CBI Raid in Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਵੱਡੀ ਕਾਰਵਾਈ ਕੀਤੀ ਹੈ। CBI ਨੇ ਪੰਜਾਬ ਦੇ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਸਮੇਤ ਛੇ ਨਾਮਜ਼ਦ ਵਿਅਕਤੀਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ FIR ਦਰਜ ਕੀਤੀ ਹੈ।
CBI ਮੁਤਾਬਕ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਹੈ। FIR ਦਰਜ ਹੋਣ ਤੋਂ ਬਾਅਦ CBI ਦੀਆਂ ਟੀਮਾਂ ਨੇ ਪੰਜਾਬ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਮੁਲਜ਼ਮਾਂ ਨਾਲ ਸਬੰਧਤ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।
ਮੋਹਾਲੀ ਤੋਂ ਸੰਗਰੂਰ ਤੱਕ CBI ਦੀ ਛਾਪੇਮਾਰੀ
CBI ਦੀ ਕਾਰਵਾਈ ਦੌਰਾਨ ਮੋਹਾਲੀ ਦੇ ਫੇਜ਼-11 ਵਿੱਚ OSD ਰਾਜਬੀਰ ਸਿੰਘ ਘੁੰਮਣ ਦੇ ਭਰਾ ਗੁਰਕਿਰਪਾਲ ਸਿੰਘ ਥਿੰਡ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ ਚੰਡੀਗੜ੍ਹ, ਮੋਹਾਲੀ ਅਤੇ ਸੰਗਰੂਰ ਸਮੇਤ ਕਈ ਥਾਵਾਂ ’ਤੇ CBI ਦੀਆਂ ਟੀਮਾਂ ਪਹੁੰਚੀਆਂ।ਜਾਣਕਾਰੀ ਮੁਤਾਬਕ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਨਾਲ ਜੁੜੇ ਟਿਕਾਣਿਆਂ ’ਤੇ ਵੀ CBI ਦੀ ਕਾਰਵਾਈ ਹੋਈ। ਇਸ ਦੇ ਨਾਲ ਹੀ ਘਰਾਚੋਂ ਸਮੇਤ ਪੰਜਾਬ ਵਿੱਚ ਹੋਰ ਥਾਵਾਂ ’ਤੇ ਵੀ ਜਾਂਚ ਏਜੰਸੀ ਵੱਲੋਂ ਛਾਪੇਮਾਰੀ ਕੀਤੀ ਗਈ।
ਟ੍ਰਾਂਸਫਰ-ਪੋਸਟਿੰਗ ਨਾਲ ਜੁੜਿਆ ਹੈ ਮਾਮਲਾ
ਇਹ ਮਾਮਲਾ ਸਰਕਾਰੀ ਅਧਿਕਾਰੀਆਂ ਦੀਆਂ ਟ੍ਰਾਂਸਫਰ-ਪੋਸਟਿੰਗ ਅਤੇ ਸਰਕਾਰੀ ਕੰਮਕਾਜ ਵਿੱਚ ਕਥਿਤ ਦਖ਼ਲਅੰਦਾਜ਼ੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ED ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਕਥਿਤ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ।ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚਿਆ, ਜਿਸ ਤੋਂ ਬਾਅਦ ਹਾਈ ਕੋਰਟ ਨੇ 5 ਅਕਤੂਬਰ ਨੂੰ FIR ਦਰਜ ਕਰਕੇ CBI ਜਾਂਚ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ CBI ਨੇ ਮਾਮਲਾ ਦਰਜ ਕਰਕੇ ਜਾਂਚ ਅੱਗੇ ਵਧਾਈ ਹੈ।
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ
CBI ਜਾਂਚ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ।ਹਾਲਾਂਕਿ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਮਾਮਲੇ ’ਤੇ ਅਗਲੇ ਦਿਨ ਜਾਂ ਉਸ ਤੋਂ ਅਗਲੇ ਦਿਨ ਵਿਚਾਰ ਕੀਤਾ ਜਾਵੇਗਾ।
ਭਗਵੰਤ ਮਾਨ ਜੀ, ਸੀ ਬੀ ਆਈ ਮਾਨਯੋਗ ਹਾਈਕੋਰਟ ਦੇ ਹੁਕਮਾਂ ਤੇ ਆਈ ਹੈ ਨਾ ਕਿ ਭਾਰਤ ਸਰਕਾਰ ਨੇ ਭੇਜੀ ਹੈ।
ਵਿਰਲਾਪ ਬੰਦ ਕਰੋ, ਜੇਕਰ ਸੱਚੇ ਹੋ ਤਾਂ ਡਰ ਕਿਸ ਗੱਲ ਦਾ ਹੈ, ਜਾਂਚ ਦੀ ਨਿਗਰਾਨੀ ਕੋਰਟ ਖੁਦ ਕਰ ਰਹੀ ਹੈ।
ਪਾਪਾਂ ਦਾ ਹਿਸਾਬ ਤਾਂ ਦੇਣਾ ਪਵੇਗਾ। ਪੰਜਾਬ ਦੀ ਕੀਤੀ ਲੁੱਟ ਦੀ ਪਾਈ ਪਾਈ ਦਾ ਹਿਸਾਬ ਹੋਵੇਗਾ।Bhagwant Mann ji, the CBI has not been sent by the Government of India, it has been ordered by the Hon’ble High Court to investigate this loot of Punjab under your watch.
Stop lamenting. The court itself is monitoring the investigation. If you are truthful, what do you have to fear?
You will have to answer for your sins. Every single penny looted from Punjab will be accounted for.
— Sunil Jakhar (@sunilkjakhar) October 6, 2026
ਸੁਨੀਲ ਜਾਖੜ ਨੇ CM ਮਾਨ ’ਤੇ ਸਾਧਿਆ ਨਿਸ਼ਾਨਾ
CBI ਦੀ ਕਾਰਵਾਈ ਤੋਂ ਬਾਅਦ ਪੰਜਾਬ ਭਾਜਪਾ ਆਗੂ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ CBI ਕਿਸੇ ਕੇਂਦਰ ਸਰਕਾਰ ਦੇ ਕਹਿਣ ’ਤੇ ਨਹੀਂ, ਸਗੋਂ ਮਾਨਯੋਗ ਹਾਈ ਕੋਰਟ ਦੇ ਹੁਕਮਾਂ ’ਤੇ ਜਾਂਚ ਕਰ ਰਹੀ ਹੈ।ਜਾਖੜ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜੇਕਰ ਸਭ ਕੁਝ ਸਹੀ ਹੈ ਤਾਂ ਜਾਂਚ ਤੋਂ ਡਰਨ ਦੀ ਲੋੜ ਨਹੀਂ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਨਾਲ ਹੋਈ ਕਥਿਤ ਲੁੱਟ ਦਾ ਹਿਸਾਬ ਹੋਣਾ ਚਾਹੀਦਾ ਹੈ।
CM ਭਗਵੰਤ ਮਾਨ ਨੇ ਕਿਹਾ—ਭਾਜਪਾ ਚੋਣਾਂ ਤੋਂ ਘਬਰਾਈ
CBI ਦੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਪ੍ਰਤੀਕਿਰਿਆ ਵੀ ਸਾਹਮਣੇ ਆਈ। CM ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ED ਅਤੇ CBI ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਨੂੰ ਦੇਖ ਕੇ ਭਾਜਪਾ ਘਬਰਾਹਟ ਵਿੱਚ ਹੈ।
ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ CBI ਦੀ ਕਾਰਵਾਈ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਪ੍ਰਤੀਕਿਰਿਆ ਦਿੱਤੀ ਅਤੇ ‘ਚੱਕ ਲੋ ਚੱਕ ਲੋ ਹੋਗੀ’ ਲਿਖ ਕੇ ਪੋਸਟ ਸਾਂਝੀ ਕੀਤੀ।ਹੁਣ ਇਸ ਪੂਰੇ ਮਾਮਲੇ ਵਿੱਚ CBI ਦੀ ਜਾਂਚ ਕਿਹੜਾ ਰੁਖ ਲੈਂਦੀ ਹੈ ਅਤੇ ਅੱਗੇ ਹੋਰ ਕਿਹੜੇ ਨਾਂ ਜਾਂ ਤੱਥ ਸਾਹਮਣੇ ਆਉਂਦੇ ਹਨ, ਇਸ ’ਤੇ ਸਭ ਦੀ ਨਜ਼ਰ ਰਹੇਗੀ।
