ਚੰਡੀਗੜ੍ਹ: ਪੰਜਾਬ ਵਿੱਚ ਹੁੰਮਸ ਅਤੇ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਮੀਂਹ ਦੀ ਘਾਟ ਕਾਰਨ ਲੋਕਾਂ ਨੂੰ ਤਪਦੀ ਗਰਮੀ ਅਤੇ ਨਮੀ ਭਰੇ ਮੌਸਮ ਨਾਲ ਜੂਝਣਾ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ 30 ਅਗਸਤ ਲਈ ਪੰਜਾਬ ਵਿੱਚ ਕੋਈ ਵੱਡਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜ਼ਰੂਰ ਜਤਾਈ ਗਈ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਬਣਿਆ ਹੋਇਆ ਹੈ, ਜਿਸ ਕਾਰਨ ਹੁੰਮਸ ਭਰੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਫਿਲਹਾਲ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੁਰੰਤ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ।
ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈ ਸਕਦਾ ਹੈ ਮੀਂਹ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ 30 ਅਗਸਤ ਨੂੰ ਪੰਜਾਬ ਦੇ ਕੁਝ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ।ਉੱਥੇ ਹੀ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜ਼ਿਆਦਾ ਬਣੀ ਹੋਈ ਹੈ। ਖਾਸ ਤੌਰ ‘ਤੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਰਗੇ ਇਲਾਕਿਆਂ ਵਿੱਚ ਬੱਦਲਵਾਈ ਦੇ ਨਾਲ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ।
31 ਅਗਸਤ ਨੂੰ ਵਧ ਸਕਦੀ ਹੈ ਬਾਰਿਸ਼ ਦੀ ਸੰਭਾਵਨਾ
31 ਅਗਸਤ ਨੂੰ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵਧ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ।ਹਾਲਾਂਕਿ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਮੁਕਾਬਲਤਨ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
1 ਸਤੰਬਰ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ
ਮੌਸਮ ਵਿਭਾਗ ਅਨੁਸਾਰ 1 ਸਤੰਬਰ ਨੂੰ ਪੰਜਾਬ ਵਿੱਚ ਮੀਂਹ ਦੀ ਸਰਗਰਮੀ ਹੋਰ ਵਧ ਸਕਦੀ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਈ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ।ਉੱਥੇ ਹੀ ਫਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਕਿਤੇ-ਕਿਤੇ ਬਾਰਿਸ਼ ਦੀ ਸੰਭਾਵਨਾ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਰਹੇਗਾ ਖੁਸ਼ਕ ਮੌਸਮ
ਮੌਸਮ ਵਿਭਾਗ ਮੁਤਾਬਕ 1 ਸਤੰਬਰ ਨੂੰ ਵੀ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਰਹੇਗੀ। ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਹਿਣ ਦੀ ਉਮੀਦ ਹੈ।ਫਿਲਹਾਲ ਪੰਜਾਬ ਵਾਸੀਆਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਲਈ ਕੁਝ ਹੋਰ ਦਿਨ ਉਡੀਕ ਕਰਨੀ ਪੈ ਸਕਦੀ ਹੈ। ਹਾਲਾਂਕਿ 1 ਅਤੇ 2 ਸਤੰਬਰ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਦੀ ਸਰਗਰਮੀ ਵਧਣ ਨਾਲ ਮੌਸਮ ਵਿੱਚ ਕੁਝ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
