈ ਜਾ ਰਹੀ ਹੈ।ਹੁਣ 23 ਅਗਸਤ ਨੂੰ ਹੋਣ ਵਾਲੀ ਕਿਸਾਨ ਆਗੂਆਂ ਦੀ ਮੀਟਿੰਗ ’ਤੇ ਸਭ ਦੀ ਨਜ਼ਰ ਰਹੇਗੀ, ਜਿੱਥੇ ਅਗਲੇ ਪੜਾਅ ਦੇ ਅੰਦੋਲਨ ਅਤੇ ਚੰਡੀਗੜ੍ਹ ਮੋਰਚੇ ਸਬੰਧੀ ਰਣਨੀਤੀ ਤੈਅ ਕੀਤੀ ਜਾ ਸਕਦੀ ਹੈ।
