ਐਡਮਿੰਟਨ: ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਵਿਖੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ ਸਿੱਖਾਂ ‘ਤੇ ਹਮਲਾ ਕਰਨ ਦੀ ਘਟਨਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਵੀ ਵਧਿਆ ਸੀ, ਪਰ ਮੌਕੇ ‘ਤੇ ਮੌਜੂਦ ਸੰਗਤ ਅਤੇ ਸੇਵਾਦਾਰਾਂ ਨੇ ਉਸ ਨੂੰ ਰੋਕ ਲਿਆ। ਉਨ੍ਹਾਂ ਕਿਹਾ ਕਿ ਇਹ ਰਾਹਤ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਈ ਨੁਕਸਾਨ ਨਹੀਂ ਹੋਇਆ।
ਦੋ ਸੇਵਾਦਾਰ ਹੋਏ ਜ਼ਖ਼ਮੀ
ਇਸ ਘਟਨਾ ਦੌਰਾਨ ਦੋ ਸੇਵਾਦਾਰ ਸਿੱਖਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਥੇਦਾਰ ਗੜਗੱਜ ਨੇ ਜ਼ਖ਼ਮੀ ਸੇਵਾਦਾਰਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਐਡਮਿੰਟਨ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਉਨ੍ਹਾਂ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਯਕੀਨੀ ਬਣਾਈ ਜਾਵੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਕਿਤੇ ਕਿਸੇ ਸਿੱਖ ਵਿਰੋਧੀ ਸਮੂਹ ਜਾਂ ਸੰਸਥਾ ਵੱਲੋਂ ਮੁਲਜ਼ਮ ਨੂੰ ਭੜਕਾ ਕੇ ਗੁਰੂ ਘਰ ਨੂੰ ਨਿਸ਼ਾਨਾ ਬਣਾਉਣ ਲਈ ਤਾਂ ਪ੍ਰੇਰਿਤ ਨਹੀਂ ਕੀਤਾ ਗਿਆ।
ਕੈਲਗਰੀ ਦੇ ਗੁਰਦੁਆਰਿਆਂ ਨੂੰ ਮਿਲੀਆਂ ਧਮਕੀਆਂ ਦਾ ਵੀ ਜ਼ਿਕਰ
ਜਥੇਦਾਰ ਗੜਗੱਜ ਨੇ ਕਿਹਾ ਕਿ ਬੀਤੇ ਦਿਨੀਂ ਕੈਲਗਰੀ ਦੇ ਕੁਝ ਗੁਰਦੁਆਰਾ ਸਾਹਿਬਾਨ ਨੂੰ ਵੀ ਧਮਕੀਆਂ ਮਿਲੀਆਂ ਸਨ। ਉਨ੍ਹਾਂ ਇਸ ਨੂੰ ਨਿੰਦਣਯੋਗ ਦੱਸਦਿਆਂ ਕੈਲਗਰੀ ਪੁਲਿਸ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਗੁਰਮਤਿ ਸਿਧਾਂਤਾਂ ਅਨੁਸਾਰ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਹਰ ਮਨੁੱਖ ਲਈ ਖੁੱਲ੍ਹੇ ਹਨ, ਪਰ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਹੈ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।
ਗੁਰਦੁਆਰਾ ਪ੍ਰਬੰਧਕਾਂ ਨੂੰ 24 ਘੰਟੇ ਸੁਰੱਖਿਆ ਦੀ ਤਾਕੀਦ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਆਪਣੇ ਸੁਰੱਖਿਆ ਪ੍ਰਬੰਧਾਂ ਦੀ ਮੁੜ ਸਮੀਖਿਆ ਕਰਨ ਦੀ ਅਪੀਲ ਕੀਤੀ। ਉਨ੍ਹਾਂ *24 ਘੰਟੇ ਪਹਿਰੇਦਾਰੀ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ* ‘ਤੇ ਜ਼ੋਰ ਦਿੱਤਾ।ਉਨ੍ਹਾਂ ਕੈਨੇਡਾ ਵਿੱਚ ਸਿੱਖਾਂ ਖ਼ਿਲਾਫ਼ ਕਥਿਤ ਨਫ਼ਰਤ ਅਤੇ ਵਿਤਕਰੇ ਵਿੱਚ ਵਾਧੇ ‘ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਚੁਣੌਤੀਆਂ ਦੇ ਮੱਦੇਨਜ਼ਰ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਆਪਸੀ ਵਿਵਾਦ ਛੱਡ ਕੇ ਇਕਜੁੱਟ ਹੋਣ ਦੀ ਲੋੜ ਹੈ।
