‘ਬਦਲਾਅ’ ਦੇ ਨਾਮ ’ਤੇ ਪੰਜਾਬ ਨਾਲ ਧੋਖਾ, ‘ਆਪ’ ਸਰਕਾਰ ਨੇ ਸੂਬੇ ਨੂੰ ਹਰ ਪੱਖੋਂ ਕੀਤਾ ਬਰਬਾਦ: ਢਿੱਲੋਂ
ਚੰਡੀਗੜ੍ਹ, 22 ਅਗਸਤ: ਭਾਰਤੀ ਜਨਤਾ ਪਾਰਟੀ ਦੇ ਸੂਬਾ ਆਗੂ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਉਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਢਿੱਲੋਂ ਨੇ ਦੋਸ਼ ਲਾਇਆ ਕਿ ‘ਬਦਲਾਅ’ ਦੇ ਨਾਮ ’ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ ਅਤੇ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਸੂਬਾ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ, ਵਧਦਾ ਕਰਜ਼ਾ, ਕਾਨੂੰਨ-ਵਿਵਸਥਾ ਦੀ ਸਥਿਤੀ, ਮਾਫ਼ੀਆ ਰਾਜ, ਗੈਂਗਸਟਰਵਾਦ ਅਤੇ ਵਿੱਤੀ ਸੰਕਟ ਵਰਗੇ ਮੁੱਦੇ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਆਰਥਿਕ ਅਤੇ ਸਮਾਜਿਕ ਪੱਖੋਂ ਪਿੱਛੇ ਜਾ ਰਿਹਾ ਹੈ।
‘ਆਪ’ ਦੇ ਬਦਲਾਅ ’ਤੇ ਢਿੱਲੋਂ ਦਾ ਸਵਾਲ
ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਉਮੀਦਾਂ ਪੂਰੀਆਂ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪੰਜਾਬ ਦੀਆਂ ਮੁੱਖ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਸਫਲ ਰਹੀ ਹੈ।ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਬਿਹਤਰ ਬਣਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।
‘ਡਬਲ ਇੰਜਣ ਸਰਕਾਰ’ ਨੂੰ ਦੱਸਿਆ ਹੱਲ
ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਭਾਰਤੀ ਜਨਤਾ ਪਾਰਟੀ ਦੀ ‘ਡਬਲ ਇੰਜਣ ਸਰਕਾਰ’ ਨੂੰ ਜ਼ਰੂਰੀ ਦੱਸਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਵਿਕਾਸ, ਅਮਨ-ਸ਼ਾਂਤੀ ਅਤੇ ਤਰੱਕੀ ਦੇ ਮਾਮਲੇ ਵਿੱਚ ਨਵੀਆਂ ਮਿਸਾਲਾਂ ਕਾਇਮ ਹੋ ਰਹੀਆਂ ਹਨ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੀ ਪੁਰਾਣੀ ਸ਼ਾਨ ਬਹਾਲ ਕਰਨ ਅਤੇ ਇੱਕ ਖੁਸ਼ਹਾਲ ਤੇ ਤਰੱਕੀਸ਼ੀਲ ਪੰਜਾਬ ਬਣਾਉਣ ਲਈ ਭਾਜਪਾ ਨੂੰ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਆਉਣ ਲਈ ‘ਡਬਲ ਇੰਜਣ ਸਰਕਾਰ’ ਦੀ ਲੋੜ ਹੈ।
