ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਲਈ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਸਾਲ 2023 ਤੋਂ 2025 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਹਿਲਾਂ ਹੀ 86 ਫੀਸਦੀ ਕਮੀ ਦਰਜ ਕੀਤੀ ਜਾ ਚੁੱਕੀ ਹੈ।
ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਪਿੰਡਾਂ ਅਤੇ ਬਲਾਕ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਲਈ ਐਨਜੀਓਜ਼, ਸਮਾਜ ਸੇਵਕਾਂ, ਪੰਚਾਇਤਾਂ ਅਤੇ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੀ ਵਿਆਪਕ ਵਰਤੋਂ ਅਤੇ ਇਨ-ਸੀਟੂ ਤੇ ਐਕਸ-ਸੀਟੂ ਪਰਾਲੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਸਾਲ 18.81 ਮਿਲੀਅਨ ਟਨ ਪਰਾਲੀ ਪੈਦਾ ਹੋਣ ਦੀ ਉਮੀਦ
ਪਰਾਲੀ ਪ੍ਰਬੰਧਨ ਦੀ ਰਣਨੀਤੀ ਸਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਲਗਭਗ 30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲੁਆਈ ਕੀਤੀ ਗਈ ਹੈ। ਇਸ ਕਾਰਨ ਸੂਬੇ ਵਿੱਚ ਕਰੀਬ 18.81 ਮਿਲੀਅਨ ਟਨ ਪਰਾਲੀ ਪੈਦਾ ਹੋਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਭਰਪੂਰ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਕਮੀ ਆਈ ਹੈ। ਸਾਲ 2023 ਵਿੱਚ ਜਿੱਥੇ 36,663 ਘਟਨਾਵਾਂ ਦਰਜ ਹੋਈਆਂ ਸਨ, ਉੱਥੇ 2024 ਵਿੱਚ ਇਹ ਗਿਣਤੀ ਘਟ ਕੇ 10,909 ਰਹਿ ਗਈ ਅਤੇ 2025 ਵਿੱਚ ਹੋਰ ਘਟ ਕੇ ਸਿਰਫ਼ 5,114 ਰਹਿ ਗਈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੋਰ ਵੱਡੀ ਕਮੀ ਲਿਆਉਣਾ ਹੈ।
ਪਿੰਡ ਅਤੇ ਬਲਾਕ ਪੱਧਰ ‘ਤੇ ਚਲਾਈ ਜਾਵੇਗੀ ਮੁਹਿੰਮ
ਜ਼ਮੀਨੀ ਪੱਧਰ ‘ਤੇ ਮੁਹਿੰਮ ਨੂੰ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਇਸ ਦੇ ਟਿਕਾਊ ਬਦਲਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਅਤੇ ਬਲਾਕ ਪੱਧਰ ‘ਤੇ ਵਿਆਪਕ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਹਰ ਹਿੱਸੇਦਾਰ ਨੂੰ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਵਾਤਾਵਰਣ ਅਨੁਕੂਲ ਅਤੇ ਵਿਹਾਰਕ ਵਿਕਲਪ ਅਪਣਾਉਣ ਲਈ ਪ੍ਰੇਰਿਤ ਕਰਨਾ ਹੋਵੇਗਾ।
NGO ਅਤੇ ਸਮਾਜ ਸੇਵਕਾਂ ਨੂੰ ਵੀ ਜੋੜਿਆ ਜਾਵੇਗਾ
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਗੈਰ-ਸਰਕਾਰੀ ਸੰਗਠਨਾਂ ਅਤੇ ਸਮਾਜ ਸੇਵਕਾਂ ਨੂੰ ਵੀ ਇਸ ਮੁਹਿੰਮ ਨਾਲ ਸਰਗਰਮੀ ਨਾਲ ਜੋੜਿਆ ਜਾਣਾ ਚਾਹੀਦਾ ਹੈ।ਉਨ੍ਹਾਂ ਸੁਝਾਅ ਦਿੱਤਾ ਕਿ ਪਰਾਲੀ ਪ੍ਰਬੰਧਨ ਮਸ਼ੀਨਰੀ ਦੇ ਪ੍ਰਦਰਸ਼ਨ, ਨੁੱਕੜ ਨਾਟਕ, ਸਰਪੰਚਾਂ ਨਾਲ ਮੀਟਿੰਗਾਂ, ਸਹੁੰ ਚੁੱਕ ਸਮਾਗਮ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਵੱਡੇ ਪੱਧਰ ‘ਤੇ ਕਰਵਾਏ ਜਾਣ ਤਾਂ ਜੋ ਇਹ ਸੰਦੇਸ਼ ਸਿੱਧੇ ਤੌਰ ‘ਤੇ ਕਿਸਾਨਾਂ ਤੱਕ ਪਹੁੰਚ ਸਕੇ।
ਸੋਸ਼ਲ ਮੀਡੀਆ ਅਤੇ ਡਿਜੀਟਲ ਮੁਹਿੰਮ ‘ਤੇ ਵੀ ਫੋਕਸ
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਦੇ ਨਾਲ ਇੱਕ ਮਜ਼ਬੂਤ ਡਿਜੀਟਲ ਅਤੇ ਮਲਟੀਮੀਡੀਆ ਰਣਨੀਤੀ ਅਪਣਾਉਣ ਦਾ ਵੀ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਰੇਡੀਓ ਜਿੰਗਲਜ਼, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਮੋਬਾਈਲ ਐਸਐਮਐਸ ਅਤੇ ਆਊਟਡੋਰ ਮੀਡੀਆ ਨੂੰ ਸ਼ਾਮਲ ਕਰਕੇ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਜਾਵੇ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਰਾਹੀਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਉਪਲਬਧ ਪ੍ਰਬੰਧਨ ਵਿਕਲਪਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਵਧੀਆ ਕੰਮ ਕਰਨ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਨੂੰ ਮਿਲੇਗਾ ਸਨਮਾਨ
ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ ਤਰੱਕੀਪਸੰਦ ਕਿਸਾਨਾਂ, ਪੰਚਾਇਤਾਂ, ਪੈਕਸ ਅਤੇ ਹੋਰ ਹਿੱਸੇਦਾਰਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਹੋਰਨਾਂ ਕਿਸਾਨਾਂ ਅਤੇ ਪੇਂਡੂ ਸੰਸਥਾਵਾਂ ਨੂੰ ਵੀ ਬਿਹਤਰ ਤਰੀਕੇ ਅਪਣਾਉਣ ਲਈ ਪ੍ਰੇਰਿਤ ਕਰਨਗੇ ਅਤੇ ਪਰਾਲੀ ਪ੍ਰਬੰਧਨ ਨੂੰ ਇੱਕ ਸਮੂਹਿਕ ਅੰਦੋਲਨ ਬਣਾਉਣ ਵਿੱਚ ਮਦਦ ਮਿਲੇਗੀ।
ਸਾਰੇ ਵਿਭਾਗਾਂ ਵਿਚਾਲੇ ਤਾਲਮੇਲ ‘ਤੇ ਜ਼ੋਰ
ਮੁੱਖ ਮੰਤਰੀ ਨੇ ਇਸ ਰਣਨੀਤੀ ਨੂੰ ਸਫਲ ਬਣਾਉਣ ਲਈ ਸਾਰੇ ਹਿੱਸੇਦਾਰਾਂ ਅਤੇ ਜ਼ਿਲ੍ਹਿਆਂ ਵਿਚਾਲੇ ਬਿਹਤਰੀਨ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰ ਵਿਭਾਗ ਅਤੇ ਹਿੱਸੇਦਾਰ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਯੋਜਨਾ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸਾਇੰਸ ਅਤੇ ਤਕਨਾਲੋਜੀ ਵਿਭਾਗ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਖੇਤੀਬਾੜੀ ਵਿਭਾਗ ਅਰਸ਼ਦੀਪ ਸਿੰਘ ਥਿੰਦ ਸਮੇਤ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।
