ਮੋਹਾਲੀ: ਪੰਜਾਬ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ 18 ਸਤੰਬਰ 2026 ਤੋਂ 17 ਨਵੰਬਰ 2026 ਤੱਕ ਲਾਗੂ ਰਹਿਣਗੇ।
ਰਾਤ ਸਮੇਂ ਝੋਨੇ ਦੀ ਕਟਾਈ ’ਤੇ ਕਿਉਂ ਲੱਗੀ ਪਾਬੰਦੀ?
ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ਨਾਲ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ। ਇਸ ਤੋਂ ਇਲਾਵਾ ਰਾਤ ਵੇਲੇ ਤਰੇਲ ਅਤੇ ਬੇਮੌਸਮੀ ਮੀਂਹ ਕਾਰਨ ਝੋਨੇ ਵਿੱਚ ਨਮੀ ਵਧ ਸਕਦੀ ਹੈ।ਜਦੋਂ ਝੋਨਾ ਪੂਰੀ ਤਰ੍ਹਾਂ ਸੁੱਕਿਆ ਨਾ ਹੋਵੇ ਜਾਂ ਦਾਣਾ ਕੱਚਾ ਅਤੇ ਹਰਾ ਹੋਵੇ ਤਾਂ ਇਸ ਵਿੱਚ ਨਮੀ ਜ਼ਿਆਦਾ ਰਹਿ ਜਾਂਦੀ ਹੈ। ਇਸ ਕਾਰਨ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇ ਝੋਨੇ ਵਿੱਚ ਨਮੀ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਤੋਂ ਵੱਧ ਹੋਵੇ ਤਾਂ ਖਰੀਦ ਏਜੰਸੀਆਂ ਲਈ ਉਸ ਦੀ ਖਰੀਦ ਕਰਨਾ ਮੁਸ਼ਕਲ ਹੋ ਸਕਦਾ ਹੈ। ਇਸ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਵੀ ਪ੍ਰਭਾਵਿਤ ਹੋਣ ਦਾ ਖਦਸ਼ਾ ਰਹਿੰਦਾ ਹੈ।
SMS ਤੋਂ ਬਿਨਾਂ ਵੀ ਨਹੀਂ ਚੱਲੇਗੀ ਕੰਬਾਈਨ
ਨਵੇਂ ਹੁਕਮਾਂ ਤਹਿਤ ਕੰਬਾਈਨ ਮਾਲਕ ਬਿਨਾਂ SMS ਲਗਾਏ ਝੋਨੇ ਦੀ ਕਟਾਈ ਨਹੀਂ ਕਰ ਸਕਣਗੇ। ਪ੍ਰਸ਼ਾਸਨ ਵੱਲੋਂ ਇਸ ਨਿਯਮ ਦੀ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪਰਾਲੀ ਸਾੜਨ ’ਤੇ ਵੀ ਪੂਰਨ ਪਾਬੰਦੀ
ਝੋਨੇ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ-ਖੂੰਹਦ ਜਾਂ ਪਰਾਲੀ ਨੂੰ ਅੱਗ ਲਗਾਉਣ ’ਤੇ ਵੀ ਜ਼ਿਲ੍ਹੇ ਵਿੱਚ ਪੂਰਨ ਪਾਬੰਦੀ ਰਹੇਗੀ।ਪ੍ਰਸ਼ਾਸਨ ਮੁਤਾਬਕ ਪਰਾਲੀ ਸਾੜਨ ਨਾਲ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ। ਇਸ ਦੇ ਨਾਲ ਹੀ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ।
ਇਸ ਤਹਿਤ ਮੋਹਾਲੀ ਜ਼ਿਲ੍ਹੇ ਦੀ ਹਦੂਦ ਅੰਦਰ:
- ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ
- ਬਿਨਾਂ SMS ਵਾਲੀ ਕੰਬਾਈਨ ਨਾਲ ਕਟਾਈ ’ਤੇ ਰੋਕ
- ਝੋਨੇ ਦੀ ਰਹਿੰਦ-ਖੂੰਹਦ ਸਾੜਨ ’ਤੇ ਪੂਰਨ ਪਾਬੰਦੀ
- ਹੁਕਮ 18 ਸਤੰਬਰ ਤੋਂ 17 ਨਵੰਬਰ 2026 ਤੱਕ ਲਾਗੂ ਰਹਿਣਗੇ
ਪ੍ਰਸ਼ਾਸਨ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਫ਼ਸਲ ਦੀ ਖਰੀਦ, ਕਿਸਾਨਾਂ ਦੀ ਸਹੂਲਤ ਅਤੇ ਵਾਤਾਵਰਣ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ।
