Baba Harjit Singh Statement : ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਜਿੱਥੇ ਸੂਬੇ ਦੇ ਕਈ ਹਿੱਸਿਆਂ ਵਿੱਚ ਬਾਜ਼ਾਰ ਅਤੇ ਕਾਰੋਬਾਰੀ ਅਦਾਰੇ ਬੰਦ ਨਜ਼ਰ ਆਏ, ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਪੰਜਾਬ ਬੰਦ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸਵਾਲ ਖੜ੍ਹਾ ਕੀਤਾ ਕਿ ਇਹ ਪੰਜਾਬ ਬੰਦ ਹੈ ਜਾਂ ਲੋਕਾਂ ਤੋਂ ਬੰਦ ਕਰਵਾਇਆ ਗਿਆ ਹੈ।
ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਅੱਜ ਵੱਖ-ਵੱਖ ਵਾਹਨਾਂ ’ਤੇ ਸਵਾਰ ਨਿਹੰਗ ਸਿੰਘਾਂ ਅਤੇ ਹੋਰ ਲੋਕਾਂ ਵੱਲੋਂ ਅਜਿਹਾ ਮਾਹੌਲ ਬਣਾਇਆ ਗਿਆ, ਜਿਸ ਕਾਰਨ ਕਈ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਡਰ ਪੈਦਾ ਹੋਇਆ।ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਮ ਤੌਰ ’ਤੇ ਆਪਣੀ ਮਰਜ਼ੀ ਨਾਲ ਆਪਣੀਆਂ ਦੁਕਾਨਾਂ ਅਤੇ ਕਾਰੋਬਾਰ ਬੰਦ ਕਰਨ ਬਾਰੇ ਨਹੀਂ ਸੋਚਦੇ, ਉਨ੍ਹਾਂ ਵਿੱਚ ਵੀ ਡਰ ਦਾ ਮਾਹੌਲ ਬਣਨ ਕਾਰਨ ਦੁਕਾਨਾਂ ਬੰਦ ਹੋਈਆਂ ਹਨ। ਉਨ੍ਹਾਂ ਦੇ ਮੁਤਾਬਕ, ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਸਭ ਤੋਂ ਜ਼ਰੂਰੀ ਹੈ।
‘ਸ਼ਾਂਤੀ ਪਸੰਦ ਲੋਕਾਂ ਨੇ ਵੀ ਦੁਕਾਨਾਂ ਬੰਦ ਕੀਤੀਆਂ’
ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਹਿੰਦੂ ਭਾਈਚਾਰੇ ਅਤੇ ਹੋਰ ਸ਼ਾਂਤੀ ਪਸੰਦ ਲੋਕਾਂ ਵੱਲੋਂ ਵੀ ਦੁਕਾਨਾਂ ਬੰਦ ਕੀਤੀਆਂ ਗਈਆਂ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਕਈ ਲੋਕਾਂ ਨੇ ਅਜਿਹਾ ਇਸ ਡਰ ਕਾਰਨ ਕੀਤਾ ਕਿ ਕਿਤੇ ਪੰਜਾਬ ਵਿੱਚ ਮੁੜ ਕੋਈ ਅਣਸੁਖਾਵੀਂ ਸਥਿਤੀ ਜਾਂ ਦੰਗੇ ਨਾ ਹੋ ਜਾਣ।ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਜਿਹੇ ਹਾਲਾਤ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਹਰ ਨਾਗਰਿਕ ਨੂੰ ਆਪਣੀ ਮਰਜ਼ੀ ਨਾਲ ਫੈਸਲਾ ਕਰਨ ਦਾ ਹੱਕ ਮਿਲਣਾ ਚਾਹੀਦਾ ਹੈ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ’ਤੇ ਚੁੱਕੇ ਸਵਾਲ
ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ “ਇਹ ਕ੍ਰਿਮਿਨਲਜ਼ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਸਿਰਫ਼ ਪੰਜਾਬ ਦੇ ਲੋਕਾਂ ਦੀਆਂ ਜਾਨਾਂ ਹੀ ਨਹੀਂ ਲਈਆਂ, ਬਲਕਿ ਪੰਜਾਬ ਪੁਲਿਸ ਦੇ ਬੇਅੰਤ ਪਰਿਵਾਰਾਂ ਨੂੰ ਸ਼ਹੀਦ ਕੀਤਾ ਹੈ। ਮੈਂ ਉਨ੍ਹਾਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਅਰਪਣ ਕਰਦਾ ਹਾਂ।”ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸਿਰਫ਼ ਭਾਵਨਾਤਮਕ ਤੌਰ ’ਤੇ ਨਹੀਂ, ਸਗੋਂ ਕਾਨੂੰਨੀ ਅਤੇ ਸਮਾਜਿਕ ਪੱਖੋਂ ਵੀ ਦੇਖਣ ਦੀ ਲੋੜ ਹੈ। ਉਨ੍ਹਾਂ ਖਾਸ ਤੌਰ ’ਤੇ ਪੰਜਾਬ ਪੁਲਿਸ ਦੇ ਉਨ੍ਹਾਂ ਜਵਾਨਾਂ ਨੂੰ ਯਾਦ ਕੀਤਾ, ਜਿਨ੍ਹਾਂ ਨੇ ਅੱਤਵਾਦ ਦੇ ਦੌਰਾਨ ਆਪਣੀ ਜਾਨ ਗਵਾਈ।
ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਪੰਜਾਬ ਪੁਲਿਸ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਸ਼ਕਲ ਦੌਰ ਵਿੱਚ ਪੁਲਿਸ ਮੁਲਾਜ਼ਮਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਲੋਕਾਂ ਦੀ ਸੁਰੱਖਿਆ ਲਈ ਕੰਮ ਕੀਤਾ।ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਪੁਲਿਸ ਦੇ ਜਵਾਨ ਆਪਣੀ ਡਿਊਟੀ ਨਿਭਾ ਰਹੇ ਹਨ ਅਤੇ ਉਨ੍ਹਾਂ ਨੂੰ ਸਲਾਮ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਇਤਿਹਾਸ ਦੇ ਉਸ ਦੌਰ ਨੂੰ ਯਾਦ ਰੱਖਿਆ ਜਾਵੇ, ਜਦੋਂ ਹਿੰਸਾ ਕਾਰਨ ਆਮ ਲੋਕਾਂ ਅਤੇ ਸੁਰੱਖਿਆ ਬਲਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ।
ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਮਰਜ਼ੀ ਨਾਲ ਪੰਜਾਬ ਬੰਦ ਦਾ ਸਮਰਥਨ ਕਰਨਾ ਚਾਹੁੰਦੇ ਹਨ, ਉਹ ਕਰ ਸਕਦੇ ਹਨ, ਪਰ ਜਿਹੜੇ ਦੁਕਾਨਦਾਰ ਜਾਂ ਕਾਰੋਬਾਰੀ ਆਪਣੀਆਂ ਦੁਕਾਨਾਂ ਖੋਲ੍ਹਣਾ ਚਾਹੁੰਦੇ ਹਨ, ਉਨ੍ਹਾਂ ਦੀ ਸੁਰੱਖਿਆ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਡਰ ਜਾਂ ਦਬਾਅ ਹੇਠ ਆਪਣਾ ਕਾਰੋਬਾਰ ਬੰਦ ਕਰਨ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਪ੍ਰਸ਼ਾਸਨ ਨੂੰ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਸਾਰੇ ਵਰਗਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਬੱਚਿਆਂ ਦਾ ਭਵਿੱਖ ਹਿੰਸਾ ਨਹੀਂ, ਸ਼ਾਂਤੀ ਵਿੱਚ ਹੈ’
ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਮਾਪਿਆਂ ਅਤੇ ਸਮਾਜ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਕਿਸ ਦਿਸ਼ਾ ਵੱਲ ਲੈ ਕੇ ਜਾਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਬੱਚਿਆਂ ਦਾ ਭਵਿੱਖ ਹਿੰਸਾ ਅਤੇ ਟਕਰਾਅ ਵਿੱਚ ਨਹੀਂ, ਸਗੋਂ ਸਿੱਖਿਆ, ਸ਼ਾਂਤੀ ਅਤੇ ਤਰੱਕੀ ਵਿੱਚ ਹੈ। ਉਨ੍ਹਾਂ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
