ਦਿੜਬਾ:ਗੁਲਜ਼ਾਰ ਸਿੰਘ Death Case ਵਿੱਚ ਹੁਣ ਨਵਾਂ ਮੋੜ ਸਾਹਮਣੇ ਆਇਆ ਹੈ। ਪਿੰਡ ਤੁਰਬਨਜਾਰਾ ਵਿੱਚ ਵਿੱਤ ਮੰਤਰੀ ਦੀ ਜਨਤਕ ਮੀਟਿੰਗ ਦੌਰਾਨ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਵੱਲੋਂ ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ। ਹੁਣ ਗੁਲਜ਼ਾਰ ਸਿੰਘ Death Case ਵਿੱਚ ਮ੍ਰਿਤਕ ਦੇ ਪਰਿਵਾਰ ਨੇ ਪ੍ਰਸ਼ਾਸਨ ’ਤੇ ਕਈ ਗੰਭੀਰ ਇਲਜ਼ਾਮ ਲਗਾਏ ਹਨ।
ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਪ੍ਰਸ਼ਾਸਨ ’ਤੇ ਚੁੱਕੇ ਸਵਾਲ
ਮ੍ਰਿਤਕ ਦੀ ਪਤਨੀ ਅਤੇ ਤਿੰਨ ਪੁੱਤਰਾਂ ਦਾ ਦਾਅਵਾ ਹੈ ਕਿ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਨਾਲ ਢੰਗ ਨਾਲ ਗੱਲਬਾਤ ਨਹੀਂ ਕੀਤੀ ਗਈ। ਪਰਿਵਾਰ ਮੁਤਾਬਕ, ਉਨ੍ਹਾਂ ਨੂੰ ਆਖਰੀ ਵਾਰ ਗੁਲਜ਼ਾਰ ਸਿੰਘ ਦੇ ਦਰਸ਼ਨ ਕਰਨ ਦਾ ਮੌਕਾ ਵੀ ਨਹੀਂ ਦਿੱਤਾ ਗਿਆ।ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ’ਤੇ ਜਲਦਬਾਜ਼ੀ ਵਿੱਚ ਅੰਤਿਮ ਸਸਕਾਰ ਕਰਨ ਲਈ ਦਬਾਅ ਬਣਾਇਆ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਥਿਤ ਤੌਰ ’ਤੇ ਗੁੰਮਰਾਹ ਕਰਕੇ ਗੁਲਜ਼ਾਰ ਸਿੰਘ ਦਾ ਅੰਤਿਮ ਸਸਕਾਰ ਕਰਵਾਇਆ ਗਿਆ।
ਆਖਰੀ ਵੀਡੀਓ ਨੂੰ ਲੈ ਕੇ ਵੀ ਵੱਡਾ ਦਾਅਵਾ
ਇਸ ਮਾਮਲੇ ਵਿੱਚ ਗੁਲਜ਼ਾਰ ਸਿੰਘ ਦੀ ਆਖਰੀ ਵੀਡੀਓ ਵੀ ਚਰਚਾ ਦਾ ਕੇਂਦਰ ਬਣੀ ਹੋਈ ਹੈ। ਪਰਿਵਾਰ ਦਾ ਦਾਅਵਾ ਹੈ ਕਿ ਮੌਤ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿੱਚ ਗੁਲਜ਼ਾਰ ਸਿੰਘ ਨੇ ਉਨ੍ਹਾਂ ਲੋਕਾਂ ਦਾ ਜ਼ਿਕਰ ਕੀਤਾ ਸੀ, ਜਿਨ੍ਹਾਂ ਨੇ ਵਿੱਤ ਮੰਤਰੀ ਦੀ ਮੀਟਿੰਗ ਵਿੱਚ ਸਵਾਲ ਪੁੱਛਣ ਤੋਂ ਬਾਅਦ ਕਥਿਤ ਤੌਰ ’ਤੇ ਉਨ੍ਹਾਂ ’ਤੇ ਦਬਾਅ ਬਣਾਇਆ ਅਤੇ ਉਨ੍ਹਾਂ ਨੂੰ ਅਪਮਾਨਿਤ ਕੀਤਾ।ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਵੀਡੀਓ ਨੂੰ ਜਾਂਚ ਦਾ ਅਹਿਮ ਹਿੱਸਾ ਬਣਾਇਆ ਜਾਵੇ ਅਤੇ ਵੀਡੀਓ ਵਿੱਚ ਲਗਾਏ ਗਏ ਦੋਸ਼ਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ।
‘ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ’
ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਪਰਿਵਾਰ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਵਿੱਚ ਸਿਰਫ਼ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
ਪਰਿਵਾਰ ਨੇ ਦਿੱਤੀ ਵੱਡੀ ਚਿਤਾਵਨੀ
ਮ੍ਰਿਤਕ ਦੇ ਪਰਿਵਾਰ ਨੇ ਕਿਹਾ ਹੈ ਕਿ ਜਦੋਂ ਤੱਕ ਮੁੱਖ ਮੁਲਜ਼ਮਾਂ ਅਤੇ ਮੰਤਰੀ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਉਹ ਅਸਥੀਆਂ ਦਾ ਜਲ ਪ੍ਰਵਾਹ ਨਹੀਂ ਕਰਨਗੇ ਅਤੇ ਨਾ ਹੀ ‘ਭੋਗ’ ਦੀ ਰਸਮ ਕਰਨਗੇ।ਇਸ ਦੇ ਨਾਲ ਹੀ ਪਰਿਵਾਰ ਨੇ ਕਿਹਾ ਹੈ ਕਿ ਇਨਸਾਫ਼ ਮਿਲਣ ਤੱਕ ਉਹ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।
ਪੰਜਾਬ ਦੇ ਲੋਕਾਂ ਨੂੰ ਅਪੀਲ
ਗੁਲਜ਼ਾਰ ਸਿੰਘ ਦੇ ਪੁੱਤਰਾਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਇਸ ਮਾਮਲੇ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲੜਾਈ ਸਿਰਫ਼ ਉਨ੍ਹਾਂ ਦੇ ਪਿਤਾ ਦੀ ਮੌਤ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਦੇ ਉਨ੍ਹਾਂ ਸਾਰੇ ਪਰਿਵਾਰਾਂ ਦੀ ਆਵਾਜ਼ ਹੈ ਜੋ ਨਸ਼ੇ ਦੀ ਸਮੱਸਿਆ ਕਾਰਨ ਪੀੜਤ ਹਨ।ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਨਸਾਫ਼ ਦੀ ਮੰਗ ਤੋਂ ਪਿੱਛੇ ਨਹੀਂ ਹਟਣਗੇ। ਹਾਲਾਂਕਿ, ਪਰਿਵਾਰ ਵੱਲੋਂ ਪ੍ਰਸ਼ਾਸਨ ਅਤੇ ਹੋਰ ਵਿਅਕਤੀਆਂ ’ਤੇ ਲਗਾਏ ਗਏ ਇਨ੍ਹਾਂ ਇਲਜ਼ਾਮਾਂ ਦੀ ਸੁਤੰਤਰ ਪੁਸ਼ਟੀ ਹੋਣੀ ਅਜੇ ਬਾਕੀ ਹੈ।
