ਅੰਮ੍ਰਿਤਸਰ: ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਮੋਹਣਜੀਤ ਸਿੰਘ ਨਾਲ ਕਥਿਤ ਤੌਰ ’ਤੇ ਹੋਏ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਥਿਤ ਤੌਰ ’ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਮੋਹਣਜੀਤ ਸਿੰਘ ਨਸ਼ਿਆਂ ਵਿਰੁੱਧ ਆਵਾਜ਼ ਉਠਾ ਰਿਹਾ ਸੀ ਅਤੇ ਮੁੱਖ ਮੰਤਰੀ ਦੇ ਪਿੰਡ ਦੌਰੇ ਦੌਰਾਨ ਉਸ ਨੇ ਕਾਲਾ ਝੰਡਾ ਦਿਖਾ ਕੇ ਆਪਣਾ ਵਿਰੋਧ ਦਰਜ ਕਰਵਾਇਆ ਸੀ। ਉਨ੍ਹਾਂ ਦੇ ਅਨੁਸਾਰ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ ਅਤੇ ਇਸ ਨੂੰ ਅਪਰਾਧ ਨਹੀਂ ਮੰਨਿਆ ਜਾ ਸਕਦਾ।
ਕਾਲਾ ਝੰਡਾ ਦਿਖਾਉਣ ਤੋਂ ਬਾਅਦ ਕਥਿਤ ਤੌਰ ’ਤੇ ਹੋਈ ਕਾਰਵਾਈ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਸ਼ੇਰੋਂ ਪਿੰਡ ਦੇ ਨੌਜਵਾਨ ਨੇ ਆਪਣੇ ਗੁਆਂਢੀ ਦੀ ਛੱਤ ਤੋਂ ਕਾਲਾ ਝੰਡਾ ਦਿਖਾ ਕੇ ਸ਼ਾਂਤਮਈ ਢੰਗ ਨਾਲ ਵਿਰੋਧ ਜਤਾਇਆ ਸੀ
ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਪੁਲਿਸ ਵੱਲੋਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਉਸ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਅਤੇ ਤਸ਼ੱਦਦ ਕੀਤਾ ਗਿਆ।ਉਨ੍ਹਾਂ ਕਿਹਾ ਕਿ ਪੀੜਤ ਨੌਜਵਾਨ ਵੱਲੋਂ ਪੁਲਿਸ ਹਿਰਾਸਤ ਦੌਰਾਨ ਉਸ ਨਾਲ ਗੰਭੀਰ ਤਸ਼ੱਦਦ ਕੀਤੇ ਜਾਣ ਅਤੇ ਉਸ ਦੇ ਧਾਰਮਿਕ ਕਕਾਰਾਂ ਨਾਲ ਬੇਅਦਬੀ ਕਰਨ ਦੇ ਦੋਸ਼ ਲਗਾਏ ਗਏ ਹਨ। ਜਥੇਦਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।
‘ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇ ਕਾਰਵਾਈ’
ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਸੰਗਰੂਰ ਜ਼ਿਲ੍ਹੇ ਦੇ ਪੁਲਿਸ ਕਪਤਾਨ ਨਾਲ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਨੌਜਵਾਨ ਨਾਲ ਕਥਿਤ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਜ਼ਿੰਮੇਵਾਰ ਪਾਏ ਜਾਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੀੜਤ ਨੌਜਵਾਨ ਵੱਲੋਂ ਆਪਣੇ ਨਾਲ ਸਰੀਰਕ ਤਸ਼ੱਦਦ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਗੰਭੀਰ ਦੋਸ਼ ਲਗਾਏ ਗਏ ਹਨ। ਜਥੇਦਾਰ ਨੇ ਕਿਹਾ ਕਿ ਅਜਿਹੇ ਦੋਸ਼ਾਂ ਦੀ ਗੰਭੀਰਤਾ ਨੂੰ ਦੇਖਦਿਆਂ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ
ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਮਾਰਚ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘਦਿਆਂ ਨਸ਼ਿਆਂ ਕਾਰਨ ਪ੍ਰਭਾਵਿਤ ਨੌਜਵਾਨਾਂ ਦਾ ਮੁੱਦਾ ਲਗਾਤਾਰ ਸਾਹਮਣੇ ਆ ਰਿਹਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਕਈ ਪਿੰਡਾਂ ਵਿੱਚ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਹਨ ਅਤੇ ਸਰਕਾਰ ਨੂੰ ਇਸ ਗੰਭੀਰ ਸਮੱਸਿਆ ਦੇ ਖ਼ਾਤਮੇ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਖ਼ਾਸ ਤੌਰ ’ਤੇ ਚਿੱਟੇ ਸਮੇਤ ਹੋਰ ਨਸ਼ਿਆਂ ਦੀ ਸਪਲਾਈ ਨੂੰ ਪੂਰੀ ਤਰ੍ਹਾਂ ਰੋਕਣ ਦੀ ਮੰਗ ਕੀਤੀ।
ਲੁਧਿਆਣਾ ‘ਚ ਨੂੰਹਾਂ ਨੇ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ,ਨੇਤਰਦਾਨ ਤੇ ਦੇਹਦਾਨ ਕਰ ਕਾਇਮ ਕੀਤੀ ਵੱਡੀ ਮਿਸਾਲ
‘ਨਸ਼ੇ ਦੇ ਪੀੜਤ ਨੌਜਵਾਨਾਂ ਨੂੰ ਮਦਦ ਦੀ ਲੋੜ’
ਜਥੇਦਾਰ ਗੜਗੱਜ ਨੇ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਸਮਾਜ ਤੋਂ ਦੂਰ ਕਰਨ ਦੀ ਬਜਾਏ ਉਨ੍ਹਾਂ ਨੂੰ ਸਹਿਯੋਗ ਅਤੇ ਇਲਾਜ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ।ਉਨ੍ਹਾਂ ਨੌਜਵਾਨਾਂ ਨੂੰ ਸਿੱਖੀ ਨਾਲ ਜੁੜਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੇ ਜੀਵਨ ਵੱਲ ਵਾਪਸ ਮੁੜਨ ਦਾ ਸੰਦੇਸ਼ ਵੀ ਦਿੱਤਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਮਾਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪੀੜਤ ਸਿੱਖ ਨੌਜਵਾਨ ਦੇ ਨਾਲ ਖੜ੍ਹਾ ਹੈ ਅਤੇ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦ ਹੀ ਮੋਹਣਜੀਤ ਸਿੰਘ ਨੂੰ ਮਿਲਣ ਲਈ ਜਾਣਗੇ। ਇਸ ਮਾਮਲੇ ਨੂੰ ਲੈ ਕੇ ਸਿੱਖ ਧਾਰਮਿਕ ਅਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਤੇ ਚਿੰਤਾ ਬਣੀ ਹੋਈ ਹੈ।
