ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਇੱਕ ਵਾਰ ਫਿਰ ਚਰਚਾ ਵਿੱਚ ਹੈ। ਚੰਡੀਗੜ੍ਹ ਵਿੱਚ ‘ਮਾਵਾਂ ਮੰਗਦੀਆਂ ਜਵਾਬ’ ਦੇ ਬੈਨਰ ਹੇਠ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਨਸ਼ਿਆਂ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ 50 ਪਰਿਵਾਰਾਂ ਨੇ ਆਪਣਾ ਦਰਦ ਬਿਆਨ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ।
ਪਰਿਵਾਰਾਂ ਨੇ ਸਰਕਾਰ ਤੋਂ ਨਸ਼ਿਆਂ ਦੀ ਵਿਕਰੀ ਖ਼ਿਲਾਫ਼ ਠੋਸ ਕਾਰਵਾਈ ਕਰਨ ਅਤੇ ਆਪਣੇ ਪਿਆਰਿਆਂ ਦੀ ਮੌਤ ਦੇ ਮਾਮਲਿਆਂ ਵਿੱਚ ਇਨਸਾਫ਼ ਦੇਣ ਦੀ ਮੰਗ ਕੀਤੀ।ਅਬੋਹਰ ਤੋਂ ਪਹੁੰਚੇ ਇੱਕ ਨੌਜਵਾਨ ਦੀ ਮਾਂ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ, “ਨਾ ਮੈਨੂੰ ਮੁਫ਼ਤ ਆਟਾ-ਦਾਲ ਸਕੀਮ ਚਾਹੀਦੀ ਹੈ, ਨਾ ਮੁਫ਼ਤ ਯਾਤਰਾ ਤੇ ਨਾ ਹੀ ਮੁਫ਼ਤ ਬਿਜਲੀ। ਸਾਨੂੰ ਮੁਫ਼ਤ ਸਕੀਮਾਂ ਨਹੀਂ, ਚਿੱਟੇ ਤੋਂ ਛੁਟਕਾਰਾ ਚਾਹੀਦਾ ਹੈ।”
ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
ਪ੍ਰੈੱਸ ਕਾਨਫਰੰਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਪਰਿਵਾਰ ਉਜੜ ਚੁੱਕੇ ਹਨ ਅਤੇ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਇਸ ਸਰਕਾਰ ਨੂੰ ਸੱਤਾ ਤੋਂ ਹਟਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਪ੍ਰਭਾਵਿਤ ਪਰਿਵਾਰਾਂ ਦਾ ਦਰਦ ਪੰਜਾਬ ਦੇ ਘਰ-ਘਰ ਦੀ ਕਹਾਣੀ ਹੈ। ਭਾਜਪਾ ਇਸ ਮੁੱਦੇ ’ਤੇ ਲੋਕ ਅੰਦੋਲਨ ਖੜ੍ਹਾ ਕਰੇਗੀ, ਜਿਸ ਦੀ ਸ਼ੁਰੂਆਤ 18 ਸਤੰਬਰ ਤੋਂ ਹੋਣ ਵਾਲੀਆਂ ਚਾਰ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਨਾਲ ਕੀਤੀ ਜਾਵੇਗੀ।
ਪੰਜਾਬ ਦੀਆਂ ਇਨ੍ਹਾਂ ਰੋਂਦੀਆਂ ਮਾਵਾਂ ਦੇ ਹੰਝੂਆਂ ਦਾ ਹਿਸਾਬ ਬਾਕੀ ਹੈ
ਕਿਸੇ ਮਾਂ ਦਾ ਪੁੱਤ, ਕਿਸੇ ਭੈਣ ਦਾ ਭਰਾ ਤੇ ਕਿਸੇ ਸੁਹਾਗਣ ਦਾ ਪਤੀ ਨਸ਼ੇ ਦੀ ਭੇਂਟ ਚੜ੍ਹ ਜਾਵੇ, ਇਸ ਤੋਂ ਵੱਡਾ ਦਰਦ ਕੋਈ ਨਹੀਂ। ਪਰ ਹੁਣ ਹੋਰ ਨਹੀਂ ਸਾਡਾ ਪੱਕਾ ਮਕਸਦ ਹੈ ਕਿ ਪੰਜਾਬ ‘ਚ ਭਾਜਪਾ ਸਰਕਾਰ ਬਣਦਿਆਂ ਹੀ ਇਸ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਪੁੱਟ ਕੇ, ਇਨ੍ਹਾਂ… pic.twitter.com/vI3H6CQr0l
— Kewal Singh Dhillon (@KewalDhillonPB) September 17, 2026
ਪੰਜਾਬ ਵਿੱਚ ਦੋ ਸਾਲਾਂ ਅੰਦਰ ਨਸ਼ਾ ਖ਼ਤਮ ਕਰਨ ਦਾ ਵਾਅਦਾ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਦੋ ਸਾਲਾਂ ਵਿੱਚ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ਹੋਰ ਸੂਬਿਆਂ ਵਿੱਚ ਨਕਸਲਵਾਦ, ਗੈਂਗਸਟਰਵਾਦ ਅਤੇ ਹਿੰਸਾ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸੇ ਆਧਾਰ ’ਤੇ ਉਨ੍ਹਾਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ।
ਸੁਨੀਲ ਜਾਖੜ ਨੇ ਨਸ਼ਾ ਵਿਰੋਧੀ ਮੁਹਿੰਮ ’ਤੇ ਚੁੱਕੇ ਸਵਾਲ
ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਨਸ਼ਿਆਂ ਕਾਰਨ ਆਪਣੇ ਬੱਚਿਆਂ ਨੂੰ ਗੁਆਉਣ ਵਾਲੀਆਂ ਮਾਵਾਂ ਅਤੇ ਧੀਆਂ ਦਾ ਦਰਦ ਬਿਆਨ ਕਰਨਾ ਬੇਹੱਦ ਮੁਸ਼ਕਲ ਹੈ।ਉਨ੍ਹਾਂ ਪ੍ਰੈੱਸ ਕਾਨਫਰੰਸ ਵਿੱਚ ਰੱਖੀਆਂ ਖਾਲੀ ਕੁਰਸੀਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲੋਕਾਂ ਦੀ ਯਾਦ ਦਿਵਾਉਂਦੀਆਂ ਹਨ, ਜਿਨ੍ਹਾਂ ਦੀਆਂ ਜਾਨਾਂ ਨਸ਼ਿਆਂ ਕਾਰਨ ਚਲੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਹੋਰ ਮਾਂ ਦਾ ਪੁੱਤਰ ਨਸ਼ਿਆਂ ਕਾਰਨ ਆਪਣੀ ਜਾਨ ਨਾ ਗੁਆਵੇ।
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਚੁੱਕਦਿਆਂ ਜਾਖੜ ਨੇ ਪੁਲਿਸ ਵੱਲੋਂ ਦਰਜ ਕੀਤੇ ਮਾਮਲਿਆਂ ਅਤੇ ਗ੍ਰਿਫ਼ਤਾਰੀਆਂ ਦੇ ਅੰਕੜਿਆਂ ਦਾ ਹਵਾਲਾ ਦਿੱਤਾ।ਉਨ੍ਹਾਂ ਦਾਅਵਾ ਕੀਤਾ ਕਿ ਮਾਰਚ 2025 ਵਿੱਚ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਪਹਿਲੇ ਤਿੰਨ ਮਹੀਨਿਆਂ ਵਿੱਚ 8,344 ਐੱਫਆਈਆਰ ਦਰਜ ਹੋਈਆਂ ਅਤੇ 13 ਹਜ਼ਾਰ ਤੋਂ ਵੱਧ ਲੋਕ ਗ੍ਰਿਫ਼ਤਾਰ ਕੀਤੇ ਗਏ ਸਨ। ਉਨ੍ਹਾਂ ਮੁਤਾਬਕ, ਸਤੰਬਰ 2026 ਵਿੱਚ ਪੁਲਿਸ ਵੱਲੋਂ 79 ਹਜ਼ਾਰ ਗ੍ਰਿਫ਼ਤਾਰੀਆਂ ਦਾ ਅੰਕੜਾ ਦੱਸਿਆ ਜਾ ਰਿਹਾ ਹੈ।
ਜਾਖੜ ਨੇ ਸਵਾਲ ਕੀਤਾ ਕਿ ਜੇਕਰ ਇਹ ਅੰਕੜੇ ਸਹੀ ਹਨ ਤਾਂ ਨਸ਼ਿਆਂ ਦੀ ਵਿਕਰੀ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਕੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਦੀ ਜਵਾਬਦੇਹੀ ਬਾਰੇ ਵੀ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਹੋਰ ਸਖ਼ਤ ਕਦਮ ਚੁੱਕਣ ਦੀ ਲੋੜ ਹੈ।ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਗੈਂਗਸਟਰਾਂ ਨੂੰ ਜੱਫੀਆਂ ਪਾ ਕੇ ਪਾਰਟੀ ਵਿੱਚ ਸ਼ਾਮਲ ਕਰ ਰਹੇ ਹਨ।
ਪੰਜਾਬ ਦੀਆਂ ਮਾਵਾਂ ਮੰਗਦੀਆਂ ਜਵਾਬ
ਨਸ਼ੇ ਦੇ ਇਸ ਕਾਲੇ ਕੋਹੜ ਨੇ ਪੰਜਾਬ ਦੇ ਘਰ-ਘਰ ਵਿੱਚ ਕਦੇ ਨਾ ਮਿਟਣ ਵਾਲਾ ਦਰਦ ਦਿੱਤਾ ਹੈ। ਇਹ ਉਹ ਪੀੜ ਹੈ, ਜਿਹੜਾ ਨਾ ਤਾਂ ਝੱਲਿਆ ਜਾਂਦਾ ਹੈ ਅਤੇ ਨਾ ਹੀ ਸਹਿਆ ਜਾਂਦਾ ਹੈ। ਇਸ ਜ਼ਹਿਰ ਨੇ ਸਾਡੇ ਹੱਸਦੇ-ਵੱਸਦੇ ਜਵਾਨ ਪੁੱਤਰਾਂ ਤੇ ਪਤੀਆਂ ਨੂੰ ਮੌਤ ਦੇ ਮੂੰਹ ਵਿੱਚ ਧੱਕ ਦਿੱਤਾ ਹੈ।
ਆਖਿਰ ਕਦੋਂ ਤੱਕ ਮਾਵਾਂ… pic.twitter.com/rcVCTpoJsJ
— Kewal Singh Dhillon (@KewalDhillonPB) September 17, 2026
‘ਪੁਲਿਸ ਕਹਿੰਦੀ ਹੈ ਨਸ਼ਾ ਖਰੀਦੋ, ਫਿਰ ਫੜਾਂਗੇ’
ਪ੍ਰੈੱਸ ਕਾਨਫਰੰਸ ਵਿੱਚ ਅਬੋਹਰ ਤੋਂ ਪਹੁੰਚੀ ਇੱਕ ਲੜਕੀ ਨੇ ਆਪਣੇ ਭਰਾ ਨਾਲ ਵਾਪਰੀ ਘਟਨਾ ਬਾਰੇ ਦੱਸਿਆ। ਉਸ ਨੇ ਕਿਹਾ ਕਿ ਉਸ ਨੂੰ ਆਪਣੇ ਭਰਾ ਦੇ ਨਸ਼ਾ ਕਰਨ ਬਾਰੇ ਪਤਾ ਸੀ ਅਤੇ ਉਸ ਨੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਸੀ।ਲੜਕੀ ਮੁਤਾਬਕ, ਉਸ ਨੇ ਪੁਲਿਸ ਦੇ 100 ਨੰਬਰ ’ਤੇ ਫੋਨ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਹੈਲਪਲਾਈਨ ’ਤੇ ਸੰਪਰਕ ਕਰਨ ਲਈ ਕਿਹਾ ਗਿਆ। ਉਸ ਨੇ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਉਸ ਨੂੰ ਨਸ਼ਾ ਖਰੀਦਣ ਅਤੇ ਫਿਰ ਮੌਕੇ ’ਤੇ ਕਾਰਵਾਈ ਕਰਨ ਦੀ ਗੱਲ ਕਹੀ ਗਈ।
ਲੜਕੀ ਨੇ ਸਵਾਲ ਕੀਤਾ ਕਿ ਜਦੋਂ ਉਸ ਨੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦਿੱਤੀ ਸੀ ਤਾਂ ਪੁਲਿਸ ਵੱਲੋਂ ਕਾਰਵਾਈ ਕਿਉਂ ਨਹੀਂ ਕੀਤੀ ਗਈ।ਉਸ ਦੀ ਮਾਂ ਨੇ ਆਪਣੇ ਇਕਲੌਤੇ ਪੁੱਤਰ ਦੀ ਮੌਤ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਲਾਸ਼ ਨੂੰ ਚਾਰ ਘੰਟੇ ਤੱਕ ਨਾ ਚੁੱਕਣ ਦੀ ਗੱਲ ਕਹੀ ਗਈ ਸੀ। ਪਰਿਵਾਰ ਨੇ ਇਸ ਘਟਨਾ ਨੂੰ ਲੈ ਕੇ ਆਪਣਾ ਦਰਦ ਬਿਆਨ ਕੀਤਾ।
ਕਿਸੇ ਦੇ ਦੋਵੇਂ ਪੁੱਤਰ ਗੁਆਚੇ, ਕੋਈ ਪੁੱਤਰ ਦੀ ਜ਼ਿੰਦਗੀ ਲਈ ਮੰਗ ਰਿਹਾ ਮਦਦ
ਪ੍ਰੈੱਸ ਕਾਨਫਰੰਸ ਦੌਰਾਨ ਇੱਕ ਹੋਰ ਮਹਿਲਾ ਨੇ ਦੱਸਿਆ ਕਿ ਉਸ ਦੇ ਦੋਵੇਂ ਪੁੱਤਰ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਆਪਣੀ ਜਾਨ ਗੁਆ ਬੈਠੇ। ਉਸ ਨੇ ਕਿਹਾ ਕਿ ਹੁਣ ਉਹ ਝਾੜੂ-ਪੋਚਾ ਲਗਾ ਕੇ ਆਪਣਾ ਗੁਜ਼ਾਰਾ ਕਰ ਰਹੀ ਹੈ।ਮੋਰਿੰਡਾ ਤੋਂ ਪਹੁੰਚੇ ਇੱਕ ਵਿਅਕਤੀ ਨੇ ਦੱਸਿਆ ਕਿ ਉਸ ਦਾ ਪੁੱਤਰ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪਰਿਵਾਰ ਨੂੰ ਇਹ ਵੀ ਪਤਾ ਨਹੀਂ ਲੱਗ ਸਕਿਆ ਕਿ ਉਸ ਦਾ ਪੁੱਤਰ ਕਦੋਂ ਨਸ਼ਿਆਂ ਦੀ ਲਪੇਟ ਵਿੱਚ ਆ ਗਿਆ।ਉਸ ਨੇ ਸਰਕਾਰ ਤੋਂ ਮਦਦ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।ਖਰੜ ਦੇ ਘੜੂੰਆਂ ਤੋਂ ਪਹੁੰਚੇ ਇੱਕ ਨੌਜਵਾਨ ਨੇ ਵੀ ਆਪਣੀ ਨਸ਼ੇ ਦੀ ਆਦਤ ਬਾਰੇ ਦੱਸਿਆ ਅਤੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ। ਨਵਾਂਸ਼ਹਿਰ ਤੋਂ ਆਏ ਇੱਕ ਹੋਰ ਨੌਜਵਾਨ ਨੇ ਵੀ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਕਾਰਵਾਈ ਨਾ ਹੋਣ ਦਾ ਦਾਅਵਾ ਕੀਤਾ।
ਨਸ਼ਿਆਂ ਖ਼ਿਲਾਫ਼ ਕਾਰਵਾਈ ਅਤੇ ਇਨਸਾਫ਼ ਦੀ ਮੰਗ
‘ਮਾਵਾਂ ਮੰਗਦੀਆਂ ਜਵਾਬ’ ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਪਰਿਵਾਰਾਂ ਨੇ ਨਸ਼ਿਆਂ ਕਾਰਨ ਹੋਏ ਨੁਕਸਾਨ ਬਾਰੇ ਆਪਣੀਆਂ ਕਹਾਣੀਆਂ ਸਾਂਝੀਆਂ ਕੀਤੀਆਂ।ਪਰਿਵਾਰਾਂ ਦੀ ਮੁੱਖ ਮੰਗ ਸੀ ਕਿ ਨਸ਼ਿਆਂ ਦੀ ਵਿਕਰੀ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਕਾਰਨ ਹੋਈਆਂ ਮੌਤਾਂ ਦੇ ਮਾਮਲਿਆਂ ਵਿੱਚ ਇਨਸਾਫ਼ ਦਿੱਤਾ ਜਾਵੇ।ਇਸ ਮੌਕੇ ਭਾਜਪਾ ਆਗੂਆਂ ਨੇ ਵੀ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਘੇਰਿਆ ਅਤੇ ਨਸ਼ਾ ਮੁਕਤ ਪੰਜਾਬ ਲਈ ਆਪਣੀ ਮੁਹਿੰਮ ਦਾ ਐਲਾਨ ਕੀਤਾ।ਹੁਣ ਦੇਖਣਾ ਹੋਵੇਗਾ ਕਿ ਨਸ਼ਿਆਂ ਨਾਲ ਪ੍ਰਭਾਵਿਤ ਪਰਿਵਾਰਾਂ ਦੀਆਂ ਮੰਗਾਂ ’ਤੇ ਸਰਕਾਰ ਵੱਲੋਂ ਕੀ ਕਦਮ ਚੁੱਕੇ ਜਾਂਦੇ ਹਨ।
