ਮੋਗਾ: ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮੋਗਾ ਵਿੱਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਨਾਲ ਸਬੰਧਤ ਕਿਸਾਨ ਪਿਛਲੇ 7 ਦਿਨਾਂ ਤੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਹੁਣ ਆਪਣੀਆਂ 13 ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕਰਦਿਆਂ SSP ਦਫ਼ਤਰ ਦੇ ਘਿਰਾਓ ਦੀ ਗੱਲ ਕਹੀ ਹੈ।
ਕਿਸਾਨ ਆਗੂ ਬਲੌਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਕਈ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ, ਜਦਕਿ ਕੁਝ ਮੰਗਾਂ ਪੰਜਾਬ ਸਰਕਾਰ ਨਾਲ ਵੀ ਜੁੜੀਆਂ ਹੋਈਆਂ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਇੱਕ ਹਫ਼ਤੇ ਤੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਕੋਈ ਠੋਸ ਕਦਮ ਨਹੀਂ ਚੁੱਕਿਆ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਕਿਸਾਨਾਂ ਖ਼ਿਲਾਫ਼ ਦਰਜ ਪਰਚੇ ਰੱਦ ਕਰਨ ਦੀ ਮੰਗ
ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਕਿਸਾਨੀ ਅੰਦੋਲਨਾਂ ਅਤੇ ਵੱਖ-ਵੱਖ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਕਰਨਾ ਵੀ ਸ਼ਾਮਲ ਹੈ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੰਦੋਲਨਾਂ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਹੋਏ ਪਰਚਿਆਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।
ਖੇਤੀ ਲਈ 8 ਘੰਟੇ ਨਿਰਵਿਘਨ ਬਿਜਲੀ ਦੀ ਮੰਗ
ਕਿਸਾਨਾਂ ਨੇ ਖੇਤੀਬਾੜੀ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਵੀ ਉਠਾਈ ਹੈ। ਕਿਸਾਨ ਆਗੂ ਬਲੌਰ ਸਿੰਘ ਨੇ ਦੋਸ਼ ਲਗਾਇਆ ਕਿ ਇਸ ਸਮੇਂ ਕਿਸਾਨਾਂ ਨੂੰ ਖੇਤਾਂ ਲਈ ਲੋੜ ਮੁਤਾਬਕ ਬਿਜਲੀ ਨਹੀਂ ਮਿਲ ਰਹੀ।ਉਨ੍ਹਾਂ ਦੇ ਮੁਤਾਬਕ ਕਈ ਇਲਾਕਿਆਂ ਵਿੱਚ ਖੇਤੀਬਾੜੀ ਲਈ ਕਰੀਬ 4 ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਫਸਲਾਂ ਅਤੇ ਖੇਤੀਬਾੜੀ ਦੇ ਕੰਮਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਧਰਨਾ ਪਿਛਲੇ 7 ਦਿਨਾਂ ਤੋਂ ਲਗਾਤਾਰ ਜਾਰੀ ਹੈ, ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਨੁਮਾਇੰਦਾ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਨਹੀਂ ਪਹੁੰਚਿਆ।ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ ਅਤੇ ਜਲਦ ਕੋਈ ਹੱਲ ਕੱਢਣਾ ਚਾਹੀਦਾ ਹੈ।
ਹੁਣ SSP ਦਫ਼ਤਰ ਦੇ ਘਿਰਾਓ ਦਾ ਐਲਾਨ
ਮੰਗਾਂ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਠੋਸ ਭਰੋਸਾ ਨਾ ਮਿਲਣ ਦੇ ਦੋਸ਼ਾਂ ਦਰਮਿਆਨ ਕਿਸਾਨਾਂ ਨੇ ਹੁਣ SSP ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੀ ਕਦਮ ਚੁੱਕੇ ਜਾਂਦੇ ਹਨ।
