ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਹੁਣ ਕਮਜ਼ੋਰ ਪੈਂਦਾ ਨਜ਼ਰ ਆ ਰਿਹਾ ਹੈ। ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਜ ਲਈ ਕਿਸੇ ਵੀ ਤਰ੍ਹਾਂ ਦੀ ਮੌਸਮ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਮੀਂਹ ਦੀ ਗਤੀਵਿਧੀ ਘੱਟ ਹੋਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਉਮਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਾਵੇਂ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ ਕਰੀਬ 2 ਡਿਗਰੀ ਵੱਧ ਬਣਿਆ ਹੋਇਆ ਹੈ।
ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈ ਸਕਦਾ ਹੈ ਮੀਂਹ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 29 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਉਮੀਦ ਹੈ।
30 ਅਤੇ 31 ਅਗਸਤ ਨੂੰ ਵੀ ਰਹੇਗਾ ਖੁਸ਼ਕ ਮੌਸਮ
30 ਅਗਸਤ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਇੱਕ-ਦੋ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਜਦਕਿ ਮੈਦਾਨੀ ਅਤੇ ਦੱਖਣੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।ਇਸੇ ਤਰ੍ਹਾਂ 31 ਅਗਸਤ ਨੂੰ ਗੁਰਦਾਸਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ, ਪਰ ਸੂਬੇ ਦੇ ਬਾਕੀ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਬਹੁਤ ਘੱਟ ਦੱਸੀ ਜਾ ਰਹੀ ਹੈ।
1 ਸਤੰਬਰ ਤੋਂ ਬਦਲ ਸਕਦਾ ਹੈ ਮੌਸਮ ਦਾ ਮਿਜ਼ਾਜ
ਮੌਸਮ ਵਿਭਾਗ ਅਨੁਸਾਰ 1 ਸਤੰਬਰ ਤੋਂ ਪੰਜਾਬ ਦੇ ਮੌਸਮ ਵਿੱਚ ਕੁਝ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ, ਸੰਗਰੂਰ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।ਦੂਜੇ ਪਾਸੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਬਠਿੰਡਾ ਰਿਹਾ ਸਭ ਤੋਂ ਗਰਮ
ਸ਼ੁੱਕਰਵਾਰ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਖੜਾ ਡੈਮ ਖੇਤਰ ਵਿੱਚ ਵੀ ਤਾਪਮਾਨ 36.4 ਡਿਗਰੀ ਰਿਹਾ।ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 36.3 ਡਿਗਰੀ, ਫਿਰੋਜ਼ਪੁਰ ਵਿੱਚ 36.2 ਡਿਗਰੀ, ਪਟਿਆਲਾ ਅਤੇ ਲੁਧਿਆਣਾ ਵਿੱਚ 35.8 ਡਿਗਰੀ, ਜਦਕਿ ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ 35.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਸੂਬੇ ਦੇ ਨਿਗਰਾਨੀ ਕੇਂਦਰਾਂ ‘ਤੇ ਕੋਈ ਖਾਸ ਮੀਂਹ ਦਰਜ ਨਹੀਂ ਕੀਤਾ ਗਿਆ। ਫਿਲਹਾਲ 31 ਅਗਸਤ ਤੱਕ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਮੌਸਮ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਹਾਲਾਂਕਿ ਸਤੰਬਰ ਦੀ ਸ਼ੁਰੂਆਤ ਨਾਲ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਗਤੀਵਿਧੀ ਵਧਣ ਦੇ ਸੰਕੇਤ ਮਿਲ ਰਹੇ ਹਨ।
