Punjab Bandh 21 August: ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026, ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਹ ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਮੋਰਚੇ ਵੱਲੋਂ ਇਹ ਸੱਦਾ ਬੰਦੀ ਸਿੰਘਾਂ ਦੀ ਰਿਹਾਈ, 15 ਅਗਸਤ ਨੂੰ ਹੋਈ ਪੁਲਿਸ ਕਾਰਵਾਈ ਅਤੇ ਦਰਜ ਕੀਤੇ ਗਏ ਮਾਮਲਿਆਂ ਦੇ ਵਿਰੋਧ ਵਿੱਚ ਦਿੱਤਾ ਗਿਆ ਹੈ।
ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਦੇ ਵਿਰੋਧ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।
21 ਅਗਸਤ ਨੂੰ ਕੀ ਕੁਝ ਰਹਿ ਸਕਦਾ ਹੈ ਬੰਦ?
ਪੰਜਾਬ ਬੰਦ ਦੌਰਾਨ ਆਮ ਜਨਜੀਵਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੋਰਚੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਅਤੇ ਹੋਰ ਗਤੀਵਿਧੀਆਂ ਪ੍ਰਭਾਵਿਤ ਰਹਿ ਸਕਦੀਆਂ ਹਨ।
- ਬਾਜ਼ਾਰ ਅਤੇ ਦੁਕਾਨਾਂ ਬੰਦ
- ਟਰਾਂਸਪੋਰਟ ਬੰਦ
- ਟ੍ਰੇਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ
- ਸਕੂਲ ਅਤੇ ਕਾਲਜ ਬੰਦ ਰਹਿਣ ਦੀ ਸੰਭਾਵਨਾ
- ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ
ਕੀ ਕੁਝ ਖੁੱਲ੍ਹਾ ਰਹੇਗਾ?
ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਮੁਤਾਬਕ ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਬਾਹਰ ਰੱਖਿਆ ਗਿਆ ਹੈ। ਇਸ ਲਈ ਹਸਪਤਾਲ, ਮੈਡੀਕਲ ਸਟੋਰ ਅਤੇ ਹੋਰ ਜ਼ਰੂਰੀ ਸੇਵਾਵਾਂ ਚਾਲੂ ਰਹਿਣ ਦੀ ਗੱਲ ਕਹੀ ਗਈ ਹੈ।ਇਸ ਤੋਂ ਇਲਾਵਾ ਵਿਆਹ ਸਮਾਗਮਾਂ ਵਿੱਚ ਜਾਣ ਵਾਲੇ ਲੋਕਾਂ, ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਅਤੇ ਏਅਰਪੋਰਟ ਜਾਣ ਵਾਲੇ ਵਿਅਕਤੀਆਂ ਨੂੰ ਵੀ ਛੋਟ ਦੇਣ ਦੀ ਗੱਲ ਆਗੂਆਂ ਵੱਲੋਂ ਕਹੀ ਗਈ ਹੈ।ਮੋਰਚੇ ਨੇ ਇਹ ਵੀ ਕਿਹਾ ਹੈ ਕਿ ਲੋਕਾਂ ਤੋਂ ਜਬਰੀ ਦੁਕਾਨਾਂ ਜਾਂ ਹੋਰ ਅਦਾਰੇ ਬੰਦ ਨਹੀਂ ਕਰਵਾਏ ਜਾਣਗੇ।
ਟ੍ਰੇਨਾਂ ਨੂੰ ਲੈ ਕੇ ਵੀ ਵੱਡੀ ਅਪਡੇਟ
ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਟ੍ਰੇਨਾਂ ਦੀ ਆਵਾਜਾਈ ਨੂੰ ਰੋਕਣ ਸਬੰਧੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਜੇਕਰ ਟ੍ਰੇਨਾਂ ਨੂੰ ਨਹੀਂ ਰੋਕਿਆ ਜਾਂਦਾ ਤਾਂ ਮੋਰਚੇ ਵੱਲੋਂ ਰੇਲ ਆਵਾਜਾਈ ਨੂੰ ਵੀ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਲਈ 21 ਅਗਸਤ ਨੂੰ ਰੇਲ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਆਪਣੀ ਟ੍ਰੇਨ ਦਾ ਸਟੇਟਸ ਪਹਿਲਾਂ ਚੈੱਕ ਕਰਨਾ ਚਾਹੀਦਾ ਹੈ।
SGPC ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ
ਕੌਮੀ ਇਨਸਾਫ਼ ਮੋਰਚੇ ਦੇ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ।SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 21 ਅਗਸਤ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਹੁਣ 22 ਅਗਸਤ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ।ਐਡਵੋਕੇਟ ਧਾਮੀ ਨੇ ਕਿਹਾ ਕਿ SGPC ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਤੋਂ ਹੀ ਯਤਨਸ਼ੀਲ ਹੈ ਅਤੇ ਇਸ ਮਾਮਲੇ ਨਾਲ ਜੁੜੇ ਸੰਘਰਸ਼ਾਂ ਦਾ ਸਮਰਥਨ ਕਰਦੀ ਹੈ।
15 ਅਗਸਤ ਨੂੰ ਕੀ ਹੋਇਆ ਸੀ?
ਦੱਸਣਯੋਗ ਹੈ ਕਿ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਗਵਰਨਰ ਹਾਊਸ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਵਾਟਰ ਕੈਨਨ ਅਤੇ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ ਸੀ। ਇਸ ਘਟਨਾ ਤੋਂ ਬਾਅਦ ਹੀ 21 ਅਗਸਤ ਦੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਜੇਕਰ ਤੁਸੀਂ 21 ਅਗਸਤ ਨੂੰ ਘਰ ਤੋਂ ਬਾਹਰ ਨਿਕਲ ਰਹੇ ਹੋ ਤਾਂ ਆਵਾਜਾਈ, ਟ੍ਰੇਨ, ਸਕੂਲ-ਕਾਲਜ ਅਤੇ ਬਾਜ਼ਾਰਾਂ ਦੀ ਸਥਾਨਕ ਸਥਿਤੀ ਪਹਿਲਾਂ ਜ਼ਰੂਰ ਚੈੱਕ ਕਰ ਲਓ। ਐਮਰਜੈਂਸੀ ਦੀ ਸਥਿਤੀ ਵਿੱਚ ਹਸਪਤਾਲ ਅਤੇ ਜ਼ਰੂਰੀ ਸੇਵਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ।
