ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਤੋਂ ਬਾਅਦ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਵਿੱਚ ਪਾਰਟੀ ਨੂੰ ਇਕਜੁੱਟ ਕਰਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਗੱਲ ਆਖੀ ਹੈ। ਕਾਂਗਰਸ ਹਾਈਕਮਾਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਈ ਹੈ।
ਪਰਗਟ ਸਿੰਘ ਨੇ ਹਾਈਕਮਾਨ ਦਾ ਕੀਤਾ ਧੰਨਵਾਦ
ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੋਂ ਬਾਅਦ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਲਈ ਪੂਰੀ ਲਗਨ ਤੇ ਵਚਨਬੱਧਤਾ ਨਾਲ ਕੰਮ ਕਰਨਗੇ।ਪਰਗਟ ਸਿੰਘ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ।
“ਕਾਂਗਰਸ ਵਿੱਚ ਕੋਈ ਧੜੇਬੰਦੀ ਨਹੀਂ”
ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਪੁੱਛੇ ਸਵਾਲ ’ਤੇ ਪਰਗਟ ਸਿੰਘ ਨੇ ਧੜੇਬੰਦੀ ਦੀ ਗੱਲ ਨੂੰ ਰੱਦ ਕੀਤਾ। ਉਨ੍ਹਾਂ ਕਿਹਾ ਕਿ ਉਹ ਖੁਦ ਨੂੰ “ਟੀਮ ਦਾ ਖਿਡਾਰੀ” ਮੰਨਦੇ ਹਨ ਅਤੇ ਪਾਰਟੀ ਦੇ ਸਾਰੇ ਸੀਨੀਅਰ ਆਗੂ ਉਨ੍ਹਾਂ ਲਈ ਸਤਿਕਾਰਯੋਗ ਹਨ।ਪਰਗਟ ਸਿੰਘ ਨੇ ਰਾਜਾ ਵੜਿੰਗ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਵੜਿੰਗ ਨੇ ਪਾਰਟੀ ਲਈ ਕੰਮ ਕੀਤਾ ਹੈ ਅਤੇ ਉਹ ਵੀ ਕਾਂਗਰਸ ਦੀ ਟੀਮ ਦਾ ਹਿੱਸਾ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਲਈ ਮੁੱਖ ਮੁੱਦਾ ਪੰਜਾਬ ਹੈ ਅਤੇ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ’ਤੇ ਕੀ ਬੋਲੇ ਪਰਗਟ ਸਿੰਘ?
ਕੈਪਟਨ ਅਮਰਿੰਦਰ ਸਿੰਘ ਨਾਲ ਜੁੜੇ ਸਵਾਲ ’ਤੇ ਪਰਗਟ ਸਿੰਘ ਨੇ ਕਿਹਾ ਕਿ ਜੋ ਵੀ ਵਿਅਕਤੀ ਪੰਜਾਬ ਲਈ ਯੋਗਦਾਨ ਪਾਉਣਾ ਚਾਹੁੰਦਾ ਹੈ, ਉਸ ਦਾ ਸਵਾਗਤ ਹੈ।ਉਨ੍ਹਾਂ ਦੇ ਇਸ ਬਿਆਨ ਨੂੰ ਪੰਜਾਬ ਕਾਂਗਰਸ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਰੁਖ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਬਾਰੇ ਕੋਈ ਵਿਸਥਾਰਤ ਐਲਾਨ ਨਹੀਂ ਕੀਤਾ।
ਰਾਜਾ ਵੜਿੰਗ ਤੋਂ ਬਾਅਦ ਮਿਲੀ ਕਮਾਨ
ਪਰਗਟ ਸਿੰਘ ਦੀ ਨਿਯੁਕਤੀ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਇਸ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ।ਪਰਗਟ ਸਿੰਘ ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਹਨ। ਉਹ ਪੰਜਾਬ ਸਰਕਾਰ ਵਿੱਚ ਸਿੱਖਿਆ ਅਤੇ ਖੇਡ ਮੰਤਰੀ ਵੀ ਰਹਿ ਚੁੱਕੇ ਹਨ।
ਹੁਣ ਉਨ੍ਹਾਂ ਦੇ ਸਾਹਮਣੇ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਚਲਾਉਣ ਅਤੇ ਪਾਰਟੀ ਦੇ ਵੱਖ-ਵੱਖ ਆਗੂਆਂ ਨੂੰ ਇਕੱਠੇ ਲੈ ਕੇ ਚੱਲਣ ਦੀ ਜ਼ਿੰਮੇਵਾਰੀ ਹੈ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਨਿਯੁਕਤੀ ਨੂੰ ਪਾਰਟੀ ਲਈ ਇੱਕ ਮਹੱਤਵਪੂਰਨ ਸੰਗਠਨਾਤਮਕ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।
