Amritsar Police Encounter: ਅੰਮ੍ਰਿਤਸਰ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ASI ਜਸਵੰਤ ਸਿੰਘ ’ਤੇ ਗੋਲੀ ਚਲਾਉਣ ਦੇ ਮਾਮਲੇ ਨਾਲ ਜੁੜੇ ਮੁੱਖ ਮੁਲਜ਼ਮ ਕਰਨਬੀਰ ਸਿੰਘ ਉਰਫ਼ ਕਰਨ ਦੀ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮੌਤ ਹੋ ਗਈ ਹੈ। ਪੁਲਿਸ ਮੁਤਾਬਕ, ਇਸ ਐਨਕਾਊਂਟਰ ਦੌਰਾਨ ਇੱਕ ਪੁਲਿਸ ਜਵਾਨ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਹੈ।
ਜਾਣਕਾਰੀ ਮੁਤਾਬਕ, ਬੀਤੀ 11 ਸਤੰਬਰ ਨੂੰ ASI ਜਸਵੰਤ ਸਿੰਘ ਡਿਊਟੀ ਖ਼ਤਮ ਕਰਨ ਤੋਂ ਬਾਅਦ ਅਜਨਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ’ਤੇ ਪਿੰਡ ਭੱਲਾ ਨੇੜੇ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਗਈਆਂ ਸਨ।ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਕਰਨਬੀਰ ਸਿੰਘ ਉਰਫ਼ ਕਰਨ ਨੂੰ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਦੱਸਿਆ ਗਿਆ।
ਗੁਪਤ ਸੂਚਨਾ ’ਤੇ ਪੁਲਿਸ ਨੇ ਕੀਤੀ ਘੇਰਾਬੰਦੀ
ਜਾਣਕਾਰੀ ਹੈ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਰਨਬੀਰ ਸਿੰਘ ਇਲਾਕੇ ਵਿੱਚ ਮੌਜੂਦ ਹੈ ਅਤੇ ਕਿਸੇ ਹੋਰ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਹੈ।ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਵਿਸ਼ੇਸ਼ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰਨ ਲਈ ਘੇਰਾਬੰਦੀ ਕੀਤੀ।
ਪੁਲਿਸ ’ਤੇ ਚਲਾਈਆਂ ਗੋਲੀਆਂ
ਪੁਲਿਸ ਦੇ ਅਨੁਸਾਰ, ਟੀਮ ਵੱਲੋਂ ਮੁਲਜ਼ਮ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਗਿਆ। ਇਸ ਦੌਰਾਨ ਕਰਨਬੀਰ ਸਿੰਘ ਨੇ ਕਥਿਤ ਤੌਰ ’ਤੇ ਪੁਲਿਸ ਟੀਮ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।ਗੋਲੀਬਾਰੀ ਦੌਰਾਨ ਇੱਕ ਪੁਲਿਸ ਜਵਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ।ਇਸ ਤੋਂ ਬਾਅਦ ਪੁਲਿਸ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ। ਇਸ ਕਾਰਵਾਈ ਵਿੱਚ ਕਰਨਬੀਰ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।ਪੁਲਿਸ ਮੁਤਾਬਕ, ਉਸ ਨੂੰ ਮੈਡੀਕਲ ਸਹਾਇਤਾ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜੋ: ਸਾਵਧਾਨ! 28 ਤੋਂ 30 ਸਤੰਬਰ ਤੱਕ ਬੈਂਕ ਹੜਤਾਲ, SBI ਸਮੇਤ ਕਈ ਬੈਂਕਾਂ ਨੇ ਜਾਰੀ ਕੀਤੀ ਐਡਵਾਈਜ਼ਰੀ
ਕੁਝ ਦਿਨ ਪਹਿਲਾਂ ਪੁਲਿਸ ਹਿਰਾਸਤ ’ਚੋਂ ਹੋ ਗਿਆ ਸੀ ਫ਼ਰਾਰ
ਦੱਸਿਆ ਜਾ ਰਿਹਾ ਹੈ ਕਿ ਕਰਨਬੀਰ ਸਿੰਘ ਕੁਝ ਦਿਨ ਪਹਿਲਾਂ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਸੀ। ਉਸ ਦੇ ਫ਼ਰਾਰ ਹੋਣ ਤੋਂ ਬਾਅਦ ਪੁਲਿਸ ਦੀਆਂ ਕਈ ਟੀਮਾਂ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ।ਪੁਲਿਸ ਵੱਲੋਂ ਉਸ ਦੇ ਸੰਭਾਵੀ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।
ਉੱਚ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
