ਜਲੰਧਰ: ਭਾਜਪਾ ਦੀ ਮਹਾਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਵੱਡੇ ਬਿਆਨ ਦਿੱਤੇ। ਉਨ੍ਹਾਂ ਨੇ ਪੰਜਾਬ ਦੇ ਜਵਾਨਾਂ ਦੀ ਦੇਸ਼ ਦੀ ਸੁਰੱਖਿਆ ਵਿੱਚ ਭੂਮਿਕਾ, ਕਿਸਾਨਾਂ ਦੀਆਂ ਸਮੱਸਿਆਵਾਂ, ਨਸ਼ੇ ਦਾ ਮੁੱਦਾ, ਨੌਜਵਾਨਾਂ ਲਈ ਰੁਜ਼ਗਾਰ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਆਪਣਾ ਪੱਖ ਰੱਖਿਆ।
ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਦੀ ਗੱਲ ਆਉਣ ’ਤੇ ਪੰਜਾਬ ਦੇ ਜਵਾਨ ਹਮੇਸ਼ਾ ਸਭ ਤੋਂ ਅੱਗੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਫੌਜ ਵਿੱਚ ‘ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦਾ ਜੈਕਾਰਾ ਗੂੰਜਦਾ ਹੈ ਤਾਂ ਪਾਕਿਸਤਾਨੀ ਫੌਜ ਪੁੱਠੇ ਪੈਰੀਂ ਭੱਜ ਜਾਂਦੀ ਹੈ।
ਕਿਸਾਨਾਂ ਨੂੰ ਲੈ ਕੇ ਵੀ ਚੁੱਕਿਆ ਮੁੱਦਾ
ਕਿਸਾਨਾਂ ਦਾ ਜ਼ਿਕਰ ਕਰਦਿਆਂ ਸ਼ਾਹ ਨੇ ਕਿਹਾ ਕਿ ਜਦੋਂ ਵੀ ਦੇਸ਼ ਨੂੰ ਅੰਨ ਦੀ ਲੋੜ ਪਈ, ਪੰਜਾਬ ਦੇ ਕਿਸਾਨਾਂ ਨੇ ਮਿਹਨਤ ਕਰਕੇ ਦੇਸ਼ ਦੇ ਅੰਨ ਭੰਡਾਰ ਭਰੇ ਹਨ।ਉਨ੍ਹਾਂ ਪੰਜਾਬ ਸਰਕਾਰ ’ਤੇ 26 ਫਸਲਾਂ ’ਤੇ MSP ਦੇਣ ਦਾ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਾਇਆ। ਸ਼ਾਹ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਦਾ ਪੱਕਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ
ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ੇ ਦੇ ਮੁੱਦੇ ਨੂੰ ਵੀ ਆਪਣੀ ਤਕਰੀਰ ਦਾ ਅਹਿਮ ਹਿੱਸਾ ਬਣਾਇਆ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਕਈ ਪਰਿਵਾਰ ਆਪਣੇ ਬੱਚਿਆਂ ਨੂੰ ਗੁਆ ਰਹੇ ਹਨ।ਉਨ੍ਹਾਂ ਕਿਹਾ ਕਿ ਭਾਜਪਾ ਨਸ਼ਾ ਮੁਕਤ ਪੰਜਾਬ ਦੇ ਵਾਅਦੇ ਨੂੰ ਪੂਰਾ ਕਰਨ ਲਈ ਕੰਮ ਕਰੇਗੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਉਚਿਤ ਮੌਕੇ ਦੇਣ ਦੀ ਗੱਲ ਕੀਤੀ।ਸ਼ਾਹ ਨੇ ਨਸ਼ੇ ਕਾਰਨ ਆਪਣੇ ਬੱਚੇ ਗੁਆ ਚੁੱਕੀਆਂ ਮਾਵਾਂ ਨਾਲ ਮੁਲਾਕਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ੇ ਦੀ ਸਮੱਸਿਆ ਪੰਜਾਬ ਲਈ ਬਹੁਤ ਗੰਭੀਰ ਚੁਣੌਤੀ ਹੈ।
ਅਮਿਤ ਸ਼ਾਹ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਐਂਟੀ-ਡਰੱਗਜ਼ ਨਾਲ ਸਬੰਧਤ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜਲੰਧਰ ਵਿੱਚ NCB ਦਫ਼ਤਰ ਖੋਲ੍ਹਣ ਸਬੰਧੀ ਕੇਂਦਰ ਦੇ ਪ੍ਰਸਤਾਵ ਨੂੰ ਪੰਜਾਬ ਸਰਕਾਰ ਨੇ ਠੁਕਰਾ ਦਿੱਤਾ।
ਮੋਗਾ ਇਸ਼ਤਿਹਾਰ ਮਾਮਲੇ ’ਤੇ ਵੀ ਸਵਾਲ
ਸ਼ਾਹ ਨੇ ਮੋਗਾ ਵਿੱਚ ਇਸ਼ਤਿਹਾਰ ਵੰਡ ਨਾਲ ਸਬੰਧਤ ਕਥਿਤ ਘਪਲੇ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਪੰਜਾਬ ਸਰਕਾਰ ’ਤੇ ਜਨਤਾ ਦੇ ਪੈਸੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਅਤੇ ਦਾਅਵਾ ਕੀਤਾ ਕਿ ਹਰ ਸਾਲ ਲਗਭਗ 785 ਕਰੋੜ ਰੁਪਏ ਇਸ਼ਤਿਹਾਰਾਂ ਅਤੇ ਪ੍ਰਚਾਰ ’ਤੇ ਖਰਚ ਕੀਤੇ ਜਾ ਰਹੇ ਹਨ।
ਬਰਨਾਲਾ ਭੂਮੀ ਅਤੇ ਪੰਜੀਰੀ ਮਾਮਲੇ ਦਾ ਵੀ ਜ਼ਿਕਰ
ਅਮਿਤ ਸ਼ਾਹ ਨੇ ਬਰਨਾਲਾ ਭੂਮੀ ਮਾਮਲੇ ਦੀ ਜਾਂਚ ਦੀ ਮੰਗ ਕੀਤੀ। ਇਸ ਦੇ ਨਾਲ ਹੀ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਵੰਡੀ ਜਾਣ ਵਾਲੀ ਪੰਜੀਰੀ ਵਿੱਚ ਕਥਿਤ ਘਪਲੇ ਦਾ ਵੀ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਥਿਤ ਗੈਰਕਾਨੂੰਨੀ ਉਗਰਾਹੀ ਦੇ ਮਾਮਲੇ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੁੰਦੇ ਹਨ।
ਮਾਈਨਿੰਗ ਦੀ ਆਮਦਨ ’ਤੇ CM ਭਗਵੰਤ ਮਾਨ ਨੂੰ ਘੇਰਿਆ
ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਲੈਂਦਿਆਂ ਪੰਜਾਬ ਵਿੱਚ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਵਾਲ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਗੈਰਕਾਨੂੰਨੀ ਮਾਈਨਿੰਗ ਰੋਕ ਕੇ ਸਰਕਾਰੀ ਆਮਦਨ ਵਧਾਉਣ ਦਾ ਵਾਅਦਾ ਕੀਤਾ ਸੀ, ਪਰ ਮਾਈਨਿੰਗ ਤੋਂ ਹੋਣ ਵਾਲੀ ਆਮਦਨ ਵਿੱਚ ਵਾਧਾ ਨਹੀਂ ਹੋਇਆ।
2027 ਤੋਂ ਪਹਿਲਾਂ ਭਾਜਪਾ ਦਾ ਪੰਜਾਬ ’ਤੇ ਫੋਕਸ
ਜਲੰਧਰ ਦੀ ਇਸ ਮਹਾਰੈਲੀ ਵਿੱਚ ਅਮਿਤ ਸ਼ਾਹ ਨੇ ਨਸ਼ਾ, ਕਿਸਾਨੀ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸੁਰੱਖਿਆ ਵਰਗੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖਿਆ। ਉਨ੍ਹਾਂ ਦੇ ਬਿਆਨਾਂ ਨਾਲ ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਸਮੇਂ ਦੌਰਾਨ ਇਨ੍ਹਾਂ ਮੁੱਦਿਆਂ ਦੇ ਹੋਰ ਕੇਂਦਰ ਵਿੱਚ ਰਹਿਣ ਦੇ ਸੰਕੇਤ ਮਿਲੇ ਹਨ।
