ਮੋਗਾ: ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਰਿਸ਼ਵਤਖੋਰੀ ਦੇ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ ਵਿਜੀਲੈਂਸ ਬਿਊਰੋ ਵੱਲੋਂ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਥਾਣਾ ਕੋਟ ਈਸੇ ਖਾਂ ਦੀ ਇੰਚਾਰਜ ਸੁਨੀਤਾ ਬਾਵਾ ਨੂੰ ਇੱਕ ਪੰਜਾਬ ਹੋਮ ਗਾਰਡ ਦੇ ਜਵਾਨ ਸਮੇਤ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਮੋਗਾ ਦੇ ਪਿੰਡ ਨੂਰਪੁਰ ਹਕੀਮਾ ਨਾਲ ਸਬੰਧਤ ਇੱਕ ਪਰਿਵਾਰ ਨੂੰ ਕਥਿਤ ਤੌਰ ‘ਤੇ NDPS ਮਾਮਲੇ ਵਿੱਚ ਫਸਾਉਣ ਦੀ ਧਮਕੀ ਦੇ ਕੇ 2 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਅਦ ਵਿੱਚ ਇਹ ਸੌਦਾ ਕਥਿਤ ਤੌਰ ‘ਤੇ 1 ਲੱਖ ਰੁਪਏ ਵਿੱਚ ਤੈਅ ਹੋਇਆ।ਇਸ ਸਬੰਧੀ ਰਾਜਵਿੰਦਰ ਸਿੰਘ ਵਾਸੀ ਨੂਰਪੁਰ ਹਕੀਮਾ ਵੱਲੋਂ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਗਈ ਸੀ।
50 ਹਜ਼ਾਰ ਰੁਪਏ ਲੈਂਦਿਆਂ ਕਥਿਤ ਸਹਿਯੋਗੀ ਕਾਬੂ
ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਟੀਮ ਵੱਲੋਂ ਜਾਲ ਵਿਛਾਇਆ ਗਿਆ। ਜਾਣਕਾਰੀ ਮੁਤਾਬਕ, ਇਸ ਕਾਰਵਾਈ ਦੌਰਾਨ ਮਹਿਲਾ SHO ਦੇ ਕਥਿਤ ਸਹਿਯੋਗੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ।ਇਸ ਤੋਂ ਬਾਅਦ ਮਹਿਲਾ SHO ਸੁਨੀਤਾ ਬਾਵਾ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ। ਵਿਜੀਲੈਂਸ ਵੱਲੋਂ ਮਾਮਲੇ ਵਿੱਚ ਦੋਵਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਵਿਜੀਲੈਂਸ ਟੀਮ ਨੇ ਕੀਤੀ ਕਾਰਵਾਈ
ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਫਿਰੋਜ਼ਪੁਰ ਵਿਜੀਲੈਂਸ ਦੀ ਇੰਸਪੈਕਟਰ ਗਗਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ ਵੱਲੋਂ ਕੀਤੀ ਗਈ। ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮਾਂ ਨੂੰ ਵਿਜੀਲੈਂਸ ਦਫ਼ਤਰ ਲਿਜਾਇਆ ਗਿਆ, ਜਿੱਥੇ ਦੇਰ ਰਾਤ ਤੱਕ ਪੁੱਛਗਿੱਛ ਕੀਤੇ ਜਾਣ ਦੀ ਜਾਣਕਾਰੀ ਹੈ।ਫਿਲਹਾਲ ਵਿਜੀਲੈਂਸ ਵੱਲੋਂ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਨਾਲ ਜੁੜੇ ਦੋਸ਼ਾਂ ਦੀ ਅੰਤਿਮ ਪੁਸ਼ਟੀ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਹੋਵੇਗੀ।
